ਚੰਡੀਗੜ੍ਹ | ਸਰਕਾਰ ਨੇ ਅੰਮ੍ਰਿਤਪਾਲ ਸਿੰਘ ਦਾ ਇੰਸਟਾਗ੍ਰਾਮ ਅਕਾਊਂਟ ਦੁਬਾਰਾ ਬੈਨ ਕਰ ਦਿੱਤਾ ਹੈ। ਅਜਨਾਲਾ ਘਟਨਾਕ੍ਰਮ ਤੋਂ ਬਾਅਦ ਅੰਮ੍ਰਿਤਪਾਲ ਸਿੰਘ ‘ਤੇ ਮੁੜ ਐਕਸ਼ਨ ਲਿਆ ਗਿਆ ਹੈ। ਉਨ੍ਹਾਂ ਦਾ ਦੁਬਾਰਾ ਬਣਾਇਆ ਇੰਸਟਾ ਅਕਾਊਂਟ ਬੰਦ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਵੀ ਉਨ੍ਹਾਂ ਦਾ ਟਵਿਟਰ ਅਕਾਊਂਟ ਬੰਦ ਕਰ ਦਿੱਤਾ ਗਿਆ ਸੀ।
ਅਜਨਾਲਾ ਵਿਚ ਅੰਮ੍ਰਿਤਪਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨਾਲ ਆਪਣੇ ਸਮਰਥਕਾਂ ਸਣੇ ਥਾਣੇ ਪਹੁੰਚਿਆ। ਪੁਲਿਸ ਨੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਭੀੜ ਨੇ ਬੈਰੀਕੇਡ ਤੋੜ ਦਿੱਤੇ ਤੇ ਤਲਵਾਰਾਂ ਤੇ ਬੰਦੂਕਾਂ ਨਾਲ ਥਾਣੇ ‘ਤੇ ਹਮਲਾ ਕਰ ਦਿੱਤਾ, ਜਿਸ ਵਿਚ ਐੱਸਪੀ ਸਣੇ 6 ਪੁਲਿਸ ਮੁਲਾਜ਼ਮ ਜ਼ਖਮੀ ਹੋ ਗਏ। ਇਸ ਤੋਂ ਬਾਅਦ ਕਈ ਘੰਟੇ ਥਾਣੇ ਦੇ ਬਾਹਰ ਡਟੇ ਰਹੇ।
ਅੰਮ੍ਰਿਤਪਾਲ ਸਿੰਘ ਨੇ ਕੇਂਦਰੀ ਮੰਤਰੀ ਅਮਿਤ ਸ਼ਾਹ ਨੂੰ ਧਮਕੀ ਵੀ ਦਿੱਤੀ ਸੀ। ਉਸ ਨੇ ਕਿਹਾ ਕਿ ਸ਼ਾਹ ਦਾ ਹਾਲ ਵੀ ਸਾਬਕਾ ਮੁੱਖ ਮੰਤਰੀ ਇੰਦਰਾ ਗਾਂਧੀ ਵਰਗਾ ਹੋਵੇਗਾ। 1984 ਵਿਚ ਇੰਦਰਾ ਗਾਂਧੀ ਦੀ ਉਨ੍ਹਾਂ ਦੇ ਬਾਡੀਗਾਰਡ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਸ਼ਾਹ ਨੇ ਕੁਝ ਦਿਨ ਪਹਿਲਾਂ ਕਿਹਾ ਸੀ ਕਿ ਪੰਜਾਬ ਵਿਚ ਖਾਲਿਸਤਾਨੀ ਸਮਰਥਕਾਂ ‘ਤੇ ਸਾਡੀ ਸਖਤ ਨਜ਼ਰ ਹੈ।
ਅੰਮ੍ਰਿਤਪਾਲ ਸਿੰਘ ਦੇ ਇੰਸਟਾਗ੍ਰਾਮ ਅਕਾਊਂਟ ਨੂੰ ਭਾਰਤ ਵਿਚ ਬੈਨ ਕਰ ਦਿੱਤਾ ਗਿਆ ਹੈ। ਅਜਨਾਲਾ ਵਿਚ ਪੁਲਿਸ ਥਾਣੇ ‘ਤੇ ਹਮਲੇ ਤੋਂ ਬਾਅਦ ਉਹ ਸਰਕਾਰ ਦੀ ਰਾਡਾਰ ‘ਤੇ ਸੀ। ਅੰਮ੍ਰਿਤਪਾਲ ਦੇ ਨਾਂ ਤੋਂ ਇੰਸਟਾਗ੍ਰਾਮ ‘ਤੇ 35 ਅਕਾਊਂਟ ਹਨ, ਇਨ੍ਹਾਂ ਵਿਚੋਂ ਬਲਿਊ ਟਿਕ ਵਾਲੇ ਅਕਾਊਂਟ ਨੂੰ ਬੰਦ ਕਰ ਦਿੱਤਾ ਗਿਆ ਹੈ।
ਰੂਪਨਗਰ ਜ਼ਿਲ੍ਹੇ ਦੇ ਚਮਕੌਰ ਸਾਹਿਬ ਦੇ ਵਰਿੰਦਰ ਸਿੰਘ ਨੇ ਲਵਪ੍ਰੀਤ ਸਿੰਘ ਤੇ ਅੰਮ੍ਰਿਤਪਾਲ ਸਣੇ ਉਸ ਦੇ 30 ਸਮਰਥਕਾਂ ‘ਤੇ ਅਗਵਾ ਤੇ ਕੁੱਟ-ਮਾਰ ਦੀ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਤੋਂ ਬਾਅਦ ਲਵਪ੍ਰੀਤ ਤੇ ਇਕ ਹੋਰ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ। ਇਕ ਮੁਲਜ਼ਮ ਨੂੰ ਤਾਂ ਪੁਲਿਸ ਨੇ ਪਹਿਲਾਂ ਹੀ ਰਿਹਾਅ ਕਰ ਦਿੱਤਾ ਸੀ ਪਰ ਲਵਪ੍ਰੀਤ ਨੂੰ ਰਿਹਾਅ ਕਰਨ ਲਈ ਅੰਮ੍ਰਿਤਪਾਲ ਨੇ ਥਾਣੇ ਦੇ ਬਾਹਰ ਧਰਨੇ ਦੀ ਚਿਤਾਵਨੀ ਦਿੱਤੀ ਸੀ।