ਗੋਦਾਮਾਂ ‘ਚ ਅਨਾਜ ਦੀ ਹੇਰਾਫੇਰੀ ਰੋਕਣ ਲਈ CCTV ਕੈਮਰੇ ਲਗਾਉਣ ਦੇ ਨਿਰਦੇਸ਼ – ਡੀ. ਪੀ. ਰੈੱਡੀ

0
500


ਚੰਡੀਗੜ੍ਹ | ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਾਰਦਰਸ਼ਤਾ ਨੂੰ ਤਰਜੀਹ ਦੇਣ ਬਾਰੇ ਗੱਲ ਕਰਦਿਆਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਡੀ.ਪੀ. ਰੈੱਡੀ ਨੇ ਅੱਜ ਅਨਾਜ ਦੀ ਸਟੋਰੇਜ਼ ਵਾਲੇ ਗੋਦਾਮਾਂ ਵਿੱਚ ਸੀ.ਸੀ.ਟੀ.ਵੀ. ਲਾਉਣ ਦੇ ਨਿਰਦੇਸ਼ ਦਿੱਤੇ ਹਨ, ਜਿਸ ਨਾਲ ਅਨਾਜ ਦੀ ਹੇਰਾਫੇਰੀ ਵਰਗੀਆਂ ਗਤੀਵਿਧੀਆਂ ਨੂੰ ਨੱਥ ਪਵੇਗੀ।

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਦੇ ਡਾਇਰੈਕਟਰ ਘਣਸ਼ਿਆਮ ਥੋਰੀ ਦੀ ਮੌਜੂਦਗੀ ਵਿੱਚ ਕਮਿਸ਼ਨ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਚੇਅਰਮੈਨ ਨੇ ਇਹ ਵੀ ਕਿਹਾ ਕਿ ਗੋਦਾਮਾਂ ਵਿੱਚ ਵੱਖ-ਵੱਖ ਸਮੇਂ ‘ਤੇ ਕਣਕ ਦੀ ਫਿਜ਼ੀਕਲ ਵੈਰੀਫਿਕੇਸ਼ਨ ਤੋਂ ਇਲਾਵਾ ਵਿਗਿਆਨਕ ਢੰਗ ਨਾਲ ਸਟੋਰੇਜ ਨੂੰ ਵੀ ਯਕੀਨੀ ਬਣਾਇਆ ਜਾਵੇ।

ਇਸ ਤੋਂ ਇਲਾਵਾ ਚੇਅਰਮੈਨ ਨੇ ਅਨਾਜ ਵੰਡ ਪ੍ਰਕਿਰਿਆ ਵਿਚ ਜਵਾਬਦੇਹੀ ਨੂੰ ਯਕੀਨੀ ਬਣਾਉਣ ਲਈ ਹਰੇਕ ਵਾਜਬ ਮੁੱਲ ਦੀ ਦੁਕਾਨ (ਐਫ.ਪੀ.ਐਸ.) ‘ਤੇ ਈਪੀਓਐਸ ਮਸ਼ੀਨਾਂ ਉਪਲਬਧ ਕਰਾਉਣ ਲਈ ਵੀ ਜ਼ੋਰ ਦਿੱਤਾ। ਰੈਡੀ ਨੇ ਕਿਹਾ ਕਿ ਕਮਿਸ਼ਨ ਦੇ ਹੈਲਪਲਾਈਨ ਨੰਬਰਾਂ ਅਤੇ ਵੈੱਬਸਾਈਟ ਨੂੰ ਦਰਸਾਉਣ ਲਈ ਨੋਟਿਸ ਬੋਰਡਾਂ ਨੂੰ ਅਪਡੇਟ ਕਰਨ ਦੇ ਨਾਲ-ਨਾਲ ਵਾਜਬ ਮੁੱਲ ਦੀਆਂ ਦੁਕਾਨਾਂ ਦੇ ਮਾਲਕਾਂ ਦੇ ਕੰਮਕਾਜ ਸਬੰਧੀ ਸ਼ਿਕਾਇਤਾਂ ਦਰਜ ਕਰਵਾਉਣ ਜਾਂ ਸੁਝਾਵਾਂ ਨੂੰ ਪੰਜਾਬੀ ਅਤੇ ਹਿੰਦੀ ਦੋਵਾਂ ਭਾਸ਼ਾਵਾਂ ਵਿੱਚ ਭੇਜਣ ਲਈ ਇੱਕ ਵਿਧੀ ਤਿਆਰ ਕੀਤੀ ਜਾਣੀ ਚਾਹੀਦੀ ਹੈ।


ਅਧਿਕਾਰੀਆਂ ਨੂੰ ਅਜੋਕੀ ਤਕਨਾਲੋਜੀ ਨਾਲ ਰਾਬਤਾ ਬਣਾਉਣ ਲਈ ਪ੍ਰੇਰਿਤ ਕਰਦਿਆਂ ਸ੍ਰੀ ਰੈਡੀ ਨੇ ਕਿਹਾ ਕਿ ਵਾਜਬ ਮੁੱਲ ਦੀਆਂ ਦੁਕਾਨਾਂ ਦੇ ਡੀਲਰਾਂ ਵੱਲੋਂ ਕਮਿਸ਼ਨ ਦੇ ਸੋਸ਼ਲ ਮੀਡੀਆ ਹੈਂਡਲ ਨੂੰ ਫੌਲੋ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਕਮਿਸ਼ਨ ਦੀਆਂ ਗਤੀਵਿਧੀਆਂ ਪ੍ਰਤੀ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕੀਤੀ ਜਾ ਸਕੇ। ਇਸ ਮੌਕੇ ਚੇਅਰਮੈਨ ਨੂੰ ਜਾਣੂੰ ਕਰਵਾਇਆ ਗਿਆ ਕਿ ਪੰਜਾਬ ਦੇ ਸਾਰੇ ਜ਼ਿਲ੍ਹਾ ਕੰਟਰੋਲਰਾਂ ਨੂੰ ਹਦਾਇਤਾਂ ਜਾਰੀ ਕਰਕੇ ਕਿਹਾ ਗਿਆ ਹੈ ਕਿ ਉਹ ਖੇਤਰ ਵਿੱਚ ਕੰਮ ਕਰਨ ਵਾਲੇ ਅਮਲੇ ਅਤੇ ਵਾਜਬ ਮੁੱਲ ਦੀਆਂ ਦੁਕਾਨਾਂ ਦੇ ਮਾਲਕਾਂ ਨੂੰ ਬਾਇਓਮੀਟ੍ਰਿਕ ਪ੍ਰਮਾਣਿਕਤਾ ਅਤੇ ਸਲਿੱਪ ਦੇਣ ਸਮੇਂ ਲਾਭਪਾਤਰੀਆਂ ਨੂੰ ਅਨਾਜ ਵੰਡਣ ਦੀਆਂ ਹਦਾਇਤਾਂ ਜਾਰੀ ਕਰਨ। 


ਇਸ ਮੌਕੇ ਮੈਂਬਰ ਪ੍ਰੀਤੀ ਚਾਵਲਾ, ਇੰਦਰਾ ਗੁਪਤਾ, ਵਿਜੈ ਦੱਤ, ਚੇਤਨ ਪ੍ਰਕਾਸ਼ ਧਾਲੀਵਾਲ, ਕਮਿਸ਼ਨ ਦੇ ਮੈਂਬਰ ਸਕੱਤਰ ਟੀ.ਕੇ. ਗੋਇਲ ਅਤੇ ਡਾਇਰੈਕਟਰ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਘਨਸ਼ਿਆਮ ਥੋਰੀ ਸ਼ਾਮਲ ਹਨ।