ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਪਰਦਾਫਾਸ਼, ਪੁਲਿਸ ਨੇ 2000 ਕਰੋੜ ਦੀ ਕੋਕੀਨ ਸਣੇ 4 ਮੁਲਜ਼ਮ ਕੀਤੇ ਗ੍ਰਿਫਤਾਰ

0
388

ਨਵੀਂ ਦਿੱਲੀ, 2 ਅਕਤੂਬਰ | ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਇੱਕ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਕੋਲੋਂ 560 ਕਿਲੋ ਤੋਂ ਵੱਧ ਕੋਕੀਨ ਬਰਾਮਦ ਕੀਤੀ ਹੈ। ਪੁਲਿਸ ਮੁਤਾਬਕ ਅੰਤਰਰਾਸ਼ਟਰੀ ਬਾਜ਼ਾਰ ‘ਚ ਕੋਕੀਨ ਦੀ ਕੀਮਤ 2000 ਕਰੋੜ ਰੁਪਏ ਤੋਂ ਵੱਧ ਹੈ। ਦਿੱਲੀ ਪੁਲਿਸ ਦਾ ਸਪੈਸ਼ਲ ਸੈੱਲ ਫਿਲਹਾਲ ਨਾਰਕੋ-ਟੇਰਰ ਐਂਗਲ ਦੀ ਜਾਂਚ ਕਰ ਰਿਹਾ ਹੈ।

ਦਾਅਵਾ ਕੀਤਾ ਜਾ ਰਿਹਾ ਹੈ ਕਿ ਰਾਜਧਾਨੀ ਦਿੱਲੀ ‘ਚ ਫੜੀ ਗਈ ਇਹ ਹੁਣ ਤੱਕ ਦੀ ਸਭ ਤੋਂ ਵੱਡੀ ਖੇਪ ਹੈ। ਫਿਲਹਾਲ ਫੜੇ ਗਏ ਚਾਰ ਤਸਕਰਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਮੰਨਿਆ ਜਾ ਰਿਹਾ ਹੈ ਕਿ ਮੁਲਜ਼ਮ ਪੁੱਛ-ਗਿੱਛ ਦੌਰਾਨ ਵੱਡੇ ਭੇਦ ਖੋਲ੍ਹ ਸਕਦੇ ਹਨ।

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਦੀ ਟੀਮ ਨੇ ਦੱਖਣੀ ਦਿੱਲੀ ਦੇ ਮਹਿਰੌਲੀ ਤੋਂ ਚਾਰ ਲੋਕਾਂ ਨੂੰ ਗ੍ਰਿਫ਼ਤਾਰ ਕਰ ਕੇ 565 ਕਿਲੋ ਤੋਂ ਵੱਧ ਵਜ਼ਨ ਵਾਲੀ ਖੇਪ ਜ਼ਬਤ ਕੀਤੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਲੋਕਾਂ ਨੇ ਦਿੱਲੀ ਅਤੇ ਰਾਸ਼ਟਰੀ ਰਾਜਧਾਨੀ ਖੇਤਰ ‘ਚ ਕੋਕੀਨ ਵੇਚਣ ਦੀ ਯੋਜਨਾ ਬਣਾਈ ਸੀ।

ਉਨ੍ਹਾਂ ਕਿਹਾ ਕਿ ਸਪੈਸ਼ਲ ਸੈੱਲ ਦੀ ਟੀਮ ਇੱਕ ਸੂਚਨਾ ਦੇ ਆਧਾਰ ‘ਤੇ ਦੋ ਮਹੀਨਿਆਂ ਤੋਂ ਵੱਧ ਸਮੇਂ ਤੋਂ ਕੰਮ ਕਰ ਰਹੀ ਸੀ, ਜਿਸ ਕਾਰਨ ਤਿਉਹਾਰਾਂ ਦੇ ਸੀਜ਼ਨ ਤੋਂ ਠੀਕ ਪਹਿਲਾਂ ਇਹ ਪਰਦਾਫਾਸ਼ ਕੀਤਾ ਗਿਆ ਸੀ। ਪੁਲਿਸ ਨੇ ਦੱਸਿਆ ਕਿ ਚਾਰੋਂ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਜਾਂਚ ਜਾਰੀ ਹੈ।