ਸਰਕਾਰ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ‘ਚ ਦਖਲ ਦੇਣਾ ਬੜਾ ਮੰਦਭਾਗਾ : ਜਥੇਦਾਰ ਅਕਾਲ ਤਖਤ

0
90

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਕਮੇਟੀ ਨੂੰ  ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਬਾਰੇ ਪੈਦੇ ਹੋਏ ਵਿਵਾਦ ਦਾ ਮਸਲਾ ਆਪਸ ਵਿਚ ਮਿਲ-ਬੈਠ ਕੇ ਹੱਲ ਕਰਨ ਦੇ ਹੁਕਮ ਦਿੱਤੇ ਹਨ।

ਉਨ੍ਹਾਂ ਆਖਿਆ ਹੈ ਕਿ ਗੁਰਬਾਣੀ ਪ੍ਰਸਾਰਣ ਦਾ ਮਾਮਲਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਜੁੜਿਆ ਹੋਇਆ ਹੈ। ਜੇਕਰ ਪ੍ਰਸਾਰਣ ਖੁੱਲ੍ਹਾ ਕਰ ਦਿੱਤਾ ਜਾਵੇਗਾ ਤਾਂ ਮਰਿਆਦਾ ਦਾ ਖਿਆਲ ਰੱਖਣਾ ਮੁਸ਼ਕਲ ਹੋ ਜਾਵੇਗਾ। ਸਰਕਾਰ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਿਚ ਦਖਲ ਦੇਣਾ ਬੜਾ ਮੰਦਭਾਗਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਵਿਚ ਮਤਾ ਲਿਆਉਣਾ ਕੌਮੀ ਸੰਸਥਾ ਨੂੰ ਕਮਜ਼ੋਰ ਕਰ ਵਾਲਾ ਕਦਮ ਹੋਵੇਗਾ। ਅਕਾਲ ਤਖਤ ਸਾਹਿਬ ਵੱਲੋਂ ਪਹਿਲਾਂ ਹੀ ਸ਼੍ਰੋਮਣੀ ਕਮੇਟੀ ਨੂੰ ਪ੍ਰਸਾਰਣ ਬਾਰੇ ਨਿਰਦੇਸ਼ ਦਿੱਤੇ ਸਨ। ਕਮੇਟੀ ਉਸ ਨਿਰਦੇਸ਼ ਨੂੰ ਜਲਦੀ ਤੋਂ ਜਲਦੀ ਲਾਗੂ ਕਰਨ ਦਾ ਯਤਨ ਕਰੇ। ਇਨ੍ਹਾਂ ਹੁਕਮਾਂ ਨੂੰ ਲਾਗੂ ਕਰਨ ਲਈ ਜੋ ਵੀ ਕਾਰਵਾਈ ਹੁਣ ਤੱਕ ਕੀਤੀ ਗਈ ਹੈ, ਉਸ ਨੂੰ ਅਕਾਲ ਤਖਤ ਵਿਖੇ ਪੇਸ਼ ਕੀਤਾ ਜਾਵੇ।

ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਕੱਲ੍ਹ ਸਿੱਖ ਗੁਰਦੁਆਰਾ ਐਕਟ-1925 ਵਿੱਚ ਸੋਧ ਲਈ ਹਰੀ ਝੰਡੀ ਦੇ ਦਿੱਤੀ ਸੀ। ਇਸ ਸੋਧ ਨਾਲ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਨ ਦੇ ਅਧਿਕਾਰ ਸਾਰੇ ਚੈਨਲਾਂ ਨੂੰ ਮੁਫ਼ਤ ’ਚ ਮੁਹੱਈਆ ਕਰਵਾਏ ਜਾ ਸਕਣਗੇ।

ਮੁੱਖ ਮੰਤਰੀ ਨੇ ਕੈਬਨਿਟ ਮੀਟਿੰਗ ਉਪਰੰਤ ਦੱਸਿਆ ਕਿ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੇ ਦੂਜੇ ਦਿਨ ਸਿੱਖ ਗੁਰਦੁਆਰਾ ਐਕਟ-1925 ਵਿੱਚ ਸੋਧ ਲਈ ਬਿੱਲ ਲਿਆਂਦਾ ਜਾਵੇਗਾ, ਜਿਸ ਨੂੰ ਵਿਚਾਰ-ਚਰਚਾ ਉਪਰੰਤ ਪਾਸ ਕੀਤਾ ਜਾਵੇਗਾ।