ਜਲੰਧਰ : ਔਡੀ ਕਾਰ ਨੇ ਈ-ਰਿਕਸ਼ਾ ਸਵਾਰਾਂ ਨੂੰ ਕੁਚਲਿਆ, 3 ਦੀ ਹੋਈ ਮੌਤ

0
453

ਜਲੰਧਰ, 31 ਜਨਵਰੀ| ਜਲੰਧਰ ‘ਚ ਬੀਤੀ ਰਾਤ ਨੂੰ ਹੋਏ ਭਿਆਨਕ ਸੜਕ ਹਾਦਸੇ ‘ਚ 3 ਲੋਕਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਦੋ ਵਿਅਕਤੀ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੇ ਹਨ। ਉਨ੍ਹਾਂ ਦਾ ਇਲਾਜ ਸਿਵਲ ਹਸਪਤਾਲ ਜਲੰਧਰ ਵਿਚ ਚੱਲ ਰਿਹਾ ਹੈ। ਇਹ ਹਾਦਸਾ ਜਲੰਧਰ-ਅੰਮ੍ਰਿਤਸਰ ਹਾਈਵੇ ‘ਤੇ ਵਿਧੀਪੁਰ ਰੇਲਵੇ ਕਰਾਸਿੰਗ ਨੇੜੇ ਵਾਪਰਿਆ। ਪੁਲਿਸ ਨੇ ਤਿੰਨਾਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿਤਾ ਹੈ। ਇਹ ਪੰਜੇ ਵਿਅਕਤੀ ਈ-ਰਿਕਸ਼ਾ ਵਿੱਚ ਸਵਾਰ ਹੋ ਕੇ ਜਾ ਰਹੇ ਸਨ ਅਤੇ ਇੱਕ ਤੇਜ਼ ਰਫ਼ਤਾਰ ਔਡੀ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ।

 

ਮ੍ਰਿਤਕਾਂ ਦੀ ਪਛਾਣ ਪਰਮਜੀਤ ਸਿੰਘ, ਜਗਦੀਸ਼ ਚੰਦਰਅਤੇ ਪੰਕਜ ਵਜੋਂ ਹੋਈ ਹੈ। ਹਾਦਸੇ ਵਿੱਚ ਹਰਪ੍ਰੀਤ ਸਿੰਘ ਉਰਫ਼ ਹੈਪੀ ਅਤੇ ਗੋਵਿੰਦਾ ਵਾਸੀ ਨੂਰਪੁਰ ਕਲੋਨੀ ਜ਼ਖ਼ਮੀ ਹੋ ਗਏ। ਮਕਸੂਦਾਂ ਥਾਣੇ ਦੇ ਜਾਂਚ ਅਧਿਕਾਰੀ ਜਤਿੰਦਰ ਕੁਮਾਰ ਨੇ ਦੱਸਿਆ ਕਿ ਤਿੰਨ ਲੋਕਾਂ ਦੀ ਮੌਤ ਦੀ ਪੁਸ਼ਟੀ ਹੋ ​​ਗਈ ਹੈ।
ਔਡੀ ਕਾਰ ਨੇ ਈ-ਰਿਕਸ਼ਾ ਨੂੰ ਟੱਕਰ ਮਾਰ ਦਿੱਤੀ ਅਤੇ ਫਿਰ ਸੜਕ ਵਾਲੇ ਪਾਸੇ ਡਿਵਾਈਡਰ ਨਾਲ ਟਕਰਾ ਕੇ ਕਾਰ ਰੁਕ ਗਈ। ਇਸ ਤੋਂ ਬਾਅਦ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਔਡੀ ਚਾਲਕ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇਗਾ।

 

ਪੁਲਿਸ ਵਲੋਂ ਮੁੱਢਲੀ ਪੜਤਾਲ ਦੌਰਾਨ ਜਦੋਂ ਔਡੀ ਕਾਰ ਦੀ ਨੰਬਰ ਪਲੇਟ ਦੀ ਜਾਂਚ ਕੀਤੀ ਗਈ ਤਾਂ ਪਤਾ ਲੱਗਾ ਕਿ ਉਕਤ ਕਾਰ ਚੰਡੀਗੜ੍ਹ ਦੀ ਇੱਕ ਪ੍ਰਾਈਵੇਟ ਲਿਮਟਿਡ ਕੰਪਨੀ ਦੇ ਨਾਂ ’ਤੇ ਰਜਿਸਟਰਡ ਹੈ। ਪੁਲਿਸ ਕੰਪਨੀ ਨੂੰ ਹਾਦਸੇ ਬਾਰੇ ਸੂਚਿਤ ਕਰੇਗੀ। ਉਥੋਂ ਪੁਲਿਸ ਨੂੰ ਇਹ ਜਾਣਕਾਰੀ ਮਿਲੇਗੀ ਕਿ ਹਾਦਸੇ ਦੇ ਸਮੇਂ ਉਕਤ ਵਾਹਨ ਕੌਣ ਚਲਾ ਰਿਹਾ ਸੀ। ਜਿਸ ਤੋਂ ਬਾਅਦ ਕਾਰ ਚਲਾ ਰਹੇ ਵਿਅਕਤੀ ਦੇ ਖਿਲਾਫ ਐਫਆਈਆਰ ਦਰਜ ਕੀਤੀ ਜਾਵੇਗੀ।