ਜਲੰਧਰ, 28 ਜਨਵਰੀ | ਸ਼ਹਿਰ ਦੇ ਰੁਝੇਵਿਆਂ ਵਾਲੇ ਬੀ.ਐਸ.ਐਫ. ਚੌਂਕ ‘ਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕ ਸਕੂਟੀ ਸਵਾਰ ਨੌਜਵਾਨ ਦੀ ਜਾਨ ਚਲੀ ਗਈ। ਤੇਜ਼ ਰਫ਼ਤਾਰ ਪੰਜਾਬ ਰੋਡਵੇਜ਼ ਦੀ ਬੱਸ ਨੇ ਸੜਕ ਪਾਰ ਕਰ ਰਹੇ ਨੌਜਵਾਨ ਨੂੰ ਦਰੜ ਦਿੱਤਾ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਚਸ਼ਮਦੀਦਾਂ ਅਨੁਸਾਰ ਟੱਕਰ ਇੰਨੀ ਜ਼ਬਰਦਸਤ ਸੀ ਕਿ ਨੌਜਵਾਨ ਬੱਸ ਦੇ ਟਾਇਰ ਹੇਠਾਂ ਆ ਗਿਆ। ਘਟਨਾ ਤੋਂ ਤੁਰੰਤ ਬਾਅਦ ਟ੍ਰੈਫਿਕ ਪੁਲਿਸ ਅਤੇ ਥਾਣਾ ਬਾਰਾਦਰੀ ਦੀ ਟੀਮ ਮੌਕੇ ‘ਤੇ ਪਹੁੰਚੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭਿਜਵਾ ਦਿੱਤਾ ਹੈ।
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਹਾਦਸਾਗ੍ਰਸਤ ਬੱਸ ਨੂੰ ਜ਼ਬਤ ਕਰ ਲਿਆ ਗਿਆ ਹੈ। ਮ੍ਰਿਤਕ ਦੀ ਪਛਾਣ ਅਜੇ ਤੱਕ ਨਹੀਂ ਹੋ ਸਕੀ ਹੈ। ਪੁਲਿਸ ਮੁਤਾਬਕ ਨੌਜਵਾਨ ਦੀ ਸ਼ਨਾਖਤ ਹੋਣ ਅਤੇ ਵਾਰਸਾਂ ਦੇ ਬਿਆਨ ਦਰਜ ਕਰਨ ਤੋਂ ਬਾਅਦ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।