ਹੁਣ ਜਲੰਧਰ ਦੇ ਕੰਨਟੇਨਮੈਂਟ ਅਤੇ ਮਾਈਕਰੋ ਕੰਨਟੇਨਮੈਂਟ ਜ਼ੋਨਾਂ ‘ਚ ਹੋਵੇਗੀ ਕਰਫ਼ਿਊ ਵਰਗੀ ਸਖ਼ਤੀ – ਡੀਸੀ

0
1380

ਕੇਵਲ ਡਾਕਟਰੀ ਅਤੇ ਜਰੂਰੀ ਚੀਜ਼ਾਂ ਦੀ ਸਪਲਾਈ ਵਾਲੀਆਂ ਟੀਮਾਂ ਨੂੰ ਹੀ ਇਨਾਂ ਖੇਤਰਾਂ ‘ਚ ਜਾਣ ਦੀ ਆਗਿਆ

ਜਲੰਧਰ . ਕੋਰੋਨਾ ਮਹਾਂਮਾਰੀ ਦੇ ਸ਼ਹਿਰ ਵਿਚ ਲਗਾਤਾਰ ਵੱਧਦੇ ਮਾਮਲੇ ਦੇਖਦੇ ਹੋਏ ਡਿਪਟੀ ਕਮਿਸ਼ਨਰ ਜਲੰਧਰ ਘਨਸ਼ਿਆਮ ਥੋਰੀ ਨੇ ਅਧਿਕਾਰੀਆਂ ਨੂੰ ਨਵੀਆਂ ਹਦਾਇਤ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਕੰਟੇਨਮੈਂਟ ਅਤੇ ਮਾਈਕਰੋ ਕੰਟੇਨਮੈਂਟ ਖੇਤਰਾਂ ਵਿੱਚ ਕੋਵਿਡ-19 ਨੂੰ ਫੈਲਣ ਤੋਂ ਰੋਕਣ ਲਈ ਇਨ੍ਹਾਂ ਖੇਤਰਾਂ ਵਿੱਚ ਕਰਫ਼ਿਊ ਵਰਗੀਆਂ ਸਖ਼ਤੀ ਨੂੰ ਯਕੀਨੀ ਬਣਾਇਆ ਜਾਵੇ।

ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੰਟੇਨਮੈਂਟ ਅਤੇ ਮਾਈਕਰੋ ਕੰਨਟੈਨਮੈਂਟ ਜ਼ੋਨਾਂ ਵਿੱਚ ਕੋਵਿਡ-19 ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਬਾਜ਼ ਅੱਖ ਰੱਖਦਿਆਂ ਪੂਰੀ ਸਖ਼ਤੀ ਵਰਤੀ ਜਾਵੇ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਤਰਾਂ ਵਿੱਚ ਮੈਡੀਕਲ ਅਤੇ ਜਰੂਰੀ ਚੀਜ਼ਾਂ ਦੀ ਸਪਲਾਈ ਵਾਲੀਆਂ ਟੀਮਾਂ ਤੋਂ ਇਲਾਵਾ ਹੋਰਨਾਂ ਦੇ ਬਾਹਰ ਆਉਣ ਤੇ ਜਾਣ ਨੂੰ ਪੂਰੀ ਤਰ੍ਹਾਂ ਸੀਲ ਕਰ ਦੇਣਾ ਚਾਹੀਦਾ ਹੈ।

ਡੀਸੀ ਨੇ ਕਿਹਾ ਕਿ ਲੋਕਾਂ ਨੂੰ ਮੈਡੀਕਲ ਜਰੂਰਤ ਸਮੇਂ ਹੀ ਬਾਹਰ ਆਉਣ ਦੀ ਆਗਿਆ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸਰਵੇ ਲਈ ਘਰ-ਘਰ ਜਾਣ ਵਾਲੇ ਸਿਹਤ ਵਰਕਰਾਂ ਵਲੋਂ ਸਖ਼ਤੀ ਨਾਲ ਮਾਪਦੰਡਾਂ ਨੂੰ ਅਪਣਾਉਣ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਇਨ੍ਹਾਂ ਖੇਤਰਾਂ ਵਿੱਚ ਕਿਸੇ ਵੀ ਵਾਹਨ ਅਤੇ ਵਿਅਕਤੀ ਦੀ ਗਤੀਵਿਧੀ ਨੂੰ ਨਾ ਹੋਣ ਦਿੱਤਾ ਜਾਵੇ।

ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਗ਼ਰੀਬ ਲੋਕਾਂ ਦੇ ਘਰਾਂ ਤੱਕ ਰਾਸ਼ਨ ਅਤੇ ਜਰੂਰੀ ਚੀਜ਼ਾਂ ਦੀ ਸਪਲਾਈ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਉਨਾਂ ਨੂੰ ਰਾਸ਼ਨ ਸਬੰਧੀ ਕੋਈ ਸਮੱਸਿਆ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਕੰਟੇਨਮੈਂਟ ਜ਼ੋਨਾਂ ਵਿੱਚ ਨਿਯਮਾਂ ਦੀ ਕਿਸੇ ਵੀ ਪ੍ਰਕਾਰ ਦੀ ਉਲੰਘਣਾ ਨੂੰ ਸਖ਼ਤੀ ਨਾਲ ਨਿਪਟਿਆ ਜਾਵੇ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਲਈ ਉਸ ਖੇਤਰ ਦੇ ਅਧਿਕਾਰੀ ਦੀ ਜਵਾਬਦੇਹੀ ਹੋਵੇਗੀ।

ਥੋਰੀ ਨੇ ਕਿਹਾ ਕਿ ਸੂਬਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਇਕ ਅਦ੍ਰਿਸ਼ ਦੁਸ਼ਮਣ ਖਿਲਾਫ਼ ਜੰਗ ਲੜ ਰਿਹਾ ਹੈ ਅਤੇ ਅਧਾਕਰੀਆਂ ਵਲੋਂ ਪਹਿਲਾਂ ਹੀ ਬਹੁਤ ਸਖ਼ਤ ਡਿਊਟੀ ਨਿਭਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਚੁਣੌਤੀਆਂ ਪੂਰਨ ਹਲਾਤਾਂ ਦੇ ਬਾਵਜੂਦ ਵੀ ਸਾਰੇ ਅਧਿਕਾਰੀਆਂ ਵਲੋਂ ਬੜੇ ਉਤਸ਼ਾਹ ਨਾਲ ਡਿਊਟੀ ਨਿਭਾਈ ਜਾ ਰਹੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਕੋਵਿਡ-19 ਮਹਾਂਮਾਰੀ ਖਿਲਾਫ਼ ਡਿਊਟੀ ਨੂੰ ਲਗਾਤਾਰ ਜਾਰੀ ਰੱਖਿਆ ਜਾਵੇ ਜੋ ਕਿ ਪੂਰੇ ਵਿਸ਼ਵ ਲਈ ਵੱਡਾ ਖ਼ਤਰਾ ਬਣੀ ਹੋਈ ਹੈ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਤੇ ਜਸਬੀਰ , ਡਿਪਟੀ ਕਮਿਸ਼ਨਰ ਪੁਲਿਸ ਡੀ ਸੁਧਰਵਿਜ਼ੀ, ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਹਰਚਰਨ ਸਿੰਘ, ਉਪ ਮੰਡਲ ਮੈਜਿਸਟਰੇਟ ਜਲੰਧਰ-1 ਡਾ.ਜੈ ਇੰਦਰ ਸਿੰਘ, ਸਹਾਇਕ ਸਿਵਲ ਸਰਜਨ ਡਾ.ਗੁਰਮੀਤ ਕੌਰ ਦੁੱਗਲ ਅਤੇ ਹੋਰ ਵੀ ਹਾਜ਼ਰ ਸਨ।