ਜਲੰਧਰ . ਪਿੰਡਾਂ ਵਿੱਚ ਸ਼ਹਿਰਾਂ ਵਰਗਾ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਤਹਿਤ ਸੂਬਾ ਸਰਕਾਰ ਵਲੋਂ ਬਲਾਕ ਆਦਮਪੁਰ ਦੇ 38 ਪਿੰਡਾਂ ਦੀਆਂ ਸੜਕਾਂ/ਗਲੀਆਂ ਦੀ ਨੁਹਾਰ ਬਦਲਣ ਲਈ 2.25 ਕਰੋੜ ਰੁਪਏ ਖ਼ਰਚੇ ਜਾਣਗੇ। ਆਦਮਪੁਰ ਬਲਾਕ ਦੇ ਇਨ੍ਹਾਂ 38 ਪਿੰਡਾਂ ਵਿੱਚ ਕੰਕਰੀਟ ਦੀਆਂ ਇੰਟਰਲਾਕਿੰਗ ਟਾਈਲਾਂ ਲਗਾਉਣ ‘ਤੇ ਇਹ ਰਾਸ਼ੀ ਮਹਾਤਮਾ ਗਾਂਧੀ ਕੌਮੀ ਪੇਂਡੂ ਰੋਜ਼ਗਾਰ ਗਾਰੰਟੀ ਕਾਨੂੰਨ ਅਤੇ ਹੋਰ ਸਕੀਮਾਂ ਤਹਿਤ ਖ਼ਰਚ ਕੀਤੀ ਜਾਵੇਗੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੇਂਡੂ ਖੇਤਰਾਂ ਦੇ ਨੁਹਾਰ ਬਦਲਣ ਲਈ ਵਚਨਬੱਧ ਹੈ ਅਤੇ ਸੜਕਾਂ/ਗਲੀਆਂ ਵਿੱਚ ਸੁਧਾਰ ਲਿਆਉਣ ਵੱਲ ਵੱਧ ਤੋਂ ਵੱਧ ਤਰਜੀਹ ਦਿੱਤੀ ਜਾ ਰਹੀ ਹੈ।
ਸਾਰੰਗਲ ਨੇ ਦੱਸਿਆ ਕਿ ਆਦਮਪੁਰ ਬਲਾਕ ਦੇ 38 ਪਿੰਡਾਂ ਦੀਆਂ 73 ਤੋਂ ਜ਼ਿਆਦਾ ਗਲੀਆਂ ਵਿੱਚ ਕੰਕਰੀਟ ਦੀਆਂ ਇੰਟਰਲਾਕਿੰਗ ਟਾਈਲਾਂ ਲਗਾਈਆਂ ਜਾਣਗੀਆਂ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਧਿਕਾਰੀਆਂ ਨੂੰ ਸਪਸ਼ਟ ਦਿਸ਼ਾ ਨਿਰਦੇਸ਼ ਦਿੱਤੇ ਗਏ ਹਨ ਕਿ ਅਪਣੀ ਡਿਊਟੀ ਪੂਰੀ ਸਮਰੱਥਾ ਨਾਲ ਨਿਭਾਉਣ ਅਤੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਵੱਡੇ ਪੱਧਰ ‘ਤੇ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ।
ਸਾਰੰਗਲ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਹਿਲਾਂ ਹੀ ਜ਼ਿਲ੍ਹੇ ਦੇ ਸਾਰੇ ਬਲਾਕਾਂ ਦੇ ਪਿੰਡਾਂ ਵਿੱਚ ਸਰਵਪੱਖੀ ਵਿਕਾਸ ਲਈ ਵਿਆਪਕ ਰਣਨੀਤੀ ਬਣਾਈ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜਨ ਲਈ ਸੁਚਾਰੂ ਕਾਰਜ ਪ੍ਰਣਾਲੀ ਨੂੰ ਅਪਣਾਇਆ ਗਿਆ ਹੈ।
ਸਾਰੰਗਲ ਨੇ ਦੱਸਿਆ ਕਿ ਮਹਾਤਮਾ ਗਾਂਧੀ ਕੌਮੀ ਪੇਂਡੂ ਰੋਜ਼ਗਾਰ ਗਾਰੰਟੀ ਐਕਟ ਤਹਿਤ ਲੋਕਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਮੁਹੱਈਆ ਕਰਵਾਉਣ ਵੱਲ ਖਾਸ ਤਵੱਜੋਂ ਦਿੱਤੀ ਜਾ ਰਹੀ ਹੈ।