ਜਲੰਧਰ, 15 ਨਵੰਬਰ | ਕਮਿਸ਼ਨਰੇਟ ਪੁਲਿਸ ਨੇ ਅੰਤਰਰਾਸ਼ਟਰੀ ਨਸ਼ਾ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ 1400 ਕਿਲੋ ਚੂਰਾ ਪੋਸਤ ਬਰਾਮਦ ਕੀਤਾ ਹੈ। ਇਸ ਮਾਮਲੇ ਵਿਚ ਤਿੰਨ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸ ਦੇ ਨਾਲ ਹੀ ਪੁਲਿਸ ਨੇ ਦੋ ਗੱਡੀਆਂ ਬਰਾਮਦ ਕੀਤੀਆਂ ਹਨ, ਜਿਨ੍ਹਾਂ ਵਿਚ ਉਕਤ ਨਸ਼ੀਲਾ ਪਦਾਰਥ ਇਧਰੋਂ ਉਧਰ ਲਿਜਾਇਆ ਜਾ ਰਿਹਾ ਸੀ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਫੜੇ ਗਏ ਮੁਲਜ਼ਮ ਅੰਤਰਰਾਸ਼ਟਰੀ ਨਸ਼ਾ ਤਸਕਰਾਂ ਨਾਲ ਜੁੜੇ ਹੋਏ ਹਨ। ਬੈਕਵਰਡ ਅਤੇ ਫਾਰਵਰਡ ਲਿੰਕਾਂ ਦਾ ਪਤਾ ਲਗਾਉਣ ਲਈ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ।

ਜਲੰਧਰ ਕਮਿਸ਼ਨਰੇਟ ਦੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਇਹ ਕਾਰਵਾਈ ਸੀ.ਆਈ.ਏ ਸਟਾਫ਼ ਵੱਲੋਂ ਕੀਤੀ ਗਈ ਹੈ। ਪੁਲਿਸ ਨੂੰ ਮੁਲਜ਼ਮਾਂ ਖ਼ਿਲਾਫ਼ ਸੂਚਨਾ ਮਿਲੀ ਸੀ, ਜਿਸ ਦੇ ਆਧਾਰ ‘ਤੇ ਇਹ ਕਾਰਵਾਈ ਕੀਤੀ ਗਈ। ਦੋਵੇਂ ਮੁਲਜ਼ਮ ਜਲੰਧਰ ਦੇ ਰਹਿਣ ਵਾਲੇ ਹਨ। ਮੁਲਜ਼ਮ ਮੱਧ ਪ੍ਰਦੇਸ਼, ਝਾਰਖੰਡ ਅਤੇ ਰਾਜਸਥਾਨ ਤੋਂ ਨਸ਼ੇ ਦੀ ਖੇਪ ਲਿਆਉਂਦੇ ਸਨ। ਮੁਲਜ਼ਮਾਂ ਦੇ ਗੁਜਰਾਤ ਦੇ ਕੁਝ ਸਮੱਗਲਰਾਂ ਨਾਲ ਵੀ ਸਬੰਧ ਹਨ, ਜਿਸ ਨਾਲ ਦੋਸ਼ੀ ਵਿਦੇਸ਼ਾਂ ‘ਚ ਅਫੀਮ ਸਪਲਾਈ ਕਰਦੇ ਸਨ।

ਮੁਲਜ਼ਮਾਂ ਨੂੰ ਜਲੰਧਰ ਕਮਿਸ਼ਨਰੇਟ ਪੁਲਿਸ ਦੀਆਂ ਟੀਮਾਂ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦੀ ਜਾਣਕਾਰੀ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰ ਕੇ ਦਿੱਤੀ। ਮੁਲਜ਼ਮਾਂ ਕੋਲੋਂ ਬਰਾਮਦ ਕੀਤੀਆਂ ਗਈਆਂ ਨਸ਼ੀਲੀਆਂ ਗੋਲੀਆਂ ਬੋਰੀਆਂ ਵਿਚ ਪੈਕ ਕੀਤੀਆਂ ਗਈਆਂ ਸਨ। ਪੁਲਿਸ ਜਲਦ ਹੀ ਦੋਸ਼ੀਆਂ ਨੂੰ ਅਦਾਲਤ ‘ਚ ਪੇਸ਼ ਕਰ ਕੇ ਰਿਮਾਂਡ ‘ਤੇ ਲੈ ਕੇ ਪੁੱਛਗਿੱਛ ਕਰੇਗੀ ਕਿ ਦੋਸ਼ੀ ਇੰਨਾ ਨਸ਼ਾ ਕਿੱਥੋਂ ਲੈ ਕੇ ਆਏ ਸਨ ਅਤੇ ਕਿੱਥੇ ਵੇਚਦੇ ਸਨ।

(Note : ਜਲੰਧਰ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/MV24q ਜਾਂ ਵਟਸਐਪ ਚੈਨਲ https://shorturl.at/AXVJ9 ਨਾਲ ਜ਼ਰੂਰ ਜੁੜੋ।)