ਜਲੰਧਰ : ਕੁਝ ਮਿੰਟਾਂ ਲਈ ਘਰੋਂ ਗਿਆ ਪਰਿਵਾਰ, ਪਿਛੋਂ ਚੋਰਾਂ ਨੇ ਲੱਖਾਂ ਰੁਪਏ ‘ਤੇ ਕਰਤਾ ਹੱਥ ਸਾਫ

0
277

ਜਲੰਧਰ, 11 ਨਵੰਬਰ | ਦਿਨ-ਬ-ਦਿਨ ਲੁੱਟ-ਖੋਹ ਦੀਆਂ ਘਟਨਾਵਾਂ ‘ਚ ਵਾਧਾ ਹੋ ਰਿਹਾ ਹੈ। ਅੱਜ ਜਲੰਧਰ ਦੇ ਆਬਾਦਪੁਰਾ ਦੀ ਗਲੀ ਨੰਬਰ 1 ਵਿਚ ਚੋਰਾਂ ਨੇ ਦਿਨ ਦਿਹਾੜੇ ਵਾਰਦਾਤ ਨੂੰ ਅੰਜਾਮ ਦਿੱਤਾ ਅਤੇ ਫਰਾਰ ਹੋ ਗਏ। ਜਾਣਕਾਰੀ ਅਨੁਸਾਰ ਜਦੋਂ ਪਰਿਵਾਰ ਮਹਿਜ਼ 10 ਮਿੰਟ ਲਈ ਘਰੋਂ ਬਾਹਰ ਗਿਆ ਤਾਂ ਪਿੱਛੋਂ ਚੋਰ ਲੱਖਾਂ ਦੀ ਨਕਦੀ ਚੋਰੀ ਕਰ ਕੇ ਫਰਾਰ ਹੋ ਗਏ। ਇਸ ਸਬੰਧੀ ਪਰਿਵਾਰਕ ਮੈਂਬਰਾਂ ਨੇ ਪੁਲਿਸ ਨੂੰ ਸੂਚਿਤ ਕਰ ਦਿੱਤਾ ਹੈ ਅਤੇ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਆਸਪਾਸ ਦੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ।

ਜਾਣਕਾਰੀ ਦਿੰਦੇ ਹੋਏ ਵੇਦ ਪ੍ਰਕਾਸ਼ ਨੇ ਦੱਸਿਆ ਕਿ ਉਹ ਕਰੀਬ 10 ਮਿੰਟ ਲਈ ਘਰੋਂ ਕੋਈ ਸਾਮਾਨ ਲੈਣ ਗਿਆ ਸੀ ਅਤੇ ਜਦੋਂ ਵਾਪਸ ਆਇਆ ਤਾਂ ਉਸ ਦੀ ਪਤਨੀ ਨੇ ਦੱਸਿਆ ਕਿ ਘਰ ਦੇ ਗੇਟ ਦਾ ਤਾਲਾ ਟੁੱਟਿਆ ਹੋਇਆ ਸੀ। ਫਿਰ ਉਸ ਨੇ ਤੁਰੰਤ ਅੰਦਰ ਜਾ ਕੇ ਦੇਖਿਆ ਕਿ ਘਰ ਦਾ ਸਾਮਾਨ ਖਿਲਰਿਆ ਪਿਆ ਸੀ। ਜਦੋਂ ਉਨ੍ਹਾਂ ਨੇ ਚੈਕਿੰਗ ਕੀਤੀ ਤਾਂ ਪਤਾ ਲੱਗਾ ਕਿ ਘਰ ‘ਚੋਂ ਕਰੀਬ 6 ਤੋਂ 7 ਲੱਖ ਰੁਪਏ ਦੀ ਨਕਦੀ ਚੋਰੀ ਹੋ ਚੁੱਕੀ ਹੈ। ਉਸ ਨੇ ਦੱਸਿਆ ਕਿ ਜਦੋਂ ਆਸ-ਪਾਸ ਲੱਗੇ ਸੀ.ਸੀ.ਟੀ.ਵੀ ਕੈਮਰਿਆਂ ਦੀ ਤਲਾਸ਼ੀ ਲਈ ਗਈ ਤਾਂ ਉਸ ‘ਚ ਦੇਖਿਆ ਕਿ ਬੜੀ ਤਸੱਲੀ ਨਾਲ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ।

ਮੌਕੇ ‘ਤੇ ਮੌਜੂਦ ਇਲਾਕਾ ਨਿਵਾਸੀਆਂ ਦਾ ਕਹਿਣਾ ਹੈ ਕਿ ਇਸ ਇਲਾਕੇ ‘ਚ ਪਹਿਲਾਂ ਵੀ ਕਈ ਚੋਰੀਆਂ ਹੋ ਚੁੱਕੀਆਂ ਹਨ ਪਰ ਇਸ ਦੇ ਬਾਵਜੂਦ ਪੁਲਿਸ ਪ੍ਰਸ਼ਾਸਨ ਵਲੋਂ ਕਿਸੇ ਨੂੰ ਵੀ ਗ੍ਰਿਫਤਾਰ ਨਹੀਂ ਕੀਤਾ ਗਿਆ ਅਤੇ ਹੁਣ ਤੱਕ ਜੋ ਵੀ ਚੋਰੀ ਹੋਈ ਹੈ, ਉਸ ਦਾ ਕੋਈ ਸੁਰਾਗ ਨਹੀਂ ਲੱਗਾ ਹੈ।

ਮੌਕੇ ‘ਤੇ ਪਹੁੰਚੇ ਥਾਣਾ ਡਵੀਜ਼ਨ ਨੰਬਰ 6 ਦੇ ਜਾਂਚ ਅਧਿਕਾਰੀ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਆਬਾਦਪੁਰਾ ਗਲੀ ਨੰਬਰ 1 ‘ਚ ਸਥਿਤ ਇਕ ਘਰ ‘ਚ ਚੋਰੀ ਹੋ ਗਈ ਹੈ, ਜਿਸ ਤੋਂ ਬਾਅਦ ਮੌਕੇ ‘ਤੇ ਆ ਕੇ ਮਾਮਲਾ ਦਰਜ ਕਰ ਲਿਆ ਗਿਆ। ਸੀਸੀਟੀਵੀ ਫੁਟੇਜ ਲੈ ਕੇ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

(Note : ਜਲੰਧਰ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/MV24q ਜਾਂ ਵਟਸਐਪ ਚੈਨਲ https://shorturl.at/AXVJ9 ਨਾਲ ਜ਼ਰੂਰ ਜੁੜੋ।)