ਸ੍ਰੀ ਅਕਾਲ ਤਖ਼ਤ ਸਾਹਿਬ ਦੀਆਂ ਹਦਾਇਤਾਂ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਦੇਸ਼ ਜਾਣ ਲਈ ਗੁਰਦੁਆਰਿਆਂ ‘ਚ ਖਿਡੌਣੇ ਚੜ੍ਹਾਉਣ ਦੀ ਪ੍ਰਥਾ ‘ਤੇ ਰੋਕ ਲਗਾਏਗੀ। ਸ੍ਰੀ ਹਰਿਮੰਦਰ ਸਾਹਿਬ ਅਤੇ ਹੋਰ ਗੁਰਦੁਆਰਿਆਂ ਵਿੱਚ ਹਵਾਈ ਜਹਾਜ਼ ਵਰਗੇ ਖਿਡੌਣੇ ਚੜ੍ਹਾਉਣ ਦੀ ਪ੍ਰਥਾ ਨੂੰ ਰੋਕਣ ਲਈ ਸੇਵਾਦਾਰਾਂ ਨੂੰ ਹਦਾਇਤਾਂ ਵੀ ਦਿੱਤੀਆਂ ਜਾ ਰਹੀਆਂ ਹਨ ਅਤੇ ਲੋਕਾਂ ਨੂੰ ਇਸ ਸਬੰਧੀ ਜਾਗਰੂਕ ਵੀ ਕੀਤਾ ਜਾਵੇਗਾ।

ਪ੍ਰਾਪਤ ਜਾਣਕਾਰੀ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੀਤੇ ਦਿਨੀਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਰਘਬੀਰ ਸਿੰਘ ਨਾਲ ਮੁਲਾਕਾਤ ਕੀਤੀ ਸੀ। ਇਸ ਦੌਰਾਨ ਦੇਸ਼ ਵਿੱਚ ਹੋ ਰਹੇ ਫਿਰਕੂ ਦੰਗਿਆਂ ਬਾਰੇ ਚਰਚਾ ਕੀਤੀ ਗਈ। ਪਰ ਇਸ ਦੌਰਾਨ ਪੰਜਾਬ ਤੋਂ ਬਾਹਰ ਜਾ ਰਹੇ ਨੌਜਵਾਨਾਂ ਬਾਰੇ ਵੀ ਵਿਚਾਰ ਕੀਤਾ ਗਿਆ।

ਇਸ ਦੌਰਾਨ ਵਿਦੇਸ਼ ਜਾਣ ਅਤੇ ਵੀਜ਼ੇ ਲੈਣ ਲਈ ਗੁਰਦੁਆਰਿਆਂ ਵਿੱਚ ਖਿਡੌਣੇ ਦੇ ਜਹਾਜ਼ ਚੜ੍ਹਾਉਣ ਦੀ ਪ੍ਰਥਾ ਨੂੰ ਰੋਕਣ ਬਾਰੇ ਵੀ ਵਿਚਾਰ ਕੀਤਾ ਗਿਆ।

ਹਰਿਮੰਦਰ ਸਾਹਿਬ ਵਿੱਚ ਵੀ ਚੜ੍ਹਦੇ ਹਨ ਖਿਡੌਣਾ ਜਹਾਜ਼
ਜਲੰਧਰ ਦੇ ਇੱਕ ਗੁਰਦੁਆਰੇ ਵਿੱਚ ਲੋਕ ਵਿਦੇਸ਼ ਜਾਣ ਲਈ ਖਿਡੌਣੇ ਦਾ ਜਹਾਜ਼ ਚੜ੍ਹਾਉਂਦੇ ਹਨ। ਇਹ ਰੁਝਾਨ ਇੰਨਾ ਵਧ ਗਿਆ ਹੈ ਕਿ ਲੋਕ ਇਸ ਗੁਰਦੁਆਰੇ ਨੂੰ ਏਅਰੋਪਲੇਨ ਗੁਰਦੁਆਰਾ ਕਹਿਣ ਲੱਗ ਪਏ ਹਨ। ਇਹ ਪ੍ਰਥਾ ਹੁਣ ਹਰਿਮੰਦਰ ਸਾਹਿਬ ਵਿੱਚ ਵੀ ਸ਼ੁਰੂ ਹੋ ਗਈ ਹੈ। ਹਾਲ ਹੀ ‘ਚ ਗੋਲਡਨ ਟੈਂਪਲ ਦੀ ਇਕ ਤਸਵੀਰ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਸੀ।

ਸੇਵਾਦਾਰਾਂ ਨੂੰ ਅਜਿਹਾ ਕਰਨ ਤੋਂ ਰੋਕਣ ਦੇ ਨਿਰਦੇਸ਼ ਦਿੱਤੇ
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹਦਾਇਤਾਂ ਮਿਲਣ ਤੋਂ ਬਾਅਦ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਨੇ ਮੁਲਾਜ਼ਮਾਂ ਤੇ ਸੇਵਾਦਾਰਾਂ ਨੂੰ ਅਜਿਹੀ ਪ੍ਰਥਾ ਨੂੰ ਰੋਕਣ ਲਈ ਸਖ਼ਤ ਹਦਾਇਤ ਕੀਤੀ ਹੈ। ਇਸ ਦੇ ਨਾਲ ਹੀ ਜਲਦੀ ਹੀ ਐਸਜੀਪੀਸੀ ਵੀ ਇਸ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਯੋਜਨਾ ਤਿਆਰ ਕਰੇਗੀ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ)