ਮੋਰਿੰਡਾ ਬੇਅਦਬੀ ਘਟਨਾ ‘ਤੇ ਜਥੇਦਾਰ ਨੇ ਪ੍ਰਗਟਾਈ ਚਿੰਤਾ

0
2206

ਰੋਪੜ/ਮੋਰਿੰਡਾ | ਪੰਜਾਬ ਵਿਚ ਬੇਅਦਬੀ ਦੀਆਂ ਘਟਨਾਵਾਂ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਗਹਿਰੀ ਚਿੰਤਾ ਜਤਾਈ ਹੈ। ਉਨ੍ਹਾਂ ਨੇ ਬੇਅਦਬੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਪਹਿਲੀ ਬੇਅਦਬੀ ਦੀ ਘਟਨਾ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਗੋਲੇਵਾਲਾ ਅਤੇ ਦੂਜੀ ਘਟਨਾ ਅੱਜ ਮੋਰਿੰਡਾ ਵਿਖੇ ਵਾਪਰੀ ਹੈ। 

ਜਥੇਦਾਰ ਨੇ ਕਿਹਾ ਕਿ ਪੰਜਾਬ ਵਿਚ ਲਗਾਤਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਗੁਟਕਾ ਸਾਹਿਬ ਦੀ ਬੇਅਦਬੀ ਹੋ ਰਹੀ ਹੈ। ਜੋ ਚਿੰਤਾ ਦਾ ਵਿਸ਼ਾ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਅੱਜ ਮੋਰਿੰਡਾ ਵਿਖੇ ਇਕ ਘਟੀਆ ਕਿਸਮ ਦਾ ਵਿਅਕਤੀ ਆ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਤਾਬਿਆਂ ‘ਤੇ ਬੈਠੇ ਗ੍ਰੰਥੀ ਸਿੰਘ ਦੀ ਕੁੱਟਮਾਰ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਦਾ ਹੈ, ਜੋ ਬਹੁਤ ਮਾੜੀ ਗੱਲ ਹੈ।

ਉਨ੍ਹਾਂ ਕਿਹਾ ਕਿ ਦੋਸ਼ੀ ਖਿਲਾਫ਼ ਸਰਕਾਰ ਅਤੇ ਪ੍ਰਸ਼ਾਸਨ ਨੂੰ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ ਕਿਉਂਕਿ ਜਿੰਨਾ ਸਮਾਂ ਅਜਿਹੇ ਵਿਅਕਤੀਆਂ ਖਿਲਾਫ਼ ਸਖਤ ਕਾਰਵਾਈ ਨਹੀਂ ਹੁੰਦੀ, ਓਨਾ ਸਮਾਂ ਬੇਅਦਬੀ ਦੀਆਂ ਘਟਨਾਵਾਂ ਨਹੀਂ ਰੁਕਣਗੀਆਂ।