ਸਿਵਲ ਐਵੀਏਸ਼ਨ ਬਿਊਰੋ ਦੇ ਹੁਕਮਾਂ ਦਾ ਜਥੇਦਾਰ ਵਲੋਂ ਵਿਰੋਧ, ਕਿਹਾ- ਕਿਰਪਾਨ ਸਿੱਖ ਧਰਮ ਦਾ ਅਨਿੱਖੜਵਾਂ ਅੰਗ, ਜਲਦ ਵਫਦ ਮਿਲੇਗਾ ਕੇਂਦਰ ਸਰਕਾਰ ਨੂੰ

0
429

ਅੰਮ੍ਰਿਤਸਰ, 8 ਨਵੰਬਰ | ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘੁਬੀਰ ਸਿੰਘ ਨੇ ਭਾਰਤ ਦੇ ਸਿਵਲ ਐਵੀਏਸ਼ਨ ਸੁਰੱਖਿਆ ਬਿਊਰੋ ਦੇ ਹੁਕਮਾਂ ਦਾ ਵਿਰੋਧ ਕੀਤਾ ਹੈ। ਇਸ ਹੁਕਮ ਵਿਚ ਦੇਸ਼ ਦੇ ਹਵਾਈ ਅੱਡਿਆਂ ’ਤੇ ਸੁਰੱਖਿਆ ਸੇਵਾਵਾਂ ਵਿਚ ਕੰਮ ਕਰਦੇ ਅੰਮ੍ਰਿਤਧਾਰੀ ਸਿੱਖ ਮੁਲਾਜ਼ਮਾਂ ਨੂੰ ਕਿਰਪਾਨ ਪਹਿਨਣ ’ਤੇ ਪਾਬੰਦੀ ਲਾ ਦਿੱਤੀ ਗਈ ਹੈ। ਜਥੇਦਾਰ ਨੇ ਇਸ ਹੁਕਮ ਨੂੰ ਸਿੱਖਾਂ ਦੀ ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ ਦਿੱਤਾ ਹੈ।

ਅਕਾਲ ਤਖ਼ਤ ਸਾਹਿਬ ਤੋਂ ਜਾਰੀ ਇੱਕ ਲਿਖਤੀ ਬਿਆਨ ਵਿਚ ਜਥੇਦਾਰ ਗਿਆਨੀ ਰਘੁਬੀਰ ਸਿੰਘ ਨੇ ਕਿਹਾ ਕਿ ਭਾਰਤ ਦੀ ਆਜ਼ਾਦੀ ਵਿਚ ਜਿੱਥੇ 80 ਫੀਸਦੀ ਤੋਂ ਵੱਧ ਕੁਰਬਾਨੀਆਂ ਸਿੱਖਾਂ ਨੇ ਦਿੱਤੀਆਂ ਹਨ, ਉੱਥੇ ਸਿੱਖ ਕੌਮ ਦਾ ਅਹਿਮ ਯੋਗਦਾਨ ਹੈ। ਉਨ੍ਹਾਂ ਇਸ ਪਾਬੰਦੀ ਨੂੰ ਸਿੱਖ ਧਰਮ ਦੇ ਖ਼ਿਲਾਫ਼ ਦੱਸਦਿਆਂ ਕਿਹਾ ਕਿ ਕਿਰਪਾਨ ਸਿੱਖ ਧਰਮ ਦਾ ਅਨਿੱਖੜਵਾਂ ਅੰਗ ਹੈ, ਜਿਸ ਨੂੰ ਗੁਰੂ ਸਾਹਿਬਾਨ ਵੱਲੋਂ ਕੱਕਾਰ (ਧਾਰਮਿਕ ਚਿੰਨ੍ਹ) ਵਜੋਂ ਦਿੱਤਾ ਗਿਆ ਹੈ। ਜਥੇਦਾਰ ਨੇ ਇਸ ਨੂੰ ਸਿੱਖਾਂ ਦੀ ਧਾਰਮਿਕ ਆਜ਼ਾਦੀ ‘ਤੇ ਅਸਹਿਣਯੋਗ ਹਮਲਾ ਕਰਾਰ ਦਿੱਤਾ ਅਤੇ ਉਨ੍ਹਾਂ ਨੂੰ ਵੱਖ-ਵੱਖ ਸਰਕਾਰੀ ਸੇਵਾਵਾਂ ਤੋਂ ਵਾਂਝੇ ਕਰਨ ਦੇ ਤੁੱਲ ਦੱਸਿਆ।

ਜਥੇਦਾਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਨੂੰ ਇਸ ਫੈਸਲੇ ਖਿਲਾਫ ਭਾਰਤ ਦੇ ਗ੍ਰਹਿ ਮਾਮਲਿਆਂ ਅਤੇ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੂੰ ਪੱਤਰ ਲਿਖਣ ਦੇ ਹੁਕਮ ਦਿੱਤੇ ਹਨ। ਇਸ ਵਿਚ ਸਿੱਖ ਕੌਮ ਦੀਆਂ ਭਾਵਨਾਵਾਂ ਤੋਂ ਜਾਣੂ ਕਰਵਾਇਆ ਜਾਵੇ ਅਤੇ ਇਸ ਪਾਬੰਦੀ ਨੂੰ ਹਟਾਉਣ ਦੀ ਮੰਗ ਕੀਤੀ ਜਾਵੇ।

ਇਸ ਤੋਂ ਇਲਾਵਾ ਉਨ੍ਹਾਂ ਇੱਕ ਉੱਚ ਪੱਧਰੀ ਵਫ਼ਦ ਦਾ ਗਠਨ ਕਰ ਕੇ ਭਾਰਤ ਸਰਕਾਰ ਨਾਲ ਜਲਦੀ ਤੋਂ ਜਲਦੀ ਗੱਲਬਾਤ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਦੇਸ਼ ਦੇ ਹਵਾਈ ਅੱਡਿਆਂ ‘ਤੇ ਕੰਮ ਕਰਦੇ ਅੰਮ੍ਰਿਤਧਾਰੀ ਸਿੱਖ ਮੁਲਾਜ਼ਮਾਂ ਨੂੰ ਆਪਣੇ ਧਾਰਮਿਕ ਚਿੰਨ੍ਹ ਕਿਰਪਾਨ ਪਹਿਨਣ ਦਾ ਅਧਿਕਾਰ ਮਿਲ ਸਕੇ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)