ਕਪੂਰਥਲਾ : ਨੌਜਵਾਨ ਦੀ ਸ਼ੱਕੀ ਹਾਲਾਤ ‘ਚ ਮੌਤ, ਪਿਓ ਨੇ ਲਾਏ ਪੁੱਤ ਨੂੰ ਨਸ਼ੇ ਦੀ ਓਵਰਡੋਜ਼ ਦੇ ਕੇ ਮਾਰਨ ਦੇ ਦੋਸ਼

0
2037

ਕਪੂਰਥਲਾ, 28 ਜਨਵਰੀ| ਕਪੂਰਥਲਾ ‘ਚ ਇਕ ਨੌਜਵਾਨ ਦੀ ਸ਼ੱਕੀ ਹਾਲਾਤ ‘ਚ ਮੌਤ ਹੋ ਗਈ। ਉਕਤ ਮਾਮਲੇ ‘ਚ ਮ੍ਰਿਤਕ ਦੇ ਪਿਤਾ ਨੇ ਗੁਆਂਢੀ ਨੌਜਵਾਨ ‘ਤੇ ਉਸ ਨੂੰ ਜ਼ਿਆਦਾ ਨਸ਼ਾ ਦੇ ਕੇ ਮਾਰਨ ਦਾ ਦੋਸ਼ ਲਗਾਇਆ ਹੈ। ਸੂਚਨਾ ਮਿਲਣ ਦੇ ਬਾਅਦ ਥਾਣਾ ਸਿਟੀ ਦੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰੱਖਵਾਇਆ ਹੈ।

ਪਿਤਾ ਦੇ ਬਿਆਨਾਂ ਦੇ ਆਧਾਰ ‘ਤੇ ਦੋਸ਼ੀ ਵਿਅਕਤੀ ਖਿਲਾਫ ਧਾਰਾ 304 ਆਈ.ਪੀ.ਸੀ. ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਗੱਲ ਦੀ ਪੁਸ਼ਟੀ ਥਾਣਾ ਸਿਟੀ ਦੇ ਐਸਐਚਓ ਅਮਨਦੀਪ ਨਾਹਰ ਨੇ ਕੀਤੀ ਹੈ। ਮ੍ਰਿਤਕ ਦੀ ਪਛਾਣ ਸੰਜੇ ਕੁਮਾਰ (24 ਸਾਲ) ਵਾਸੀ ਮੁਹੱਲਾ ਰਾਏਕਾ ਵਜੋਂ ਹੋਈ ਹੈ।

ਮ੍ਰਿਤਕ ਦੇ ਪਿਤਾ ਗੁਲਸ਼ਨ ਕੁਮਾਰ ਨੇ ਦੱਸਿਆ ਕਿ ਉਸ ਦਾ ਲੜਕਾ ਸੰਜੇ ਕੁਮਾਰ ਕੁਆਰਾ ਸੀ ਅਤੇ ਵਿਆਹਾਂ ‘ਚ ਭੰਡ ਵਜੋਂ ਕੰਮ ਕਰਦਾ ਸੀ। ਸ਼ੁੱਕਰਵਾਰ ਰਾਤ ਨੂੰ ਮੁਹੱਲਾ ਮਹਿਤਾਬਗੜ੍ਹ ਦਾ ਰਹਿਣ ਵਾਲਾ ਇਕ ਨੌਜਵਾਨ ਉਸ ਨੂੰ ਘਰੋਂ ਬੁਲਾ ਕੇ ਲੈ ਗਿਆ।

ਸ਼ਨੀਵਾਰ ਦੁਪਹਿਰ 2 ਵਜੇ ਉਹ ਆਇਆ ਅਤੇ ਕਿਹਾ ਕਿ ਉਸਦਾ ਲੜਕਾ ਬੇਹੋਸ਼ ਹੋ ਗਿਆ ਹੈ। ਜਦੋਂ ਉਹ ਆਪਣੇ ਲੜਕੇ ਦੇ ਦੋਸਤ ਦੇ ਘਰ ਪਹੁੰਚੇ ਤਾਂ ਉਸ ਦਾ ਲੜਕਾ ਬੇਹੋਸ਼ ਪਿਆ ਸੀ। ਉਹ ਤੁਰੰਤ ਉਸ ਨੂੰ ਸਿਵਲ ਹਸਪਤਾਲ ਲੈ ਗਿਆ, ਜਿੱਥੇ ਡਿਊਟੀ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿਤਾ। ਪਿਤਾ ਨੇ ਦੋਸ਼ ਲਾਇਆ ਕਿ ਉਸ ਨੂੰ ਸ਼ੱਕ ਹੈ ਕਿ ਉਸ ਦੇ ਦੋਸਤ ਸੰਨੀ ਨੇ ਉਸ ਦੇ ਪੁੱਤਰ ਨੂੰ ਨਸ਼ੇ ਦੀ ਓਵਰਡੋਜ਼ ਦਿੱਤੀ ਹੈ, ਜਿਸ ਕਾਰਨ ਉਸ ਦੇ ਪੁੱਤਰ ਦੀ ਮੌਤ ਹੋ ਗਈ।

ਇਸ ਸਬੰਧੀ ਥਾਣਾ ਸਿਟੀ ਦੇ ਐਸਐਚਓ ਅਮਨਦੀਪ ਨਾਹਰ ਨੇ ਦੱਸਿਆ ਕਿ ਸਿਵਲ ਹਸਪਤਾਲ ਵਿੱਚ ਨੌਜਵਾਨ ਦੀ ਮੌਤ ਹੋਣ ਦੀ ਸੂਚਨਾ ਮਿਲਣ ’ਤੇ ਉਹ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪੁੱਜੇ। ਜਦੋਂ ਲਾਸ਼ ਦੀ ਜਾਂਚ ਕੀਤੀ ਗਈ ਤਾਂ ਲਾਸ਼ ‘ਤੇ ਕਿਸੇ ਤਰ੍ਹਾਂ ਦਾ ਕੋਈ ਨਿਸ਼ਾਨ ਨਹੀਂ ਮਿਲਿਆ ਪਰ ਨੱਕ ਵਿੱਚੋਂ ਕੁਝ ਝੱਗ ਨਿਕਲ ਰਹੀ ਸੀ।

ਪੁਲਿਸ ਨੇ ਮ੍ਰਿਤਕ ਦੇ ਪਿਤਾ ਗੁਲਸ਼ਨ ਕੁਮਾਰ ਦੇ ਬਿਆਨਾਂ ’ਤੇ ਮੁਲਜ਼ਮ ਸੰਨੀ ਵਾਸੀ ਮਹਿਤਾਬਗੜ੍ਹ ਖ਼ਿਲਾਫ਼ ਧਾਰਾ 304 ਆਈਪੀਸੀ ਤਹਿਤ ਕੇਸ ਦਰਜ ਕਰ ਲਿਆ ਹੈ। ਫਿਲਹਾਲ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ ਗਿਆ ਹੈ। ਅੱਜ ਬਾਅਦ ਦੁਪਹਿਰ ਪੋਸਟਮਾਰਟਮ ਤੋਂ ਬਾਅਦ ਲਾਸ਼ ਨੂੰ ਸਥਾਨਕ ਅਧਿਕਾਰੀਆਂ ਹਵਾਲੇ ਕਰ ਦਿਤਾ ਜਾਵੇਗਾ।