ਪੁਲਵਾਮਾ ‘ਚ ਅੱਤਵਾਦੀਆਂ ਨੇ ਕਸ਼ਮੀਰੀ ਪੰਡਿਤ ਨੂੰ ਗੋਲੀਆਂ ਨਾਲ ਭੁੰਨਿਆ, ਪਰਿਵਾਰ ਦਾ ਰੋ-ਰੋ ਬੁਰਾ ਹਾਲ

0
334

ਪੁਲਵਾਮਾ | ਕਸ਼ਮੀਰ ਦੇ ਪੁਲਵਾਮਾ ‘ਚ ਅੱਤਵਾਦੀਆਂ ਨੇ ਇਕ ਵਾਰ ਫਿਰ ਟਾਰਗੈੱਟ ਕਿਲਿੰਗ ਨੂੰ ਅੰਜਾਮ ਦਿੱਤਾ। ਐਤਵਾਰ ਨੂੰ ਅੱਤਵਾਦੀਆਂ ਨੇ ਕਸ਼ਮੀਰੀ ਪੰਡਿਤ ਸੰਜੇ ਸ਼ਰਮਾ ‘ਤੇ ਗੋਲੀਆਂ ਚਲਾਈਆਂ ਅਤੇ ਫਰਾਰ ਹੋ ਗਏ। ਸੰਜੇ ਸ਼ਰਮਾ ਨੂੰ ਤੁਰੰਤ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ ਜਿਥੇ ਉਸ ਨੇ ਦਮ ਤੋੜ ਗਿਆ।

ਜਾਣਕਾਰੀ ਅਨੁਸਾਰ ਸੰਜੇ ਪੁੱਤਰ ਕਾਸ਼ੀਨਾਥ ਸ਼ਰਮਾ ਐਤਵਾਰ ਨੂੰ ਕਿਸੇ ਕੰਮ ਲਈ ਬਾਜ਼ਾਰ ਜਾ ਰਿਹਾ ਸੀ। ਇਸ ਦੌਰਾਨ ਅੱਤਵਾਦੀਆਂ ਨੇ ਉਨ੍ਹਾਂ ‘ਤੇ ਹਮਲਾ ਕਰ ਦਿੱਤਾ। ਲੋਕਾਂ ਨੇ ਉਸ ਨੂੰ ਹਸਪਤਾਲ ਪਹੁੰਚਾਇਆ ਪਰ ਉਸ ਨੂੰ ਬਚਾਇਆ ਨਹੀਂ ਜਾ ਸਕਿਆ। ਪੁਲਿਸ ਅਤੇ ਸੁਰੱਖਿਆ ਬਲਾਂ ਨੇ ਇਲਾਕੇ ਨੂੰ ਘੇਰ ਲਿਆ ਹੈ। ਅੱਤਵਾਦੀਆਂ ਦੀ ਤਲਾਸ਼ ਕੀਤੀ ਜਾ ਰਹੀ ਹੈ। ਸੁਰੱਖਿਆ ਬਲਾਂ ਵਲੋਂ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

ਸੰਜੇ ਸ਼ਰਮਾ ਪੁਲਵਾਮਾ ਦਾ ਰਹਿਣ ਵਾਲਾ ਸੀ। ਪਿਛਲੇ 4 ਮਹੀਨਿਆਂ ‘ਚ ਕਿਸੇ ਕਸ਼ਮੀਰੀ ਪੰਡਿਤ ‘ਤੇ ਇਹ ਪਹਿਲਾ ਹਮਲਾ ਹੈ। ਇਸ ਤੋਂ ਪਹਿਲਾਂ ਅਕਤੂਬਰ ਵਿਚ ਅਜਿਹੀ ਘਟਨਾ ਵਾਪਰੀ ਸੀ। ਪਿਛਲੇ 2 ਦਿਨਾਂ ਵਿਚ ਇਸ ਤਰ੍ਹਾਂ ਦੀ ਇਹ ਦੂਜੀ ਘਟਨਾ ਹੈ। ਇਕ ਦਿਨ ਪਹਿਲਾਂ ਅਨੰਤਨਾਗ ਵਿਚ ਅੱਤਵਾਦੀਆਂ ਨੇ ਆਸਿਫ਼ ਅਲੀ ਨਾਮ ਦੇ ਇਕ ਵਿਅਕਤੀ ਨੂੰ ਗੋਲੀ ਮਾਰ ਕੇ ਜ਼ਖ਼ਮੀ ਕਰ ਦਿੱਤਾ ਸੀ। ਆਸਿਫ ਦੇ ਪਿਤਾ ਹੈੱਡ ਕਾਂਸਟੇਬਲ ਸਨ, ਜਿਨ੍ਹਾਂ ਨੂੰ ਪਿਛਲੇ ਸਾਲ ਅੱਤਵਾਦੀਆਂ ਨੇ ਮਾਰ ਦਿੱਤਾ ਸੀ। ਪਿਛਲੇ ਸਾਲ ਵੀ ਕਸ਼ਮੀਰ ਵਿਚ ਕਈ ਹਿੰਦੂਆਂ ਨੂੰ ਨਿਸ਼ਾਨਾ ਬਣਾਇਆ ਗਿਆ ਸੀ।