‘ਖੇਡਾਂ ਵਤਨ ਪੰਜਾਬ ਦੀਆਂ’ ਸਮਾਪਤ : ਸੂਬਾ ਸਰਕਾਰ ਵਲੋਂ ਲਾਮਿਸਾਲ ਪ੍ਰਾਪਤੀਆਂ ਵਾਲੇ ਖਿਡਾਰੀਆਂ ਨੂੰ ਨੌਕਰੀ ‘ਚ ਭਰਤੀ ਮੌਕੇ ਪਹਿਲ ਦਾ ਐਲਾਨ

0
111

ਲੁਧਿਆਣਾ। ਅਗਲੇ ਸਾਲ ਮੁੜ ਮਿਲਣ ਦੇ ਵਾਅਦੇ ਨਾਲ ਲਗਪਗ ਤਿੰਨ ਮਹੀਨਿਆਂ ਤੱਕ ਚੱਲਿਆ ਖੇਡ ਮੇਲਾ ‘ਖੇਡਾਂ ਵਤਨ ਪੰਜਾਬ ਦੀਆਂ’ ਵੀਰਵਾਰ ਨੂੰ ਇੱਥੇ ਗੁਰੂ ਨਾਨਕ ਸਟੇਡੀਅਮ ਵਿਖੇ ਰੰਗਾਰੰਗ ਪ੍ਰੋਗਰਾਮ ਨਾਲ ਸਮਾਪਤ ਹੋ ਗਿਆ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਖੇਡਾਂ ਦੇ ਖੇਤਰ ਵਿੱਚ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਦਾ ਅਹਿਦ ਲਿਆ।

ਇਨ੍ਹਾਂ ਖੇਡਾਂ ਦੌਰਾਨ ਰਾਜ ਪੱਧਰ ‘ਤੇ ਸੋਨੇ, ਚਾਂਦੀ ਅਤੇ ਕਾਂਸੀ ਦੇ ਤਗਮੇ ਜਿੱਤਣ ਵਾਲੇ 9961 ਖਿਡਾਰੀਆਂ ਦੇ ਬੈਂਕ ਖਾਤਿਆਂ ਵਿੱਚ 6.85 ਕਰੋੜ ਰੁਪਏ ਦੀ ਰਾਸ਼ੀ ਡਿਜ਼ੀਟਲ ਤੌਰ ‘ਤੇ ਤਬਦੀਲ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਸਾਰੇ ਖਿਡਾਰੀਆਂ ਨੂੰ ਇਨ੍ਹਾਂ ਖੇਡਾਂ ਦੀ ਸ਼ਾਨਦਾਰ ਸਫਲਤਾ ਲਈ ਵਧਾਈ ਦਿੱਤੀ। ਉਨ੍ਹਾਂ ਦੱਸਿਆ ਕਿ ਸੋਨਾ ਦਾ ਤਮਗਾ ਜਿੱਤਣ ਵਾਲੇ ਦੇ ਖਾਤੇ ਵਿੱਚ 10 ਹਜ਼ਾਰ ਰੁਪਏ, ਚਾਂਦੀ ਦਾ ਤਮਗਾ ਜਿੱਤਣ ਵਾਲੇ ਦੇ ਖਾਤੇ ਵਿੱਚ ਸੱਤ ਹਜ਼ਾਰ ਰੁਪਏ ਅਤੇ ਕਾਂਸੀ ਤਮਗਾ ਜੇਤੂ ਦੇ ਖਾਤੇ ਵਿੱਚ ਪੰਜ ਹਜ਼ਾਰ ਰੁਪਏ ਤਬਦੀਲ ਕੀਤੇ ਗਏ ਹਨ।  ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੇ ਕੋਨੇ-ਕੋਨੇ ਵਿੱਚ ਖੇਡ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਲਈ ਇਹ ਖੇਡਾਂ ਹਰ ਸਾਲ ਕਰਵਾਈਆਂ ਜਾਣਗੀਆਂ।

ਮੁੱਖ ਮੰਤਰੀ ਨੇ ਰਾਜ ਪੱਧਰੀ ਖੇਡਾਂ ਵਿੱਚ ਕ੍ਰਮਵਾਰ 202, 133 ਅਤੇ 123 ਸੋਨ ਤਗਮੇ ਜਿੱਤ ਕੇ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੀਆਂ ਪਟਿਆਲਾ, ਲੁਧਿਆਣਾ ਅਤੇ ਐਸ.ਏ.ਐਸ. ਨਗਰ ਦੀਆਂ ਟੀਮਾਂ ਦਾ ਸਨਮਾਨ ਕੀਤਾ।  ਉਨ੍ਹਾਂ ਅੰਮ੍ਰਿਤਸਰ, ਬਰਨਾਲਾ, ਫ਼ਰੀਦਕੋਟ, ਜਲੰਧਰ, ਲੁਧਿਆਣਾ, ਪਟਿਆਲਾ, ਰੂਪਨਗਰ, ਐਸ.ਏ.ਐਸ. ਨਗਰ ਅਤੇ ਸੰਗਰੂਰ ਸਮੇਤ ਨੌਂ ਜ਼ਿਲ੍ਹਿਆਂ ਨੂੰ ਉਨ੍ਹਾਂ ਦੇ ਜ਼ਿਲ੍ਹਿਆਂ ਵਿੱਚ ਵਧੀਆ ਢੰਗ ਨਾਲ ਰਾਜ ਪੱਧਰੀ ਖੇਡਾਂ ਦਾ ਪ੍ਰਬੰਧ ਕਰਨ ਲਈ ਵੀ ਸਨਮਾਨਿਤ ਕੀਤਾ।  ਭਗਵੰਤ ਮਾਨ ਨੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੂੰ ਵੀ ਇਨ੍ਹਾਂ ਖੇਡਾਂ ਨੂੰ ਸਫ਼ਲਤਾਪੂਰਵਕ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਧਾਈ ਦਿੱਤੀ।

ਲਗਭਗ ਤਿੰਨ ਮਹੀਨਿਆਂ ਤੱਕ ਚੱਲੇ ਇਸ ਸ਼ਾਨਦਾਰ ਖੇਡ ਮੇਲੇ ਦੀ ਸਮਾਪਤੀ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਇਨ੍ਹਾਂ ਖੇਡਾਂ ਵਿੱਚ ਵੱਖ-ਵੱਖ ਛੇ ਉਮਰ ਵਰਗਾਂ ਦੇ ਤਿੰਨ ਲੱਖ ਤੋਂ ਵੱਧ ਖਿਡਾਰੀਆਂ ਨੇ ਭਾਗ ਲਿਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖਿਡਾਰੀਆਂ ਨੇ 28 ਖੇਡ ਵੰਨਗੀਆਂ ਵਿੱਚ ਬਲਾਕ ਤੋਂ ਲੈ ਕੇ ਰਾਜ ਪੱਧਰ ਤੱਕ ਵੱਖ-ਵੱਖ ਮੁਕਾਬਲਿਆਂ ਵਿੱਚ ਭਾਗ ਲਿਆ। ਭਗਵੰਤ ਮਾਨ ਨੇ ਇਹ ਵੀ ਐਲਾਨ ਕੀਤਾ ਕਿ ਸੂਬਾ ਸਰਕਾਰ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਲਾਮਿਸਾਲ ਪ੍ਰਾਪਤੀਆਂ ਵਾਲੇ ਖਿਡਾਰੀਆਂ ਦੀ ਭਰਤੀ ਨੂੰ ਪਹਿਲ ਦੇਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਇਕ ਮਿਸਾਲੀ ਪਹਿਲਕਦਮੀ ਕਰਦਿਆਂ ਸ਼ਹੀਦ ਭਗਤ ਸਿੰਘ ਯੁਵਾ ਪੁਰਸਕਾਰ ਮੁੜ ਸ਼ੁਰੂ ਕੀਤਾ ਹੈ, ਜੋ ਹਰ ਸਾਲ 46 ਨੌਜਵਾਨਾਂ ਨੂੰ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਯੋਗਦਾਨ ਪਾਉਣ ਲਈ ਦਿੱਤਾ ਜਾਵੇਗਾ।  ਉਨ੍ਹਾਂ ਦੱਸਿਆ ਕਿ ਪੁਰਸਕਾਰ ਜੇਤੂਆਂ ਨੂੰ ਪ੍ਰਸੰਸਾ ਪੱਤਰ ਸਮੇਤ 51 ਹਜ਼ਾਰ ਰੁਪਏ ਦੀ ਨਕਦ ਰਾਸ਼ੀ ਦਿੱਤੀ ਜਾਵੇਗੀ।  ਭਗਵੰਤ ਮਾਨ ਨੇ ਅਫਸੋਸ ਜ਼ਾਹਿਰ ਕੀਤਾ ਕਿ ਇਹ ਐਵਾਰਡ ਕਰੀਬ ਸੱਤ ਸਾਲ ਪਹਿਲਾਂ ਬੰਦ ਕਰ ਦਿੱਤਾ ਗਿਆ ਸੀ ਪਰ ਹੁਣ ਇਸ ਨੂੰ ਮੁੜ ਸ਼ੁਰੂ ਕੀਤਾ ਜਾਵੇਗਾ।

ਇਸ ਤੋਂ ਪਹਿਲਾਂ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਮੁੱਖ ਮੰਤਰੀ ਅਤੇ ਹੋਰ ਪਤਵੰਤਿਆਂ ਦਾ ਨਿੱਘਾ ਸਵਾਗਤ ਕੀਤਾ। ਉਨ੍ਹਾਂ ਨੇ ਇਸ ਖੇਡ ਮੇਲੇ ਨੂੰ ਵੱਡੀ ਪੱਧਰ ’ਤੇ ਸਫ਼ਲ ਬਣਾਉਣ ਲਈ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਨਿਭਾਈ ਗਈ ਭੂਮਿਕਾ ਦੀ ਵੀ ਸ਼ਲਾਘਾ ਕੀਤੀ। ਮੀਤ ਹੇਅਰ ਨੇ ਕਿਹਾ ਕਿ ਇਨ੍ਹਾਂ ਖੇਡਾਂ ਨੇ ਸੂਬੇ ਦੇ ਇਤਿਹਾਸ ਵਿੱਚ ਸਫ਼ਲਤਾ ਦੀ ਨਵੀਂ ਇਬਾਰਤ ਲਿਖੀ ਹੈ।

ਇਸ ਮੌਕੇ ‘ਤੇ ਸ਼ਾਨਦਾਰ ਰਵਾਇਤੀ ਨਾਚ ‘ਗਿੱਧਾ’ ਅਤੇ ‘ਭੰਗੜਾ’ ਦੇ ਨਾਲ ਖੇਡਾਂ ਬਾਰੇ ਇੱਕ ਪ੍ਰਭਾਵਸ਼ਾਲੀ ਵੀਡੀਓ ਨੇ ਦਰਸ਼ਕਾਂ ਦਾ ਮਨ ਟੁੰਬ ਲਿਆ ਅਤੇ ਉਨ੍ਹਾਂ ਨੂੰ ਨੱਚਣ ਲਈ ਮਜਬੂਰ ਕਰ ਦਿੱਤਾ। ਇਸ ਮੌਕੇ ਹਾਜ਼ਰ ਲੋਕਾਂ ਨੇ ਆਤਿਸ਼ਬਾਜ਼ੀ ਦੇ ਸ਼ਾਨਦਾਰ ਪ੍ਰਦਰਸ਼ਨ ਮੌਕੇ ਖੜ੍ਹੇ ਹੋ ਕੇ ਤਾੜੀਆਂ ਵੀ ਮਾਰੀਆਂ।