ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਪੰਜਾਬ ਭਰ ‘ਚ ਫੂਕੇ ਕੇਂਦਰ ਸਰਕਾਰ ਦੇ ਪੁਤਲੇ

0
239

ਅੰਮ੍ਰਿਤਸਰ, 29 ਜਨਵਰੀ| ਅੱਜ ਪੰਜਾਬ ਭਰ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਕੇਂਦਰ ਸਰਕਾਰ ਦੇ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ ਹੈ। ਅੱਜ ਤੋਂ ਤਿੰਨ ਸਾਲ ਪਹਿਲਾਂ ਖੇਤੀ ਸੁਧਾਰ ਕਾਨੂੰਨ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਵੱਲੋਂ ਸਿੰਘੂ ਬਾਰਡਰ ਤੇ ਕੁੰਡਲੀ ਬਾਰਡਰ ਉੱਤੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ।

ਇਸ ਦੌਰਾਨ ਪ੍ਰਦਰਸ਼ਨ ਕਰਦਿਆਂ 29 ਜਨਵਰੀ ਵਾਲੇ ਦਿਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਸਟੇਜ ਉੱਪਰ ਕੁਝ ਲੋਕਾਂ ਵੱਲੋਂ ਹਮਲਾ ਕੀਤਾ ਗਿਆ ਸੀ ਅਤੇ ਉਸ ਦੇ ਰੋਸ ਵਜੋਂ ਹਰ ਸਾਲ ਹੀ ਕਿਸਾਨ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ ਕਰਕੇ ਹਮਲਾ ਕਰਨ ਵਾਲੇ ਮੁਲਜ਼ਮਾਂ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਜਾਂਦੀ ਹੈ।

ਕੇਂਦਰ ਸਰਕਾਰ ਖਿਲਾਫ਼ ਰੋਸ: ਇਸ ਦੇ ਚੱਲਦੇ ਅੰਮ੍ਰਿਤਸਰ ਗੋਲਡਨ ਗੇਟ ਉੱਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਜਨਰਲ ਸਕੱਤਰ ਸਰਵਨ ਸਿੰਘ ਪੰਧੇਰ ਦੀ ਅਗਵਾਈ ਵਿੱਚ ਕਿਸਾਨਾਂ ਨੇ ਰੋਸ ਪ੍ਰਦਰਸ਼ਨ ਕੀਤਾ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਵਨ ਸਿੰਘ ਪੰਧੇਰ ਅਤੇ ਜਰਮਨਜੀਤ ਸਿੰਘ ਕਿਸਾਨ ਆਗੂ ਨੇ ਦੱਸਿਆ ਕਿ ਅੰਦੋਲਨ ਦੌਰਾਨ ਸਿੰਘੂ ਕੁੰਡਲੀ ਬਾਰਡਰ ਦੀ ਸਟੇਜ ‘ਤੇ ਭਾਜਪਾ ਦੇ ਕਾਰਕੁੰਨਾਂ ਤੇ ਆਰਐੱਸਐੱਸ ਦੇ ਗੁੰਡਿਆਂ ਵਲੋਂ ਪੁਲਿਸ ਦੀ ਮਿਲੀ ਭੁਗਤ ਨਾਲ ਸਿੰਘੂ ਬਾਰਡਰ ‘ਤੇ ਹਮਲਾ ਕੀਤਾ ਸੀ। ਸਟੇਜ ਉੱਤੇ ਹਵਾਈ ਜਹਾਜ਼ ਰਾਹੀਂ ਪੈਟਰੋਲ ਬੰਬ ਸੁੱਟੇ ਗਏ। ਇਸ ਦੇ ਉਪਰੰਤ ਅਲੱਗ ਅਲੱਗ ਸਮੇਂ ਭਾਜਪਾ ਦੇ ਗੁੰਡਿਆਂ ਵਲੋਂ ਕਾਫੀ ਤੰਗ ਪ੍ਰੇਸ਼ਾਨ ਕੀਤਾ ਗਿਆ।

ਯੂਪੀ ਸਰਕਾਰ ਨੇ ਵੀ ਨਹੀਂ ਕੀਤੀ ਕਾਰਵਾਈ: ਕਿਸਾਨ ਆਗੂ ਪੰਧੇਰ ਨੇ ਕਿਹਾ ਕਿ “ਯੂਪੀ ਦੀ ਲਖੀਮਪੁਰ ਘਟਨਾ ਵਿੱਚ ਅਜੈ ਮਿਸ਼ਰਾ ਟਹਿਣੀ ਤੇ ਆਰਐੱਸਐੱਸ ਦੇ ਗੁੰਡਿਆਂ ਵਲੋਂ ਸ਼ਾਂਤਮਈ ਬੈਠੇ ਕਿਸਾਨਾਂ ਉੱਤੇ ਗੱਡੀਆਂ ਚੜ੍ਹਾ ਕੇ ਕਤਲ ਕਰ ਦਿੱਤਾ ਗਿਆ। ਇਸ ਸਾਰੀ ਘਟਨਾ ਦੀ ਵੀਡੀਓ ਜਗ ਜ਼ਾਹਿਰ ਹੋਈ, ਪਰ ਯੋਗੀ ਸਰਕਾਰ ਵੱਲੋਂ ਕੋਈ ਐਕਸ਼ਨ ਨਹੀਂ ਲਿਆ ਗਿਆ।

ਇਸ ਦੇ ਵਿਰੋਧ ਵਜੋਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਝੰਡੇ ਹੇਠ ਅੰਮ੍ਰਿਤਸਰ ਦੇ ਗੋਲਡਨ ਗੇਟ ਉੱਤੇ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ।” ਕਿਸਾਨਾਂ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸਮੇਂ ਸਮੇਂ ‘ਤੇ ਵਾਅਦੇ ਕੀਤੇ ਗਏ ਪਰ ਹਰ ਵਾਰੀ ਵਿਸ਼ਵਾਸਘਾਤ ਕੀਤਾ ਗਿਆ। ਇਸ ਲਈ ਹੁਣ ਕਿਸਾਨ ਵਿਸ਼ਵਾਸਘਾਤ ਦਿਵਸ ਵੀ ਜ਼ਰੂਰ ਮਨਾਉਣਗੇ।