ਅੰਮ੍ਰਿਤਸਰ, 5 ਫਰਵਰੀ| ਅੰਮ੍ਰਿਤਸਰ ਦੇ ਥਾਣਾ ਬੀ ਡਵੀਜ਼ਨ ਅਧੀਨ ਆਉਂਦੇ ਇਲਾਕਾ ਸੁਲਤਾਨਵਿੰਡ ਗੇਟ ਰੋਡ ਤੋਂ ਦਰਨਾਕ ਖਬਰ ਸਾਹਮਣੇ ਆਈ ਹੈ। ਇਥੇ ਦੋ ਧਿਰਾਂ ਵਿਚਾਲੇ ਪਤੰਗਬਾਜ਼ੀ ਨੂੰ ਲੈ ਕੇ ਸ਼ੁਰੂ ਹੋਈ ਤਕਰਾਰ ਨੇ ਇਕ ਨੌਜਵਾਨ ਦੀ ਜਾਨ ਲੈ ਲਈ।

ਦੱਸਿਆ ਜਾ ਰਿਹਾ ਹੈ ਕਿ ਕੁਝ ਦਿਨ ਪਹਿਲਾਂ ਪਤੰਗਬਾਜ਼ੀ ਨੂੰ ਲੈ ਕੇ ਦੋ ਧਿਰਾਂ ਵਿੱਚ ਕਾਫੀ ਬਹਿਸ ਹੋਈ ਸੀ, ਜਿਸ ਤੋਂ ਬਾਅਦ ਝਗੜਾ ਸ਼ੁਰੂ ਹੋ ਗਿਆ ਤੇ ਕੱਲ੍ਹ ਦੇਰ ਰਾਤ ਇਨ੍ਹਾਂ ਨੌਜਵਾਨਾਂ ਵੱਲੋਂ ਦੂਸਰੀ ਧਿਰ ਦੇ ਇੱਕ ਨੌਜਵਾਨ ‘ਤੇ ਗੋਲੀਆਂ ਚਲਾ ਦਿੱਤੀਆਂ ਗਈਆਂ, ਜਿਸਦੇ ਚਲਦੇ ਇਕ ਨੌਜਵਾਨ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ, ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਰੈਫਰ ਕੀਤਾ ਗਿਆ, ਜਿੱਥੇ ਚਲਦੇ ਇਲਾਜ ਦੌਰਾਨ ਨੌਜਵਾਨ ਦੀ ਮੌਤ ਹੋ ਗਈ।

ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਥਾਣਾ ਬੀ ਡਵੀਜ਼ਨ ਅਧੀਨ ਸੁਲਤਾਨਵਿੰਡ ਗੇਟ ਵਿਖੇ ਦੇਰ ਰਾਤ ਕੁਝ ਨੌਜਵਾਨਾਂ ਵੱਲੋਂ ਇੱਕ ਨੌਜਵਾਨ ‘ਤੇ ਗੋਲੀ ਚਲਾ ਦਿੱਤੀ ਗਈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਹਰਮਨਜੀਤ ਸਿੰਘ ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ, ਉਸ ਦੀ ਪਿੱਠ ਵਿੱਚ ਗੋਲੀ ਵੱਜੀ ਸੀ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਅਸੀਂ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਲਦੀ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ

ਮ੍ਰਿਤਕ ਹਰਮਨਜੀਤ ਸਿੰਘ ਦੀ ਮਾਤਾ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਸ ਦੀ ਕਿਸੇ ਨਾਲ ਵੀ ਕੋਈ ਰੰਜਿਸ਼ ਨਹੀਂ ਸੀ, ਸਿਰਫ ਪਿਛਲੇ ਦਿਨੀ ਪਤੰਗਬਾਜ਼ੀ ਨੂੰ ਲੈ ਕੇ ਨਾਲ ਦੀ ਗਲੀ ਦੇ ਕੁਝ ਨੌਜਵਾਨਾਂ ਨਾਲ ਬਹਿਸ ਹੋ ਗਈ ਸੀ, ਜਿਸਦੇ ਚਲਦੇ ਅੱਜ ਉਨ੍ਹਾਂ ਵੱਲੋਂ ਦੇਰ ਰਾਤ ਮੇਰੇ ਲੜਕੇ ਨੂੰ ਗੋਲੀ ਮਾਰ ਦਿੱਤੀ ਗਈ, ਜਿਸ ਕਾਰਨ ਉਸ ਦੀ ਮੌਤ ਹੋ ਗਈ।

ਵੇਖੋ ਵੀਡੀਓ-

https://www.facebook.com/punjabibulletinworld/videos/1504810900416036