ਕੋਟਕਪੂਰਾ ਗੋਲੀਕਾਂਡ : ਆਉਣ ਵਾਲੇ 3 ਵੀਰਵਾਰਾਂ ਨੂੰ ਕੋਈ ਵੀ ਵਿਅਕਤੀ SIT ਨਾਲ ਜਾਣਕਾਰੀ ਕਰ ਸਕਦੈ ਸਾਂਝੀ, ਵਟਸਐਪ ਨੰਬਰ ਹੋਇਆ ਜਾਰੀ

0
2357

ਚੰਡੀਗੜ੍ਹ | ਕੋਟਕਪੂਰਾ ਗੋਲੀਕਾਂਡ ਦੀ ਜਾਂਚ ਅੰਤਿਮ ਪੜਾਅ ‘ਤੇ ਪਹੁੰਚਣ ਨਾਲ ਏ.ਡੀ.ਜੀ.ਪੀ. ਐਲ.ਕੇ. ਯਾਦਵ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨੇ ਅੱਜ ਕਿਹਾ ਕਿ ਜੇਕਰ ਕਿਸੇ ਵਿਅਕਤੀ ਕੋਲ ਇਸ ਕੇਸ ਨਾਲ ਸਬੰਧਤ ਕੋਈ ਢੁਕਵੀਂ ਜਾਣਕਾਰੀ ਹੈ, ਜਿਸ ਨਾਲ ਕੇਸ ‘ਤੇ ਪ੍ਰਭਾਵ ਪੈ ਸਕਦਾ ਹੈ ਤਾਂ ਉਹ ਵਿਅਕਤੀ ਨਿੱਜੀ ਤੌਰ ‘ਤੇ ਉਨ੍ਹਾਂ ਨਾਲ ਪੁਲਿਸ ਹੈੱਡਕੁਆਰਟਰ, ਸੈਕਟਰ 9-ਸੀ, 6ਵੀਂ ਮੰਜ਼ਿਲ ਵਿਖੇ ਸਥਿਤ ਉਨ੍ਹਾਂ ਦੇ ਦਫ਼ਤਰ ਵਿਚ ਆਉਣ ਵਾਲੇ 3 ਵੀਰਵਾਰ ਭਾਵ 16 ਮਾਰਚ, 23 ਮਾਰਚ ਅਤੇ 30 ਮਾਰਚ 2023 ਨੂੰ ਸਵੇਰੇ 10.30 ਵਜੇ ਤੋਂ ਦੁਪਹਿਰ 1.30 ਵਜੇ ਤੱਕ ਮੁਲਾਕਾਤ ਕਰ ਸਕਦੇ ਹਨ। ਦੱਸਣਯੋਗ ਹੈ ਕਿ ਕੋਟਕਪੂਰਾ ਗੋਲੀਕਾਂਡ 14 ਅਕਤੂਬਰ, 2015 ਨੂੰ ਵਾਪਰਿਆ ਸੀ।
ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਇਸ ਸਬੰਧੀ ਵਟਸਐਪ ਨੰਬਰ 9875983237 ‘ਤੇ ਮੈਸੇਜ ਭੇਜ ਕੇ ਜਾਂ newsit2021kotkapuracase@gmail.com ‘ਤੇ ਈਮੇਲ ਰਾਹੀਂ ਵੀ ਜਾਣਕਾਰੀ ਸਾਂਝੀ ਕਰ ਸਕਦਾ ਹੈ।

ਉਨ੍ਹਾਂ ਅੱਗੇ ਕਿਹਾ ਕਿ ਇਸ ਪੜਾਅ ‘ਤੇ ਕਿਸੇ ਵੀ ਜ਼ਿੰਮੇਵਾਰ ਵਿਅਕਤੀ ਵੱਲੋਂ ਦਿੱਤੀ ਗਈ ਕੋਈ ਵੀ ਇਨਪੁਟ/ਜਾਣਕਾਰੀ ਐਸ.ਆਈ.ਟੀ. ਲਈ ਜਾਂਚ ਦੌਰਾਨ ਕਾਨੂੰਨੀ ਪ੍ਰਕਿਰਿਆ ਨੂੰ ਜਲਦ ਤੋਂ ਜਲਦ ਮੁਕੰਮਲ ਕਰਨ ਵਿੱਚ ਬਹੁਤ ਮਦਦਗਾਰ ਸਾਬਤ ਹੋ ਸਕਦੀ ਹੈ। ਏ.ਡੀ.ਜੀ.ਪੀ. ਨੇ ਐਸ.ਆਈ.ਟੀ. ਨੂੰ ਸੌਂਪੀ ਗਈ ਇਸ ਜ਼ਿੰਮੇਵਾਰੀ ਨੂੰ ਨਿਭਾਉਣ ਵਿਚ ਪੰਜਾਬ ਦੇ ਲੋਕਾਂ ਵੱਲੋਂ ਐਸ.ਆਈ.ਟੀ. ਨੂੰ ਦਿੱਤੇ ਸਹਿਯੋਗ ਲਈ ਉਨ੍ਹਾਂ ਦਾ ਧੰਨਵਾਦ ਵੀ ਕੀਤਾ। ਉਨ੍ਹਾਂ ਕਿਹਾ ਕਿ ਕੋਟਕਪੂਰਾ ਗੋਲੀਕਾਂਡ ਨਾਲ ਜੁੜੀ ਜਾਂਚ ਦੀ ਕਾਨੂੰਨੀ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ ਲਈ ਪੰਜਾਬ ਦੇ ਲੋਕਾਂ ਨੇ ਅਹਿਮ ਭੂਮਿਕਾ ਨਿਭਾਈ ਹੈ।

ਜ਼ਿਕਰਯੋਗ ਹੈ ਕਿ ਕੋਟਕਪੂਰਾ ਗੋਲੀਕਾਂਡ ਦੀ ਜਾਂਚ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਦੇ ਨਿਰਦੇਸ਼ਾਂ ‘ਤੇ ਸੂਬਾ ਸਰਕਾਰ ਨੇ ਏ.ਡੀ.ਜੀ.ਪੀ. ਐਲ.ਕੇ. ਯਾਦਵ, ਆਈ.ਜੀ. ਰਾਕੇਸ਼ ਅਗਰਵਾਲ ਅਤੇ ਐਸ.ਐਸ.ਪੀ. ਮੋਗਾ ਗੁਲਨੀਤ ਸਿੰਘ ਖੁਰਾਣਾ ਸਮੇਤ 3 ਸੀਨੀਅਰ ਅਧਿਕਾਰੀਆਂ ਵਾਲੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦਾ ਗਠਨ ਕੀਤਾ ਸੀ। SIT ਵੱਲੋਂ 24 ਫਰਵਰੀ 2023 ਨੂੰ ਅਦਾਲਤ ਵਿੱਚ ਆਪਣਾ ਪਹਿਲਾ ਚਲਾਨ ਪੇਸ਼ ਕੀਤਾ ਗਿਆ ਸੀ।