ਮੋਗਾ | ਕੋਟਕਪੁਰਾ ਗੋਲੀਕਾਂਡ ਦੀ ਜਾਂਚ ਕਰ ਰਹੀ SIT ਵਲੋਂ 2015 ਦੇ ਪੰਜਾਬ ਪੁਲਿਸ ਮੁਖੀ ਸੁਮੇਧ ਸੈਣੀ ਨੂੰ ਤਲਬ ਕੀਤਾ ਗਿਆ ਹੈ। ਦੱਸ ਦਈਏ ਕਿ ਸਿੱਟ ਨੇ ਸੈਣੀ ਨੂੰ 29 ਨਵੰਬਰ ਨੂੰ ਚੰਡੀਗੜ੍ਹ ਦੇ ਸੈਕਟਰ 32 ਵਿਖੇ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਹਨ। ਏਡੀਜੀਪੀ ਐਲਕੇ ਯਾਦਵ ਦੀ ਅਗਵਾਈ ‘ਚ ਕੋਟਕਪੂਰਾ ਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਲਈ ਬਣੀ SIT ਸਾਬਕਾ ਡੀਜੀਪੀ ਤੋਂ ਪੁੱਛਗਿੱਛ ਕਰੇਗੀ।
ਦੱਸ ਦਈਏ ਕਿ ਇਸ ਤੋਂ ਪਹਿਲਾਂ SIT ਨੇ 3 ਅਗਸਤ ਨੂੰ ਸਾਬਕਾ ਡੀਜੀਪੀ ਤੋਂ ਲਗਾਤਾਰ ਚਾਰ ਘੰਟੇ ਤੱਕ ਪੁਛਗਿਛ ਕੀਤੀ ਸੀ। ਇਸ ਤੋਂ ਪਹਿਲਾਂ ਦੋ ਵਾਰ ਤਲਬ ਕੀਤੇ ਜਾਣ ’ਤੇ ਸੈਣੀ ਸਿੱਟ ਕੋਲ ਪੇਸ਼ ਨਹੀਂ ਹੋਏ ਸੀ।
ਦਰਅਸਲ ਜਿਸ ਸਮੇਂ ਇਹ ਗੋਲੀਕਾਂਡ ਹੋਇਆ ਸੀ ਤਾਂ ਉਸ ਸਮੇਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਗ੍ਰਹਿ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਡੀਜੀਪੀ ਸੁਮੇਧ ਸੈਣੀ ਸੀ। ਬਰਗਾੜੀ ਬੇਅਦਬੀ ਕਾਂਡ ਦੇ ਵਿਰੋਧ ਵਿਚ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਰਹੀ ਸਿੱਖ ਸੰਗਤ ਉਪਰ ਪੁਲਿਸ ਨੇ ਗੋਲੀਬਾਰੀ ਕੀਤੀ ਸੀ, ਇਸ ਵਿਚ 2 ਸਿੱਖ ਮਾਰੇ ਗਏ ਸੀ।