ਕੋਟਕਪੂਰਾ, 29 ਸਤੰਬਰ | ਕੋਟਕਪੂਰਾ ਗੋਲੀਕਾਂਡ ‘ਚ ਮੁਲਜ਼ਮ ਸਾਬਕਾ ਉਪ ਮੁੱਖ ਮੰਤਰੀ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਅਗਾਊਂ ਜ਼ਮਾਨਤ ਮਿਲ ਗਈ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੁਖਬੀਰ ਬਾਦਲ ਅਤੇ ਸਾਬਕਾ ਡੀਜੀਪੀ ਪੰਜਾਬ ਸੁਮੇਧ ਸਿੰਘ ਸੈਣੀ ਅਤੇ ਆਈਜੀਪੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਵੀ ਅਗਾਊਂ ਜ਼ਮਾਨਤ ਦੇ ਦਿੱਤੀ ਹੈ।
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅਮਰ ਸਿੰਘ ਚਾਹਲ ਅਤੇ ਸੁਖਮਿੰਦਰ ਸਿੰਘ ਨੂੰ ਵੀ ਅਗਾਊਂ ਜ਼ਮਾਨਤ ਦੇ ਦਿੱਤੀ ਹੈ। ਵਰਨਣਯੋਗ ਹੈ ਕਿ ਹਾਈਕੋਰਟ ਨੇ ਕਰੀਬ ਇਕ ਮਹੀਨਾ ਪਹਿਲਾਂ ਇਸ ਮਾਮਲੇ ਵਿਚ ਆਪਣਾ ਫੈਸਲਾ ਰਾਖਵਾਂ ਰੱਖ ਲਿਆ ਸੀ, ਜਿਸ ਨੂੰ ਅੱਜ ਸੁਣਾਇਆ ਗਿਆ। ਨਾਲ ਹੀ ਹਾਈਕੋਰਟ ਵੱਲੋਂ ਪਹਿਲਾਂ ਹੀ ਅੰਤਰਿਮ ਜ਼ਮਾਨਤ ਦਿੱਤੀ ਜਾ ਚੁੱਕੀ ਹੈ। ਸਾਬਕਾ ਉਪ ਮੁੱਖ ਮੰਤਰੀ ਸਮੇਤ ਸਾਰੇ ਛੇ ਮੁਲਜ਼ਮਾਂ ਨੂੰ ਇਸ ਮਾਮਲੇ ਵਿੱਚ ਅੰਤਰਿਮ ਰਾਹਤ ਮਿਲੀ ਹੈ।
ਜ਼ਿਕਰਯੋਗ ਹੈ ਕਿ ਕੋਟਕਪੂਰਾ ਗੋਲੀਕਾਂਡ ਵਿਚ 2 ਐਫਆਈਆਰ 129/18 ਅਤੇ 192/15 ਦਰਜ ਹਨ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਮੌਤ ਤੋਂ ਇਕ ਦਿਨ ਪਹਿਲਾਂ ਏਡੀਜੀਪੀ ਐਲਕੇ ਯਾਦਵ ਅਤੇ ਐਸਐਸਪੀ ਬਠਿੰਡਾ ਗੁਲਨੀਤ ਸਿੰਘ ਖੁਰਾਣਾ ਦੀ ਅਗਵਾਈ ਵਾਲੀ ਐਸਆਈਟੀ ਨੇ ਇਸ ਮਾਮਲੇ ਵਿਚ 2400 ਪੰਨਿਆਂ ਦਾ ਸਪਲੀਮੈਂਟਰੀ ਚਲਾਨ ਪੇਸ਼ ਕੀਤਾ। ਇਸ ਤੋਂ ਪਹਿਲਾਂ 24 ਫਰਵਰੀ 2022 ਨੂੰ ਫਰੀਦਕੋਟ ਦੀ ਅਦਾਲਤ ਵਿਚ 7 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਗਈ ਸੀ।