ਕੁਲਦੀਪ ਕੁਮਾਰ ਨੇ ਸੰਭਾਲਿਆ ਚੰਡੀਗੜ੍ਹ ਮੇਅਰ ਦਾ ਅਹੁਦਾ, 4 ਮਾਰਚ ਨੂੰ ਹੋਣਗੀਆਂ ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀਆਂ ਚੋਣਾਂ

0
488

ਚੰਡੀਗੜ੍ਹ, 28 ਫਰਵਰੀ | ਚੰਡੀਗੜ੍ਹ ਦੇ ਨਵੇਂ ਮੇਅਰ ਕੁਲਦੀਪ ਕੁਮਾਰ ਦੀ ਅੱਜ ਤਾਜਪੋਸ਼ੀ ਹੋ ਗਈ ਹੈ। ਉਨ੍ਹਾਂ ਨੂੰ ਇਹ ਕੁਰਸੀ ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਮਿਲੀ ਹੈ। ਦੱਸ ਦਈਏ ਕਿ ਬੀਤੇ ਦਿਨੀਂ ਉਨ੍ਹਾਂ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਮੰਗਲਵਾਰ ਨੂੰ ਅਹੁਦਾ ਨਹੀਂ ਸੰਭਾਲਿਆ ਸੀ ਪਰ ਹਾਈਕੋਰਟ ਦੀਆਂ ਟਿੱਪਣੀਆਂ ਤੋਂ ਬਾਅਦ ਉਨ੍ਹਾਂ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ।

ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ 4 ਮਾਰਚ ਨੂੰ ਹੋਣਗੀਆਂ। ਚੰਡੀਗੜ੍ਹ ਦੇ ਡੀਸੀ ਵਿਨੈ ਪ੍ਰਤਾਪ ਸਿੰਘ ਨੇ 27 ਫਰਵਰੀ ਨੂੰ ਚੋਣਾਂ ਕਰਵਾਉਣ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਸੀ। ਇਸ ਨੂੰ ਕਾਂਗਰਸੀ ਉਮੀਦਵਾਰਾਂ ਗੁਰਪ੍ਰੀਤ ਅਤੇ ਉਰਮਿਲਾ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਚੁਣੌਤੀ ਦਿੱਤੀ ਸੀ। ਉਨ੍ਹਾਂ ਕਿਹਾ ਸੀ ਕਿ ਜਦੋਂ ਮੇਅਰ ਨੇ ਆਪਣਾ ਅਹੁਦਾ ਨਹੀਂ ਸੰਭਾਲਿਆ ਹੈ ਤਾਂ ਚੋਣਾਂ ਕਿਵੇਂ ਹੋ ਸਕਦੀਆਂ ਹਨ।

ਇਸ ’ਤੇ ਸੁਣਵਾਈ ਕਰਦਿਆਂ ਅਦਾਲਤ ਨੇ ਮੇਅਰ ਨੂੰ ਅੱਜ ਹੀ ਆਪਣਾ ਅਹੁਦਾ ਸੰਭਾਲਣ ਅਤੇ ਮੁੜ ਚੋਣਾਂ ਕਰਵਾਉਣ ਲਈ ਪ੍ਰਸ਼ਾਸਨ ਨੂੰ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕਰਨ ਦੇ ਹੁਕਮ ਦਿੱਤੇ ਸਨ। ਇਸ ਤੋਂ ਬਾਅਦ ਪ੍ਰਸ਼ਾਸਨ ਨੇ 4 ਮਾਰਚ ਨੂੰ ਚੋਣਾਂ ਕਰਵਾਉਣ ਦਾ ਨਵਾਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ। 4 ਮਾਰਚ ਨੂੰ ਹੋਣ ਵਾਲੀਆਂ ਚੋਣਾਂ ਲਈ 28 ਅਤੇ 29 ਫਰਵਰੀ ਨੂੰ ਚੋਣ ਲੜ ਰਹੇ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾਣਗੇ।