ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਨੂੰ ਕਿਸਾਨ ਜਥੇਬੰਦੀਆਂ ਅਤੇ ਨਿਹੰਗ ਜਥੇਬੰਦੀਆਂ ਵੱਲੋਂ ਇੱਕ ਵਾਰ ਫਿਰ ਫਰੀ ਕਰ ਦਿੱਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਸ਼ਿਵ ਸੈਨਿਕ ਆਗੂ ਚੇਤਨ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਟੋਲ ’ਤੇ ਰੋਸ ਪ੍ਰਦਰਸ਼ਨ ਕੀਤਾ।
ਜਥੇਬੰਦੀਆਂ ਦਾ ਕਹਿਣਾ ਹੈ ਕਿ ਚੇਤਨ ਵੱਲੋਂ ਸਿੱਖ ਗੁਰੂਆਂ ਬਾਰੇ ਗਲਤ ਟਿੱਪਣੀਆਂ ਕੀਤੀਆਂ ਗਈਆਂ ਸਨ, ਜਿਸ ਕਾਰਨ ਸਿੱਖ ਸੰਗਤ ਵਿੱਚ ਰੋਸ ਹੈ। ਆਗੂਆਂ ਨੇ ਕਿਹਾ ਕਿ ਪੁਲਿਸ ਵੱਲੋਂ ਮਾਮਲੇ ਵਿੱਚ ਐਫਆਈਆਰ ਤਾਂ ਦਰਜ ਕਰ ਲਈ ਗਈ ਹੈ, ਪਰ ਅਜੇ ਤੱਕ ਚੇਤਨ ਦੀ ਗ੍ਰਿਫਤਾਰੀ ਨਹੀਂ ਹੋਈ।
ਪ੍ਰਦਰਸ਼ਨਕਾਰੀਆਂ ਨੇ ਐਲਾਨ ਕੀਤਾ ਕਿ ਜਦੋਂ ਤੱਕ ਚੇਤਨ ਨੂੰ ਗ੍ਰਿਫਤਾਰ ਨਹੀਂ ਕੀਤਾ ਜਾਂਦਾ, ਉਦੋਂ ਤੱਕ ਲਾਡੋਵਾਲ ਟੋਲ ਪਲਾਜ਼ਾ ਫਰੀ ਰਹੇਗਾ ਅਤੇ ਵਾਹਨਾਂ ਤੋਂ ਟੋਲ ਫੀਸ ਨਹੀਂ ਲਈ ਜਾਵੇਗੀ।
ਮੌਕੇ ’ਤੇ ਜਥੇਬੰਦੀਆਂ ਵੱਲੋਂ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਪ੍ਰਦਰਸ਼ਨਕਾਰੀਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਜਲਦ ਕਾਰਵਾਈ ਨਾ ਹੋਈ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।
ਲਾਡੋਵਾਲ ਟੋਲ ਪਲਾਜ਼ਾ ਪਹਿਲਾਂ ਵੀ ਵੱਖ-ਵੱਖ ਮੰਗਾਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵੱਲੋਂ ਫਰੀ ਕੀਤਾ ਜਾ ਚੁੱਕਾ ਹੈ।