ਚੰਡੀਗੜ. ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਪਟਿਆਲਾ ਵਿਖੇ ਰੁਜ਼ਗਾਰ ਪ੍ਰਾਪਤੀ ਲਈ ਸੰਘਰਸ਼ ਕਰ ਰਹੇ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ‘ਤੇ ਲਾਠੀਚਾਰਜ ਕਰਨ ਦੀ ਸ਼ਖ਼ਤ ਨਿਖ਼ੇਧੀ ਕੀਤੀ ਹੈ। ਪਾਰਟੀ ਹੈਡਕੁਆਰਟਰ ਤੋਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਕਿਹਾ ਕਿ ਲਾਠੀਚਾਰਜ ਦਾ ਸ਼ਿਕਾਰ ਹੋਣ ਵਾਲੇ ਬੇਰੁਜ਼ਗਾਰ ਅਧਿਆਪਕਾਂ ‘ਚ ਵੱਡੀ ਗਿਣਤੀ ‘ਚ ਲੜਕੀਆਂ ਸੀ, ਇਸ ਕਰਕੇ ਵਿਸ਼ਵ ਮਹਿਲਾ ਦਿਵਸ ਮੌਕੇ ਲਾਠੀਚਾਰਜ ਕਰਨਾ ਸ਼ਰਮਨਾਕ ਹੈ।
ਮਾਨ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਸਾਰੇ ਵਰਗਾਂ ‘ਤੇ ਕਹਿਰ ਢਾਹਿਆ ਹੋਇਆ ਹੈ, ਪਰ ਸਰਕਾਰ ਦਾ ਅੰਤ ਨਿਸ਼ਚਿਤ ਹੈ। ਕਾਂਗਰਸ ਸਰਕਾਰ ਦੀ ਪੁੱਠੀ ਗਿਣਤੀ ਸ਼ੁਰੂ ਹੋ ਚੁੱਕੀ ਹੈ। ਕਾਂਗਰਸ ਸਰਕਾਰ ਵੱਲੋਂ ਬੇਰੁਜ਼ਗਾਰ ਅਧਿਆਪਕਾਂ ‘ਤੇ ਕੀਤੇ ਕਹਿਰ ਦੀ ਪੰਜਾਬ ਦੇ ਲੋਕ ਵਿਆਜ਼ ਸਮੇਤ ਭਾਜੀ ਮੋੜਨਗੇ। ਮਾਨ ਨੇ ਕਿਹਾ ਕਿ ਦਿੱਲੀ ਜਾ ਕੇ 11 ਲੱਖ ਨੌਕਰੀਆਂ ਦਾ ਗੱਪ ਮਾਰਨ ਵਾਲੇ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਹਕੀਕਤ ‘ਤੇ ਪਰਦੇ ਨਹੀਂ ਪਾ ਸਕਦੇ। ਜਿੱਥੇ ਹਰ ਕੋਈ ਜਾਣਦਾ ਹੈ ਕਿ ਸਰਕਾਰੀ ਸਕੂਲ ਅਧਿਆਪਕਾਂ ਅਤੇ ਹੋਰ ਅਮਲੇ ਦੀ ਘਾਟ ਨਾਲ ਜੂਝ ਰਹੇ ਹਨ। ਸਰਕਾਰੀ ਪ੍ਰਾਇਮਰੀ ਸਕੂਲਾਂ ਨੂੰ ਸੁਪਰ ਸਮਾਰਟ ਸਕੂਲਾਂ ਦਾ ਨਾਂਅ ਦੇ ਕੇ ਹਜ਼ਾਰਾਂ ਸਕੂਲਾਂ ਨੂੰ ‘ਮਰਜ਼‘ ਕਰਕੇ ਜ਼ਿੰਦਰੇ ਮਾਰੇ ਜਾ ਰਹੇ ਹਨ। ਉਹਨਾਂ ਕਿਹਾ ਕਿ ਟੈੱਟ ਪਾਸ ਈਟੀਟੀ ਅਤੇ ਬੀਐੱਡ ਬੇਰੁਜ਼ਗਾਰ ਅਧਿਆਪਕ 6 ਮਹੀਨਿਆਂ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਵਿਖੇ ਪੱਕੇ-ਧਰਨੇ ਲਾ ਕੇ ਸੰਘਰਸ਼ ਕਰ ਰਹੇ ਹਨ, ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਉਹਨਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਗਾਲਾਂ ਤੱਕ ਕੱਢ ਚੁੱਕੇ ਹਨ। ਪਰ ਮੁੱਖ ਮੰਤਰੀ ਕੋਲ ਉਹਨਾਂ ਨਾਲ ਗੱਲਬਾਤ ਕਰਨ ਦਾ ਸਮਾਂ ਵੀ ਨਹੀਂ ਹੈ।
ਮਾਨ ਨੇ ਕਿਹਾ ਕਿ ਪਿਛਲੀ ਬਾਦਲ ਸਰਕਾਰ ਵਾਂਗ ਕੈਪਟਨ ਸਰਕਾਰ ਨੇ ਵੀ ਨੌਜਵਾਨਾਂ ਨਾਲ ਧੋਖਾ ਕੀਤਾ ਹੈ। ਮਾਨ ਨੇ ਦਾਅਵਾ ਕੀਤਾ ਕਿ 2022 ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੇ ਪੰਜਾਬ ਵਿੱਚ ਸਿੱਖਿਆ ਅਤੇ ਸਿਹਤ ਦੇ ਖੇਤਰ ‘ਚ ਸਭ ਤੋਂ ਵੱਧ ਧਿਆਨ ਦਿੱਤਾ ਜਾਵੇਗਾ। ਜਿਸ ਤਰਾਂ ਦਿੱਲੀ ‘ਚ ਕੇਜਰੀਵਾਲ ਸਰਕਾਰ ਨੇ ਦਿੱਤਾ ਹੈ।
Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਇਲ ‘ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ ‘ਤੇ ਕਲਿੱਕ ਕਰੋ।