ਫਤਿਹਗੜ੍ਹ ਸਾਹਿਬ ‘ਚ ਲੱਖਾਂ ਦੀ ਗਿਣਤੀ ‘ਚ ਪੁੱਜੀ ਸੰਗਤ, 3 ਦਿਨਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਈ-ਰਿਕਸ਼ਾ ਸੇਵਾ ਕੀਤੀ ਸ਼ੁਰੂ

0
2018

ਫ਼ਤਿਹਗੜ੍ਹ ਸਾਹਿਬ, 26 ਦਸੰਬਰ | ਫਤਿਹਗੜ੍ਹ ਸਾਹਿਬ ਵਿਖੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਿਹ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਤਿੰਨ ਰੋਜ਼ਾ ਸ਼ਹੀਦੀ ਸਮਾਗਮ ਸ਼ੁਰੂ ਹੋ ਗਿਆ ਹੈ। ਮੰਗਲਵਾਰ ਸਵੇਰੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਇਆ, ਜਿਸ ਦਾ ਭੋਗ 28 ਦਸੰਬਰ ਨੂੰ ਪਵੇਗਾ। ਇਸ ਦੇ ਨਾਲ ਹੀ ਸ਼ਹੀਦੀ ਸਭਾ ਦੀ ਰਸਮੀ ਸ਼ੁਰੂਆਤ ਹੋਈ ਹੈ।

ਇਸ ਪਵਿੱਤਰ ਧਰਤੀ ’ਤੇ ਪੌਸ਼ ਦਾ ਮਹੀਨਾ ਸ਼ੁਰੂ ਹੁੰਦੇ ਹੀ ਦੇਸ਼-ਵਿਦੇਸ਼ ਤੋਂ ਸੰਗਤਾਂ ਆਉਣੀਆਂ ਸ਼ੁਰੂ ਹੋ ਜਾਂਦੀਆਂ ਹਨ। ਅੱਜ ਗੁਰੂਘਰ ਵਿਚ ਮੱਥਾ ਟੇਕਣ ਲਈ ਲੰਮੀਆਂ ਕਤਾਰਾਂ ਲੱਗੀਆਂ ਹੋਈਆਂ ਹਨ। ਫ਼ਤਿਹਗੜ੍ਹ ਸਾਹਿਬ ਦੇ ਡਿਪਟੀ ਕਮਿਸ਼ਨਰ ਪ੍ਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਸ਼ਹੀਦ ਸਭਾ ਦੇ ਪਹਿਲੇ ਦਿਨ 26 ਦਸੰਬਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਵੱਲੋਂ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਅਤੇ ਵਿਕਾਸ ਸਕੀਮਾਂ ਸਬੰਧੀ ਵਿਸ਼ਾਲ ਪ੍ਰਦਰਸ਼ਨੀ ਲਗਾਈ ਜਾਵੇਗੀ।

28 ਦਸੰਬਰ ਨੂੰ ਫ਼ਤਿਹਗੜ੍ਹ ਸਾਹਿਬ ਦੀ ਪਵਿੱਤਰ ਧਰਤੀ ‘ਤੇ ਅਲੌਕਿਕ ਨਗਰ ਕੀਰਤਨ ਸਜਾਇਆ ਜਾਵੇਗਾ। ਇਸ ਦੀ ਸਮਾਪਤੀ ਨਾਲ ਸ਼ਹੀਦੀ ਸਭਾ ਸਮਾਪਤ ਹੋਵੇਗੀ। ਨਗਰ ਕੀਰਤਨ ਤੋਂ ਬਾਅਦ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੱਖ ਕੌਮ ਦੇ ਨਾਮ ਸੰਦੇਸ਼ ਦੇਣਗੇ। ਦੇਸ਼-ਵਿਦੇਸ਼ ਤੋਂ ਸੰਗਤਾਂ ਹਰ ਸਾਲ ਇਸ ਲਾਸਾਨੀ ਕੁਰਬਾਨੀ ‘ਤੇ ਮੱਥਾ ਟੇਕਣ ਲਈ ਆਉਂਦੀਆਂ ਹਨ।

ਸੰਗਤਾਂ ਦੀ ਆਮਦ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਲੇ-ਦੁਆਲੇ ਦੇ ਇਲਾਕਿਆਂ ਨੂੰ ਸੀਲ ਕਰ ਦਿੱਤਾ ਹੈ। ਕਿਸੇ ਵੀ ਵਾਹਨ ਨੂੰ ਅੱਗੇ ਨਹੀਂ ਜਾਣ ਦਿੱਤਾ ਜਾਵੇਗਾ। ਇਸ ਕਾਰਨ ਬਜ਼ੁਰਗਾਂ, ਔਰਤਾਂ ਅਤੇ ਬੱਚਿਆਂ ਦੀ ਸਹੂਲਤ ਲਈ ਈ-ਰਿਕਸ਼ਾ ਸੇਵਾ ਸ਼ੁਰੂ ਕੀਤੀ ਗਈ ਹੈ। ਸੰਗਤਾਂ ਨੂੰ 3 ਦਿਨ ਈ-ਰਿਕਸ਼ਾ ਰਾਹੀਂ ਦਰਸ਼ਨ ਕਰਵਾਏ ਜਾਣਗੇ।