ਜਲੰਧਰ | ਪੰਜਾਬ ‘ਚ ਅੱਜ ਰੈਵੇਨਿਊ ਅਫ਼ਸਰਾਂ ਨੇ ਵਿਜੀਲੈਂਸ ਦੀ ਕਾਰਵਾਈ ਖਿਲਾਫ਼ 1 ਦਸੰਬਰ ਤੱਕ ਹੜਤਾਲ ਕਰਨ ਦਾ ਐਲਾਨ ਕੀਤਾ ਹੈ। ਰੈਵੇਨਿਊ ਅਧਿਕਾਰੀ ਸੋਮਵਾਰ ਨੂੰ ਮੋਹਾਲੀ ਵਿੱਚ ਵਿਜੀਲੈਂਸ ਦੀ ਕਾਰਵਾਈ ਖਿਲਾਫ਼ ਰੈਲੀ ਕਰਨਗੇ।

ਡੀਸੀ ਦਫ਼ਤਰ ਕਰਮਚਾਰੀ ਐਸੋਸੀਏਸ਼ਨ ਪੰਜਾਬ ਨੇ ਵੀ ਸੋਮਵਾਰ ਨੂੰ ਸਾਰੇ ਜ਼ਿਲ੍ਹਿਆਂ ਵਿੱਚ ਕੰਮਕਾਜ ਠੱਪ ਕਰਕੇ ਰੈਲੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ।

ਹੜਤਾਲ ਕਾਰਨ ਅੱਜ ਡੀਸੀ ਦਫ਼ਤਰਾਂ ਵਿੱਚ ਕੰਮਕਾਜ ਨਹੀਂ ਹੋਵੇਗਾ। ਇਸ ਤੋਂ ਇਲਾਵਾ ਸਬ-ਰਜਿਸਟਰਾਰ ਦਫ਼ਤਰਾਂ ਵਿੱਚ ਕੋਈ ਵੀ ਰਜਿਸਟਰੀ ਨਹੀਂ ਹੋਵੇਗੀ। ਇੰਨਾ ਹੀ ਨਹੀਂ, ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਨੇ ਵੀ ਦਸਤਾਵੇਜ਼ ਜਾਰੀ ਕਰਨੇ ਬੰਦ ਕਰ ਦਿੱਤੇ ਹਨ।

ਦੂਜੇ ਪਾਸੇ ਪਟਵਾਰੀ ਵੀ ਮਾਲ ਅਫਸਰਾਂ ਦੀ ਹਮਾਇਤ ਵਿੱਚ ਹੜਤਾਲ ’ਤੇ ਚੱਲ ਰਹੇ ਹਨ। ਮਾਲ ਅਫ਼ਸਰ, ਪਟਵਾਰੀ ਤੇ ਡੀਸੀ ਦਫ਼ਤਰਾਂ ਦੇ ਮੁਲਾਜ਼ਮ 23 ਨਵੰਬਰ ਤੋਂ ਲਗਾਤਾਰ ਹੜਤਾਲ ’ਤੇ ਹਨ।

ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਪੰਜਾਬ ਦੇ ਮੁਖੀ ਗੁਰਨਾਮ ਸਿੰਘ ਵਿਰਕ ਨੇ ਦੱਸਿਆ ਕਿ 22 ਜ਼ਿਲ੍ਹਿਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਫੈਸਲਾ ਕੀਤਾ ਗਿਆ ਕਿ ਸੋਮਵਾਰ ਨੂੰ ਸਮੂਹ ਕਰਮਚਾਰੀ ਸਮੂਹਿਕ ਛੁੱਟੀ ਲੈ ਕੇ ਮੋਹਾਲੀ ਵਿੱਚ ਮਾਲ ਅਫਸਰਾਂ ਸਮੇਤ ਅਰਥੀ ਫੂਕ ਮੁਜ਼ਾਹਰੇ ਵਿੱਚ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਅਗਲੇ ਐਕਸ਼ਨ ਦਾ ਐਲਾਨ ਮੋਹਾਲੀ ਰੈਲੀ ਵਿੱਚ ਹੀ ਕੀਤਾ ਜਾਵੇਗਾ।

ਐਮਰਜੈਂਸੀ ਸੇਵਾਵਾਂ ਦਾ ਵੀ ਕਰਨਗੇ ਬਾਈਕਾਟ

ਯੂਨੀਅਨ ਨੇ ਕਿਹਾ ਕਿ ਹੜਤਾਲ ਦੌਰਾਨ ਐਮਰਜੈਂਸੀ ਸੇਵਾਵਾਂ, ਕੋਰੋਨਾ ਨਾਲ ਸਬੰਧਤ ਸੇਵਾਵਾਂ ਤੇ ਚੋਣ ਡਿਊਟੀਆਂ ਦਾ ਵੀ ਬਾਈਕਾਟ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਇਸ ਦੇ ਲਈ ਪੰਜਾਬ ਸਰਕਾਰ ਸਿੱਧੇ ਤੌਰ ‘ਤੇ ਜ਼ਿੰਮੇਵਾਰ ਹੋਵੇਗੀ। ਉਨ੍ਹਾਂ ਜ਼ਿਲ੍ਹਾ ਪੱਧਰ ’ਤੇ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਮੋਹਾਲੀ ਰੈਲੀ ਵਿੱਚ ਸ਼ਾਮਲ ਹੋਣ ਲਈ ਕਿਹਾ ਤਾਂ ਜੋ ਸਰਕਾਰ ‘ਤੇ ਦਬਾਅ ਪਾਇਆ ਜਾ ਸਕੇ।

ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੁਲਾਜ਼ਮ ਜਥੇਬੰਦੀਆਂ ਨੇ ਸਰਕਾਰ ਖਿਲਾਫ਼ ਸੰਘਰਸ਼ ਤੇਜ਼ ਕਰ ਦਿੱਤਾ ਹੈ। ਹਰ ਰੋਜ਼ ਕਰਮਚਾਰੀ ਆਪਣੀਆਂ ਮੰਗਾਂ ਨੂੰ ਲੈ ਕੇ ਮੰਤਰੀਆਂ ਤੇ ਨੇਤਾਵਾਂ ਦਾ ਘਿਰਾਓ ਕਰ ਰਹੇ ਹਨ।

ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ

  • ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
  • ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ
  • ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
  • ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ