ਚੰਡੀਗੜ੍ਹ. ਪੰਜਾਬ ਪੁਲਿਸ ਨੇ 3 ਵਿਅਕਤੀਆਂ ਦੀ ਗ੍ਰਿਫ਼ਤਾਰੀ ਨਾਲ ਇੱਕ ਵੱਡੇ ਨਾਰਕੋ ਗੈਂਗਸਟਰ ਮੌਡਿਊਲ ਦਾ ਪਰਦਾਫਾਸ਼ ਕੀਤਾ ਹੈ, ਜਿਸ ਦੀ 532 ਕਿਲੋ ਅਟਾਰੀ ਡਰੱਗ ਮਾਮਲੇ ਵਿੱਚ ਭਾਲ ਸੀ। ਡੀਜੀਪੀ ਦਿਨਕਰ ਗੁਪਤਾ ਨੇ ਮੰਗਲਵਾਰ ਨੂੰ ਦੱਸਿਆ ਕਿ ਦੋਸ਼ੀਆਂ ਕੋਲੋਂ 6 ਨਾਜਾਇਜ਼ ਹਥਿਆਰ ਜ਼ਬਤ ਕੀਤੇ ਗਏ ਹਨ, ਅਤੇ ਉਨ੍ਹਾਂ ਖਿਲਾਫ਼ ਥਾਣਾ ਭਿੱਖੀਵਿੰਡ ਵਿਖੇ ਐਨਡੀਪੀਐਸ ਐਕਟ ਦੀ ਧਾਰਾ 27, ਆਰਮਜ਼ ਐਕਟ ਦੀ ਧਾਰਾ 25, 54, 59, ਆਈਪੀਸੀ 188, 269, 270, 506 ਅਤੇ ਆਪਦਾ ਪ੍ਰਬੰਧਨ ਦੀ ਧਾਰਾ 51 ਬੀ ਤਹਿਤ ਕੇਸ ਦਰਜ ਕੀਤਾ ਗਿਆ ਹੈ।
ਡੀਐਸਪੀ/ਡਿਟੈਕਟਿਵ ਅਤੇ ਇੰਚਾਰਜ ਸੀਆਈਏ, ਤਰਨ ਤਾਰਨ ਦੀ ਟੀਮ ਨੇ ਗੁਰਪ੍ਰੀਤ ਸਿੰਘ ਪੁੱਤਰ ਜਸਵੰਤ ਸਿੰਘ ਨਿਵਾਸੀ ਪਿੰਡ ਭਿੱਖੀਵਿੰਡ, ਥਾਣਾ ਭਿੱਖੀਵਿੰਡ; ਸੁਖਦੇਵ ਸਿੰਘ ਪੁੱਤਰ ਲਖਵੀਰ ਸਿੰਘ, ਨਿਵਾਸੀ ਪਿੰਡ ਜੀਓਨਕੇ, ਥਾਣਾ ਹਰੀਕੇ ਅਤੇ ਸਰਬਜੀਤ ਸਿੰਘ ਪੁੱਤਰ ਸੁਖਦੇਵ ਸਿੰਘ, ਨਿਵਾਸੀ ਪਿੰਡ ਵਾੜਾ, ਥਾਣਾ ਭਿੱਖੀਵਿੰਡ ਤੋਂ ਗ੍ਰਿਫ਼ਤਾਰ ਕੀਤੇ ਹਨ।
ਉਨ੍ਹਾਂ ਕੋਲੋਂ ਬਰਾਮਦ ਕੀਤੇ ਗਏ ਹਥਿਆਰਾਂ ਵਿੱਚ 12 ਬੋਰ ਦੀ ਦੁਨਾਲੀ ਰਾਈਫਲ, ਇੱਕ 32 ਬੋਰ ਦੀ ਬੈਰੇਟਾ ਪਿਸਤੌਲ, ਦੋ 32 ਬੋਰ ਪਿਸਤੌਲ, ਇੱਕ 12 ਬੋਰ ਦੀ ਪਿਸਤੌਲ ਅਤੇ ਇੱਕ 315 ਬੋਰ ਪਿਸਤੌਲ ਸਮੇਤ 315 ਬੋਰ ਦੇ 2 ਜਿੰਦਾ ਕਾਰਤੂਸ ਅਤੇ 32 ਬੋਰ ਦੇ 2 ਜਿੰਦਾ ਕਾਰਤੂਸ ਸ਼ਾਮਲ ਹਨ। ਦੋਸ਼ੀ ਗੁਰਪ੍ਰੀਤ ‘ਤੇ ਜੇਲ੍ਹ ਵਿੱਚ ਬੰਦ ਕਈ ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਨਾਲ ਸਿੱਧੇ ਸੰਪਰਕ ਹੋਣ ਦਾ ਦੋਸ਼ ਵੀ ਸੀ।
ਇਸ ਸਬੰਧੀ ਵੇਰਵੇ ਦਿੰਦਿਆਂ ਡੀਜੀਪੀ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਦੀ ਪੁੱਛਗਿੱਛ ਤੋਂ ਪਤਾ ਲੱਗਾ ਹੈ ਕਿ ਉਹ ਸ਼ੁਭਮ ਨਾਲ ਸਿੱਧਾ ਸੰਪਰਕ ਵਿੱਚ ਸੀ, ਉਹ ਬਟਾਲਾ ਦਾ ਇੱਕ ਗੈਂਗਸਟਰ ਸੀ ਅਤੇ 2018 ਵਿਚ ਅੰਮ੍ਰਿਤਸਰ ਵਿਚ ਇੱਕ ਗਹਿਣਿਆਂ ਦੀ ਦੁਕਾਨ ਤੋਂ 7 ਕਰੋੜ ਰੁਪਏ ਦੀ ਹਥਿਆਰਬੰਦ ਲੁੱਟ ਦੇ ਮਾਮਲੇ ਵਿੱਚ ਮੁੱਖ ਮੁਲਜ਼ਮ ਸੀ। ਸ਼ੁਭਮ ਨੂੰ 2019 ਵਿਚ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਇਸ ਸਮੇਂ ਉਹ ਕੇਂਦਰੀ ਜੇਲ੍ਹ, ਅੰਮ੍ਰਿਤਸਰ ਵਿਚ ਬੰਦ ਹੈ।