ਵਿਆਹ ਦੀ ਤਰੀਕ ਹੋਈ ਲੇਟ ਤਾਂ ਮੰਗੇਤਰ ਨੇ ਹਥਿਆਰਾਂ ਦੇ ਜ਼ੋਰ ‘ਤੇ ਘਰੋਂ ਅਗਵਾ ਕੀਤੀ ਕੁੜੀ, ਕੇਸ ਦਰਜ

0
925

ਫਿਰੋਜ਼ਪੁਰ | ਸਥਾਨਕ ਸ਼ਾਂਤੀ ਨਗਰ ਦੀ ਵਸਨੀਕ ਵੀਰਪਾਲ ਕੌਰ ਨੇ ਦੱਸਿਆ ਕਿ ਉਨ੍ਹਾਂ ਨੇ 2 ਸਾਲ ਪਹਿਲਾਂ ਆਪਣੀ 21 ਸਾਲਾ ਧੀ ਦਾ ਰਿਸ਼ਤਾ ਪਿੰਡ ਸ਼ੇਰ ਖਾਂ ‘ਚ ਆਪਣੀ ਨਣਾਨ ਦੇ ਘਰ ਕੀਤਾ ਸੀ ਅਤੇ ਪਿਛਲੇ ਅਪ੍ਰੈਲ ਮਹੀਨੇ ਦਾ ਵਿਆਹ ਪੱਕਾ ਕੀਤਾ ਸੀ ਪਰ ਉਨ੍ਹਾਂ ਦੀ ਦੂਸਰੀ ਲੜਕੀ ਦੀ ਮੌਤ ਹੋ ਜਾਣ ਕਾਰਨ ਵਿਆਹ ਲੇਟ ਹੋ ਗਿਆ, ਜਿਸ ਤੋਂ ਬਾਅਦ ਹੁਣ ਦੁਬਾਰਾ ਉਨ੍ਹਾਂ ਨੇ ਲੜਕੀ ਦਾ ਵਿਆਹ 24 ਨਵੰਬਰ ਦਾ ਰੱਖ ਦਿੱਤਾ, ਜੋ ਮੁੰਡੇ ਸਨਮ ਨੂੰ ਮਨਜ਼ੂਰ ਨਹੀਂ ਹੋਇਆ ਅਤੇ ਉਹ ਬੋਲ-ਕੁਬੋਲ ਬੋਲਣ ਲੱਗ ਗਿਆ।

ਇਸੇ ਗੱਲ ਨੂੰ ਲੈ ਕੇ 2 ਦਿਨ ਪਹਿਲਾਂ ਲੜਕਾ ਆਪਣੇ ਸਾਥੀਆਂ ਸਮੇਤ ਹਥਿਆਰ ਲੈ ਕੇ ਉਨ੍ਹਾਂ ਦੇ ਘਰ ਆਇਆ ਤੇ ਉਨ੍ਹਾਂ ਦੇ ਪੂਰੇ ਪਰਿਵਾਰ ਨਾਲ ਕੁੱਟਮਾਰ ਕਰਦਾ ਹੋਇਆ ਉਨ੍ਹਾਂ ਦੀ ਲੜਕੀ ਨੂੰ ਜ਼ਬਰਦਸਤੀ ਘਰੋਂ ਚੁੱਕ ਕੇ ਲੈ ਗਿਆ, ਜਿਸ ਤੋਂ ਬਾਅਦ ਪਰਿਵਾਰ ਵੱਲੋਂ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ।

ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਜਲਦ ਤੋਂ ਜਲਦ ਦੋਸ਼ੀਆਂ ਵਿਰੁੱਧ ਕਾਰਵਾਈ ਕਰਕੇ ਉਨ੍ਹਾਂ ਦੀ ਧੀ ਘਰ ਵਾਪਸ ਲਿਆਂਦੀ ਜਾਵੇ ਤਾਂ ਜੋ ਉਨ੍ਹਾਂ ਦੀ ਧੀ ਨਾਲ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ।

ਦੂਜੇ ਪਾਸੇ ਜਦੋਂ ਪੁਲਿਸ ਨਾਲ ਗੱਲਬਾਤ ਕੀਤੀ ਗਈ ਤਾਂ ਏਐੱਸਆਈ ਗੁਰਮੀਤ ਸਿੰਘ ਨੇ ਕਿਹਾ ਕਿ ਲੜਕੀ ਦੀ ਮਾਂ ਦੇ ਬਿਆਨਾਂ ‘ਤੇ 5 ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਦੋਸ਼ੀਆਂ ਦੀ ਭਾਲ ਜਾਰੀ ਹੈ।

ਵਿਆਹ ਕਰਵਾਉਣ ਤੋਂ ਬਾਅਦ ਆਰੋਪੀ ਨੇ ਸੋਸ਼ਲ ਮੀਡੀਆ ‘ਤੇ ਪਾਈ ਫੋਟੋ

ਵੀਰਪਾਲ ਕੌਰ ਨੇ ਦੱਸਿਆ ਕਿ ਬੁੱਧਵਾਰ ਨੂੰ ਸਨਮ ਨੇ ਉਨ੍ਹਾਂ ਨੂੰ ਸੋਸ਼ਲ ਮੀਡੀਆ ‘ਤੇ ਫੋਟੋ ਭੇਜੀ ਤੇ ਦੱਸਿਆ ਕਿ ਉਨ੍ਹਾਂ ਨੇ ਵਿਆਹ ਕਰ ਲਿਆ ਹੈ। ਫੋਟੋ ਦੇਖ ਕੇ ਉਨ੍ਹਾਂ ਦੇ ਪੈਰਾਂ ਹੇਠੋਂ ਜ਼ਮੀਨ ਨਿਕਲ ਗਈ।

ਵੀਰਪਾਲ ਕੌਰ ਨੇ ਕਿਹਾ ਕਿ ਉਨ੍ਹਾਂ ਇਸ ਬਾਰੇ ਪੁਲਿਸ ਨੂੰ ਸੂਚਨਾ ਦੇ ਦਿੱਤੀ ਹੈ ਕਿ ਮੁੰਡੇ ਨੇ ਜ਼ਬਰਦਸਤੀ ਉਨ੍ਹਾਂ ਦੀ ਕੁੜੀ ਨੂੰ ਘਰੋਂ ਲਿਜਾ ਕੇ ਵਿਆਹ ਕਰਵਾਇਆ ਹੈ, ਉਸ ਖਿਲਾਫ ਕਾਰਵਾਈ ਕੀਤੀ ਜਾਵੇ।

(ਨੋਟ –ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ ਟੈਲੀਗ੍ਰਾਮ ‘ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ https://t.me/punjabibulletin)