ਗੈਂਗਸਟਰ ਲਾਰੈਂਸ ਦੇ ਭਰਾ ਅਨਮੋਲ ਬਿਸ਼ਨੋਈ ਲਈ ਲੁੱਕਆਊਟ ਨੋਟਿਸ ਜਾਰੀ, ਜਲੰਧਰ ਤੋਂ 2 ਗੁੰਡਿਆਂ ਦੀ ਗ੍ਰਿਫਤਾਰੀ ਤੋਂ ਬਾਅਦ ਕਾਰਵਾਈ

0
6963

ਮੁੰਬਈ/ਜਲੰਧਰ | ਪੁਲਿਸ ਨੇ ਅਭਿਨੇਤਾ ਸਲਮਾਨ ਖਾਨ ਦੇ ਘਰ ਗੋਲੀਬਾਰੀ ਦੇ ਮਾਮਲੇ ‘ਚ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਲਈ ਲੁੱਕਆਊਟ ਨੋਟਿਸ ਜਾਰੀ ਕੀਤਾ ਹੈ। ਮੁੰਬਈ ਪੁਲਿਸ ਵੱਲੋਂ ਜਾਰੀ ਬਿਆਨ ‘ਚ ਕਿਹਾ ਗਿਆ ਹੈ ਕਿ 14 ਅਪ੍ਰੈਲ ਨੂੰ ਅਦਾਕਾਰ ਸਲਮਾਨ ਖਾਨ ਦੇ ਘਰ ਦੇ ਬਾਹਰ ਹੋਈ ਗੋਲੀਬਾਰੀ ਦੀ ਘਟਨਾ ਦੇ ਸਬੰਧ ‘ਚ ਜੇਲ ‘ਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਛੋਟੇ ਭਰਾ ਅਨਮੋਲ ਬਿਸ਼ਨੋਈ ਖਿਲਾਫ ਲੁੱਕ ਆਊਟ ਨੋਟਿਸ (ਐੱਲ.ਓ.ਸੀ.) ਜਾਰੀ ਕੀਤਾ ਗਿਆ ਹੈ। ਮੁੰਬਈ ਪੁਲਿਸ ਨੇ ਵੀ ਇਸ ਸਬੰਧੀ ਏਜੰਸੀਆਂ ਨਾਲ ਰਿਪੋਰਟ ਸਾਂਝੀ ਕੀਤੀ ਹੈ ।

ਮੁੰਬਈ ਕ੍ਰਾਈਮ ਬ੍ਰਾਂਚ ਨੇ ਬੀਤੇ ਦਿਨੀਂ ਜਲੰਧਰ ਤੋਂ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਸੀ, ਜਿਨ੍ਹਾਂ ਨੇ ਮੁੱਖ ਮੁਲਜ਼ਮ ਵਿੱਕੀ ਗੁਪਤਾ ਅਤੇ ਸਾਗਰ ਪਾਲ ਨੂੰ ਹਥਿਆਰ ਮੁਹੱਈਆ ਕਰਵਾਏ ਸਨ। ਮੁਲਜ਼ਮਾਂ ਦੀ ਪਛਾਣ ਸੋਨੂੰ ਸੁਭਾਸ਼ ਚੰਦਰ (37) ਅਤੇ ਅਨੁਜ ਥਾਪਨ (32) ਵਜੋਂ ਹੋਈ ਹੈ। ਦੋਵੇਂ ਮੁਲਜ਼ਮ ਪੰਜਾਬ ਦੇ ਅਬੋਹਰ ਦੇ ਰਹਿਣ ਵਾਲੇ ਹਨ। ਮੁਲਜ਼ਮ ਅਨੁਜ ਟਰੱਕ ’ਤੇ ਹੈਲਪਰ ਵਜੋਂ ਕੰਮ ਕਰਦਾ ਸੀ।

ਸੁਭਾਸ਼ ਇਕ ਕਿਸਾਨ ਹੈ ਅਤੇ ਕਰਿਆਨੇ ਦੀ ਦੁਕਾਨ ਵੀ ਚਲਾਉਂਦਾ ਹੈ। ਅਨੁਜ ਖਿਲਾਫ ਪਹਿਲਾਂ ਹੀ ਪੰਜਾਬ ਅਤੇ ਹਰਿਆਣਾ ‘ਚ ਕਈ ਮਾਮਲੇ ਦਰਜ ਹਨ ਅਤੇ ਉਹ ਸ਼ੁਰੂ ਤੋਂ ਹੀ ਲਾਰੈਂਸ ਗੈਂਗ ਨਾਲ ਜੁੜਿਆ ਹੋਇਆ ਹੈ। ਦੋਵਾਂ ਨੇ 15 ਮਾਰਚ ਨੂੰ ਪਨਵੇਲ ‘ਚ 2 ਪਿਸਤੌਲਾਂ ਦੀ ਡਲਿਵਰੀ ਕੀਤੀ ਸੀ।