ਲੁਧਿਆਣਾ | ਇਥੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਵੱਖ-ਵੱਖ ਥਾਵਾਂ ‘ਤੇ ਵਾਪਰੇ 2 ਸੜਕ ਹਾਦਸਿਆਂ ਵਿਚ ਪੀਏਯੂ ਦੀ ਵਿਦਿਆਰਥਣ ਸਮੇਤ 2 ਲੜਕੀਆਂ ਦੀ ਦਰਦਨਾਕ ਮੌਤ ਹੋ ਗਈ। ਸਬੰਧਤ ਥਾਣਿਆਂ ਦੀ ਪੁਲਿਸ ਨੇ ਮੁਲਜ਼ਮ ਡਰਾਈਵਰਾਂ ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਏਐਸਆਈ ਸੁਰਜੀਤ ਸਿੰਘ ਨੇ ਦੱਸਿਆ ਕਿ ਉਸ ਦੀ ਪਛਾਣ ਰਵਨੀਤ ਕੌਰ (19) ਵਜੋਂ ਹੋਈ ਹੈ, ਜੋ ਗਿੱਲ ਰੋਡ ਆਈਟੀਆਈ ਦੇ ਸਾਹਮਣੇ ਰਹਿੰਦੀ ਸੀ। ਪੁਲਿਸ ਨੇ ਉਸ ਦੇ ਪਿਤਾ ਪੁਸ਼ਪਿੰਦਰ ਸਿੰਘ ਦੀ ਸ਼ਿਕਾਇਤ ’ਤੇ ਕੁਲਦੀਪ ਸਿੰਘ ਵਾਸੀ ਬਾਬਾ ਜੀਵਨ ਸਿੰਘ ਨਗਰ ਖ਼ਿਲਾਫ਼ ਕੇਸ ਦਰਜ ਕਰਕੇ ਭਾਲ ਸ਼ੁਰੂ ਕਰ ਦਿੱਤੀ ਹੈ। ਆਪਣੇ ਬਿਆਨ ਵਿਚ ਉਸ ਨੇ ਦੱਸਿਆ ਕਿ 18 ਅਪ੍ਰੈਲ ਨੂੰ ਉਸ ਦੀ ਲੜਕੀ ਪੀਏਯੂ ਤੋਂ ਪੜ੍ਹਾਈ ਕਰਕੇ ਘਰ ਪਰਤ ਰਹੀ ਸੀ। ਜਿਵੇਂ ਹੀ ਉਹ ਦੱਖਣੀ ਬਾਈਪਾਸ ‘ਤੇ ਸਥਿਤ ਪ੍ਰਕਾਸ਼ ਨਗਰ ਜਵੱਦੀ ਕਲਾਂ ਨੇੜੇ ਪਹੁੰਚੀ। ਇਸ ਦੌਰਾਨ ਪਿੱਛੇ ਤੋਂ ਤੇਜ਼ ਰਫ਼ਤਾਰ ਨਾਲ ਆ ਰਹੇ ਟਰੱਕ ਨੇ ਉਸ ਨੂੰ ਆਪਣੀ ਲਪੇਟ ਵਿਚ ਲੈ ਲਿਆ। ਉਸ ਨੂੰ ਇਲਾਜ ਲਈ ਨਿੱਜੀ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਦੱਖਣੀ ਬਾਈਪਾਸ ‘ਤੇ ਬੇਕਾਬੂ ਤੇਜ਼ ਰਫਤਾਰ ਟਰੱਕ ਨੇ ਸਕੂਟਰੀ ‘ਤੇ ਜਾ ਰਹੀ ਵਿਦਿਆਰਥਣ ਨੂੰ ਆਪਣੀ ਲਪੇਟ ‘ਚ ਲੈ ਲਿਆ। ਇਸ ਹਾਦਸੇ ਵਿਚ ਉਸ ਦੀ ਦਰਦਨਾਕ ਮੌਤ ਹੋ ਗਈ। ਹਾਦਸੇ ਤੋਂ ਬਾਅਦ ਡਰਾਈਵਰ ਟਰੱਕ ਛੱਡ ਕੇ ਫਰਾਰ ਹੋ ਗਿਆ। ਸੂਚਨਾ ਮਿਲਣ ‘ਤੇ ਥਾਣਾ ਦੁੱਗਰੀ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਤੋਂ ਬਾਅਦ ਲਾਸ਼ ਨੂੰ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤਾ।
ਡੇਹਲੋਂ ਰੋਡ ‘ਤੇ ਤੇਜ਼ ਰਫਤਾਰ ਕਾਰ ਦੀ ਲਪੇਟ ‘ਚ ਆਉਣ ਨਾਲ ਮੋਟਰਸਾਈਕਲ ‘ਤੇ ਜਾ ਰਹੀ ਇਕ ਲੜਕੀ ਗੰਭੀਰ ਜ਼ਖਮੀ ਹੋ ਗਈ। ਹਸਪਤਾਲ ‘ਚ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਸੂਚਨਾ ਮਿਲਣ ‘ਤੇ ਥਾਣਾ ਡੇਹਲੋਂ ਦੀ ਪੁਲਿਸ ਨੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤਾ। ਏਐਸਆਈ ਭੁਪਿੰਦਰ ਸਿੰਘ ਨੇ ਦੱਸਿਆ ਕਿ ਉਸ ਦੀ ਪਛਾਣ ਹਰਸਿਮਰਨਜੋਤ ਕੌਰ (21) ਵਾਸੀ ਸਨਰਾਈਜ਼ ਕਾਲੋਨੀ ਪੱਖੋਵਾਲ ਰੋਡ ਵਜੋਂ ਹੋਈ ਹੈ।
ਪੁਲਿਸ ਨੇ ਉਸ ਦੇ ਪਿਤਾ ਵਿਕਰਮਜੀਤ ਸਿੰਘ ਦੀ ਸ਼ਿਕਾਇਤ ’ਤੇ ਬਠਿੰਡਾ ਵਾਸੀ ਜਗਦੇਵ ਸਿੰਘ ਖ਼ਿਲਾਫ਼ ਕੇਸ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਆਪਣੇ ਬਿਆਨ ਵਿੱਚ ਉਸਨੇ ਦੱਸਿਆ ਕਿ 13 ਅਪ੍ਰੈਲ ਨੂੰ ਉਸਦੀ ਲੜਕੀ ਆਪਣੇ ਚਚੇਰੇ ਭਰਾ ਲਵਦੀਪ ਸਿੰਘ ਅਤੇ ਚਚੇਰੇ ਭਰਾ ਬਲਰਾਜ ਸਿੰਘ ਨਾਲ ਗੁਰਦੁਆਰਾ ਆਲਮਗੀਰ ਵਿਖੇ ਮੱਥਾ ਟੇਕ ਕੇ ਵਾਪਸ ਆ ਰਹੀ ਸੀ। ਇਸੇ ਦੌਰਾਨ ਮੁਲਜ਼ਮ ਦੀ ਹੁੰਡਈ ਵੈਨਿਊ ਕਾਰ ਨੰਬਰ ਸੀਐਚ01ਸੀਬੀ 5777 ਨੇ ਉਸ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਹਰਸਿਮਰਨਜੋਤ ਕੌਰ ਦੀ 18 ਅਪ੍ਰੈਲ ਨੂੰ ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋ ਗਈ।