ਲੁਧਿਆਣਾ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਪੁਰਾਣੀ ਸਬਜ਼ੀ ਮੰਡੀ ਗਰੇਵਾਲ ਮਾਰਕੀਟ ਵਿਚ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਉਮਰ 30 ਸਾਲ ਸੀ। ਇਸ ਮਾਮਲੇ ਵਿਚ ਥਾਣਾ ਦਰੇਸੀ ਦੀ ਪੁਲਿਸ ਨੇ ਮ੍ਰਿਤਕ ਸੁਨੀਲ ਕੁਮਾਰ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਨੇ ਮ੍ਰਿਤਕ ਦੇ ਭਰਾ ਦੀ ਸ਼ਿਕਾਇਤ ‘ਤੇ ਕਾਰਾਬਾਰਾ ਰੋਡ ਦੇ ਵਾਸੀ ਵਰਿੰਦਰ ਕੁਮਾਰ ਉਰਫ ਡੁੱਡਾ, ਨਾਨਕ ਨਗਰ ਦੇ ਵਾਸੀ ਸੰਜੀਵ ਕੁਮਾਰ ਉਰਫ਼ ਸੰਨੀ ਅਤੇ ਤਾਜਪੁਰ ਦੇ ਰਹਿਣ ਵਾਲੇ ਪਰਮਿੰਦਰ ਸਿੰਘ ਉਰਫ ਅਜੈ ਖਿਲਾਫ ਮੁਕੱਦਮਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਉਸ ਨੇ ਦੱਸਿਆ ਕਿ ਉਸ ਦੇ ਭਰਾ ਸੁਨੀਲ ਕੁਮਾਰ ਨੂੰ ਮੁਹੱਲੇ ਦੇ ਹੀ ਰਹਿਣ ਵਾਲੇ ਨੌਜਵਾਨ ਆਪਣੇ ਨਾਲ ਕਿਧਰੇ ਲੈ ਗਏ। ਸਵੇਰੇ 5 ਵਜੇ ਉਨ੍ਹਾਂ ਨੂੰ ਪਤਾ ਲੱਗਾ ਕਿ ਸੁਨੀਲ ਸਬਜ਼ੀ ਮੰਡੀ ਦੇ ਲਾਗੇ ਬਣੀ ਗਰੇਵਾਲ ਮਾਰਕੀਟ ਵਿਚ ਇਕ ਨਾਈ ਦੀ ਦੁਕਾਨ ਵਿਚ ਤੜਫ ਰਿਹਾ ਹੈ। ਮੌਕੇ ‘ਤੇ ਪਹੁੰਚ ਕੇ ਉਸ ਨੇ ਦੇਖਿਆ ਕਿ ਸੁਨੀਲ ਦੇ ਮੂੰਹ ‘ਚੋਂ ਝੱਗ ਨਿਕਲ ਰਹੀ ਹੈ। ਹਸਪਤਾਲ ਪਹੁੰਚ ਕੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ।

ਮ੍ਰਿਤਰ ਦੇ ਭਰਾ ਨੇ ਪੁਲਿਸ ਨੂੰ ਦੱਸਿਆ ਕਿ ਮੁਲਜ਼ਮਾਂ ਨੇ ਉਸ ਦੇ ਭਰਾ ਨੂੰ ਕੋਈ ਨਸ਼ੀਲੀ ਵਸਤੂ ਲੈਣ ਲਈ ਮਜਬੂਰ ਕੀਤਾ ਅਤੇ ਨਸ਼ੇ ਦੀ ਜ਼ਿਆਦਾ ਮਾਤਰਾ ਉਸ ਦੀ ਮੌਤ ਦਾ ਕਾਰਨ ਬਣ ਗਈ। ਉਧਰੋਂ ਇਸ ਮਾਮਲੇ ਵਿਚ ਪੁਲਿਸ ਦਾ ਕਹਿਣਾ ਹੈ ਕਿ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੋਸਟਮਾਰਟਮ ਦੀ ਰਿਪੋਰਟ ਤੋਂ ਬਾਅਦ ਮੌਤ ਸਹੀ ਕਾਰਨਾਂ ਦਾ ਪਤਾ ਲੱਗ ਸਕੇਗਾ। ਫਿਲਹਾਲ ਪੁਲਿਸ ਨੇ ਵਰਿੰਦਰ ਕੁਮਾਰ, ਸੰਜੀਵ ਕੁਮਾਰ ਅਤੇ ਪਰਮਿੰਦਰ ਸਿੰਘ ਖਿਲਾਫ ਮੁਕੱਦਮਾ ਦਰਜ ਕਰਕੇ ਵਰਿੰਦਰ ਅਤੇ ਸੰਜੀਵ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਇਸ ਮਾਮਲੇ ਵਿਚ ਤੀਸਰੇ ਮੁਲਜ਼ਮ ਦੀ ਤਲਾਸ਼ ਕਰ ਰਹੀ ਹੈ।