ਲੁਧਿਆਣਾ | ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਦੁਰਗਾ ਮਾਤਾ ਮੰਦਰ ਦੀ ਪ੍ਰਬੰਧਕ ਕਮੇਟੀ ਨੂੰ ਅਤਿ-ਆਧੁਨਿਕ ਸੁਪਰ ਸਪੈਸ਼ਲਿਟੀ ਹਸਪਤਾਲ ਦੀ ਉਸਾਰੀ ਲਈ ਵੱਖਰੇ ਤੌਰ ‘ਤੇ ਜ਼ਮੀਨ ਅਲਾਟ ਕਰਨ ਦਾ ਐਲਾਨ ਕੀਤਾ ਹੈ।
ਇਥੋਂ ਦੇ ਪਵਿੱਤਰ ਦੁਰਗਾ ਮਾਤਾ ਮੰਦਰ ਵਿਖੇ ਮੱਥਾ ਟੇਕਣ ਅਤੇ ਸੂਬੇ ਦੀ ਹੋਰ ਤਨਦੇਹੀ ਅਤੇ ਦ੍ਰਿੜਤਾ ਨਾਲ ਸੇਵਾ ਕਰਨ ਲਈ ਮਾਂ ਦੁਰਗਾ ਤੋਂ ਆਸ਼ੀਰਵਾਦ ਲੈਣ ਉਪਰੰਤ ਮੁੱਖ ਮੰਤਰੀ ਨੇ ਕਿਹਾ ਕਿ ਦੁਰਗਾ ਮਾਤਾ ਮੰਦਿਰ ਦੇ ਪ੍ਰਬੰਧਕ, ਮੰਦਿਰ ਦੀ ਥਾਂ `ਤੇ ਹੀ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਕੇ ਸਮਾਜ ਦੀ ਅਸਲ ਸੇਵਾ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਇਸ ਸੇਵਾ ਕਾਰਜ ਨੂੰ ਹੋਰ ਹੁਲਾਰਾ ਦੇਣ ਦੀ ਲੋੜ ਹੈ ਜਿਸ ਲਈ ਸੂਬਾ ਸਰਕਾਰ ਵੱਲੋਂ ਮੰਦਰ ਦੀ ਮੌਜੂਦਾ ਥਾਂ ਦੇ ਬਰਾਬਰ 11 ਕਨਾਲ ਥਾਂ ਹਸਪਤਾਲ ਵਾਸਤੇ ਅਲਾਟ ਕੀਤੀ ਜਾਵੇਗੀ। ਮੁੱਖ ਮੰਤਰੀ ਚੰਨੀ ਨੇ ਮੰਦਿਰ ਦੇ ਆਸ-ਪਾਸ ਦੇ ਪੁਲਿਸ ਸਟੇਸ਼ਨ ਨੂੰ ਨਵੀਂ ਜਗ੍ਹਾ `ਤੇ ਤਬਦੀਲ ਕਰਕੇ ਇਹ ਥਾਂ ਮੰਦਰ ਨੂੰ ਅਲਾਟ ਕਰਨ ਦਾ ਵੀ ਐਲਾਨ ਕੀਤਾ।
ਇਸ ਮੌਕੇ ਮੰਦਰ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰੀ ਪਰਸ਼ੋਤਮ ਮਿੱਤਲ, ਸ੍ਰੀ ਸੰਜੇ ਮਹਿੰਦਰੂ ਅਤੇ ਸ੍ਰੀ ਸੰਜੇ ਗੋਇਲ ਨੇ ਮੁੱਖ ਮੰਤਰੀ ਨੂੰ ਮਾਤਾ ਰਾਣੀ ਦੀ ਚੁੰਨੀ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ, ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਅਤੇ ਵਿਧਾਇਕ ਕੁਲਦੀਪ ਸਿੰਘ ਵੈਦ, ਵਿਧਾਇਕ ਸੁਰਿੰਦਰ ਡਾਵਰ ਤੇ ਮੇਅਰ ਬਲਕਾਰ ਸਿੰਘ ਹਾਜ਼ਰ ਸਨ।
ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ
- ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
- ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ