ਬਟਾਲਾ : ਬਾਈਕ ਸਵਾਰਾਂ ਨੂੰ ਬੱਸ ਨੇ ਮਾਰੀ ਭਿਆਨਕ ਟੱਕਰ; ਔਰਤ ਦੀ ਦਰਦਨਾਕ ਮੌਤ, ਕੱਪੜੇ ਖਰੀਦਣ ਜਾ ਰਿਹਾ ਸੀ ਪਰਿਵਾਰ

0
442

ਬਟਾਲਾ, 15 ਅਕਤੂਬਰ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਬਟਾਲਾ ਦੇ ਅੰਮ੍ਰਿਤਸਰ ਰੋਡ ’ਤੇ ਇਕ ਬੱਸ ਨੇ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰ ਦਿੱਤੀ। ਹਾਦਸੇ ’ਚ ਮੋਟਰਸਾਈਕਲ ਸਵਾਰ ਔਰਤ ਦੀ ਮੌਤ ਹੋ ਗਈ, ਜਦਕਿ 3 ਬੱਚੇ ਗੰਭੀਰ ਜ਼ਖਮੀ ਹੋ ਗਏ। ਮ੍ਰਿਤਕਾ ਦੀ ਪਛਾਣ ਪੂਜਾ ਵਜੋਂ ਹੋਈ ਹੈ। ਇਸ ਸਬੰਧੀ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਕਾਰਵਾਈ ਕਰਦਿਆਂ ਬੱਸ ਨੂੰ ਕਬਜ਼ੇ ਵਿਚ ਲੈ ਲਿਆ ਹੈ।

ਜਾਣਕਾਰੀ ਮੁਤਾਬਕ ਮੋਟਰਸਾਈਕਲ ’ਤੇ 6 ਲੋਕ ਸਵਾਰ ਸਨ। ਮਨਦੀਪ ਸਿੰਘ ਨੇ ਦੱਸਿਆ ਕਿ ਉਹ ਆਪਣੀ ਭੈਣ ਪੂਜਾ, ਪਤਨੀ ਰਾਜਵਿੰਦਰ ਕੌਰ ਅਤੇ 3 ਬੱਚਿਆਂ ਨਾਲ ਬਟਾਲਾ ਵਿਖੇ ਕੱਪੜਿਆਂ ਦੀ ਖਰੀਦਦਾਰੀ ਕਰਨ ਆਇਆ ਹੋਇਆ ਸੀ। ਜਦੋਂ ਉਹ ਵਾਪਸ ਪਿੰਡ ਮਰਾੜ ਨੂੰ ਜਾ ਰਿਹਾ ਸੀ ਤਾਂ ਅੰਮ੍ਰਿਤਸਰ ਰੋਡ ’ਤੇ ਇਕ ਸਰਕਾਰੀ ਬੱਸ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਹਾਦਸੇ ’ਚ ਉਸ ਦੀ ਭੈਣ ਪੂਜਾ ਦੀ ਮੌਤ ਹੋ ਗਈ, ਜਦੋਂਕਿ ਉਹ, ਉਸ ਦੀ ਪਤਨੀ ਰਾਜਵਿੰਦਰ ਕੌਰ, ਬੱਚੇ ਨਵਨੀਤ, ਜਸਕਰਨ ਅਤੇ ਜਸਲੀਨ ਜ਼ਖ਼ਮੀ ਹੋ ਗਏ।

ਹਾਦਸੇ ਤੋਂ ਬਾਅਦ ਭੱਜਣ ਦੀ ਕੋਸ਼ਿਸ਼ ਕਰ ਰਹੇ ਬੱਸ ਚਾਲਕ ਨੂੰ ਲੋਕਾਂ ਨੇ ਫੜ ਲਿਆ ਤੇ ਕੁੱਟਮਾਰ ਕੀਤੀ। ਜਾਣਕਾਰੀ ਦਿੰਦਿਆਂ ਥਾਣਾ ਸਿਵਲ ਲਾਈਨ ਦੇ ਐੱਸਐੱਚਓ ਸੁਖਰਾਜ ਸਿੰਘ ਨੇ ਦੱਸਿਆ ਕਿ ਹਾਦਸੇ ਦੀ ਸੂਚਨਾ ਮਿਲਦਿਆਂ ਹੀ ਉਹ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪੁੱਜੇ। ਪੁਲਿਸ ਵੱਲੋਂ ਮ੍ਰਿਤਕ ਪੂਜਾ ਦੇ ਭਰਾ ਮਨਦੀਪ ਦੇ ਬਿਆਨਾਂ ’ਤੇ ਬੱਸ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।