ਲੁਧਿਆਣਾ | ਸਵਾਰੀਆਂ ਨੂੰ ਮੰਜ਼ਿਲ ‘ਤੇ ਛੱਡਣ ਦੀ ਬਜਾਏ ਸੁੰਨਸਾਨ ਥਾਂ ‘ਤੇ ਲਿਜਾ ਕੇ ਦਾਤ ਦੀ ਨੋਕ ‘ਤੇ ਉਨ੍ਹਾਂ ਕੋਲੋਂ ਨਕਦੀ ਅਤੇ ਮੋਬਾਇਲ ਲੁੱਟਣ ਵਾਲੇ ਦੋ ਨੌਜਵਾਨਾਂ ਨੂੰ ਥਾਣਾ ਕੋਤਵਾਲੀ ਦੀ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ| ਮੁਲਜ਼ਮਾਂ ਦੀ ਪਛਾਣ ਪਿੰਡ ਜੱਸੀਆਂ ਦੇ ਵਾਸੀ ਵਿਸ਼ਾਲ ਭੰਡਾਰੀ ਅਤੇ ਸਲੇਮ ਟਾਬਰੀ ਦੇ ਰਹਿਣ ਵਾਲੇ ਰਾਜ ਕੁਮਾਰ ਵਜੋਂ ਹੋਈ ਹੈ| ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ‘ਚੋਂ ਇਕ ਈ-ਰਿਕਸ਼ਾ, ਪੰਜ ਮੋਬਾਇਲ ਅਤੇ 2 ਹਜ਼ਾਰ ਰੁਪਏ ਦੀ ਨਕਦੀ ਬਰਾਮਦ ਕੀਤੀ ਹੈ ।

ਜਾਣਕਾਰੀ ਦਿੰਦਿਆ ਏਐਸਆਈ ਬਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਨੂੰ ਭਰੋਸੇਯੋਗ ਸੂਤਰਾਂ ਤੋਂ ਜਾਣਕਾਰੀ ਮਿਲੀ ਕਿ ਮੁਲਜ਼ਮ ਈ ਰਿਕਸ਼ਾ ਚਲਾਉਂਦੇ ਹਨ ਅਤੇ ਰਾਹਗੀਰਾਂ ਨੂੰ ਆਪਣੇ ਈ ਰਿਕਸ਼ਾ ਵਿੱਚ ਬਿਠਾ ਕੇ ਦਾਤ ਦੀ ਨੋਕ ਤੇ ਉਨ੍ਹਾਂ ਕੋਲੋਂ ਨਕਦੀ, ਮੋਬਾਈਲ ਫੋਨ ਅਤੇ ਹੋਰ ਸਾਮਾਨ ਲੁੱਟ ਲੈਂਦੇ ਹਨ| ਪੁਲਿਸ ਨੂੰ ਪਤਾ ਲੱਗਾ ਕਿ ਮੁਲਜ਼ਮਾਂ ਨੇ ਹਾਲ ਹੀ ਵਿੱਚ ਕਈ ਵਾਰਦਾਤਾਂ ਨੂੰ ਅੰਜਾਮ ਦਿੱਤਾ ਹੈ ਅਤੇ ਉਹ ਲੁੱਟ ਖੋਹ ਦੀ ਵਾਰਦਾਤ ਨੂੰ ਅੰਜਾਮ ਦੇਣ ਲਈ ਇਸਲਾਮ ਗੰਜ ਵਾਲੇ ਪਾਸਿਓਂ ਰੇਲਵੇ ਸਟੇਸ਼ਨ ਵੱਲ ਆ ਰਹੇ ਹਨ ।

ਜਾਣਕਾਰੀ ਤੋਂ ਬਾਅਦ ਪੁਲਿਸ ਪਾਰਟੀ ਨੇ ਲੋਕਲ ਅੱਡੇ ਦੇ ਲਾਗੇ ਨਾਕਾਬੰਦੀ ਕਰਕੇ ਈ ਰਿਕਸ਼ਾ ਸਵਾਰ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ| ਤਲਾਸ਼ੀ ਦੇ ਦੌਰਾਨ ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਚੋਂ 2 ਹਜ਼ਾਰ ਰੁਪਏ ਦੀ ਨਕਦੀ ਅਤੇ5 ਮੋਬਾਈਲ ਫੋਨ ਬਰਾਮਦ ਕੀਤੇ । ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਦੀ ਪੁੱਛ-ਗਿੱਛ ਦੌਰਾਨ ਕਈ ਖੁਲਾਸੇ ਹੋ ਸਕਦੇ ਹਨ| ਮੰਗਲਵਾਰ ਦੁਪਹਿਰ ਤੋਂ ਬਾਅਦ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ। ਫਿਲਹਾਲ ਪੁਲਿਸ ਨੇ ਦੋਵਾਂ ਮੁਲਜ਼ਮਾਂ ਖਿਲਾਫ ਐਫ ਆਈ ਆਰ ਦਰਜ ਕਰ ਲਈ ਹੈ|