ਲੁਧਿਆਣਾ, 30 ਅਕਤੂਬਰ| ਲੁਧਿਆਣਾ ਦੇ ਤਾਜਪੁਰ ਰੋਡ ‘ਤੇ ਸਥਿਤ ਸੰਜੇ ਗਾਂਧੀ ਕਾਲੋਨੀ ‘ਚ ਮੰਗਲਵਾਰ ਸਵੇਰੇ ਇਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ। ਸ਼ੱਕ ਹੈ ਕਿ ਕਤਲ ਲੁੱਟ ਦੀ ਨੀਅਤ ਨਾਲ ਕੀਤਾ ਗਿਆ ਹੈ। ਘਟਨਾ ਦਾ ਪਤਾ ਉਦੋਂ ਲੱਗਾ ਜਦੋਂ ਇਕ ਰਾਹਗੀਰ ਨੇ ਨੌਜਵਾਨ ਨੂੰ ਖੂਨ ਨਾਲ ਲੱਥਪੱਥ ਪਿਆ ਦੇਖਿਆ। ਉਸ ਨੇ ਤੁਰੰਤ ਪੁਲਸ ਨੂੰ ਮਾਮਲੇ ਦੀ ਸੂਚਨਾ ਦਿੱਤੀ।
ਸੂਚਨਾ ਮਿਲਣ ਤੋਂ ਬਾਅਦ ਥਾਣਾ ਡਿਵੀਜ਼ਨ ਨੰਬਰ 7 ਦੀ ਪੁਲਿਸ ਮੌਕੇ ’ਤੇ ਪੁੱਜ ਗਈ। ਪੁਲਿਸ ਨੇ ਜਾਂਚ ਤੋਂ ਬਾਅਦ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਜਾਣਕਾਰੀ ਮੁਤਾਬਕ ਸੰਜੇ ਗਾਂਧੀ ਕਾਲੋਨੀ ਇਲਾਕੇ ਦਾ ਰਹਿਣ ਵਾਲਾ ਦਿਨੇਸ਼ ਕੁਮਾਰ ਲਿਵ-ਇਨ ਰਿਲੇਸ਼ਨਸ਼ਿਪ ‘ਚ ਰਹਿ ਰਿਹਾ ਸੀ। ਉਹ ਆਪਣੇ ਘਰ ਦੇ ਨੇੜੇ ਫਾਸਟ ਫੂਡ ਦੀ ਦੁਕਾਨ ਚਲਾਉਂਦਾ ਸੀ। ਮੰਗਲਵਾਰ ਸਵੇਰੇ ਘਰ ਦੇ ਬਾਹਰ ਖੜ੍ਹਾ ਸੀ ਕਿ ਇਸ ਦੌਰਾਨ ਅਣਪਛਾਤੇ ਕਾਤਲਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਉਸ ਦਾ ਕਤਲ ਕਰ ਦਿੱਤਾ।
ਪੁਲਿਸ ਦਾ ਕਹਿਣਾ ਹੈ ਕਿ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਇਹ ਕਤਲ ਕਦੋਂ ਅਤੇ ਕਿਸ ਨੇ ਕੀਤਾ। ਇਲਾਕਾ ਨਿਵਾਸੀਆਂ ਦਾ ਦੋਸ਼ ਹੈ ਕਿ ਇੱਥੇ ਲੁੱਟ-ਖੋਹ ਦੀਆਂ ਕਈ ਵਾਰਦਾਤਾਂ ਹੋ ਚੁੱਕੀਆਂ ਹਨ। ਪੀਸੀਆਰ ਇਲਾਕੇ ਵਿੱਚ ਗਸ਼ਤ ਨਹੀਂ ਕਰਦੀ।