ਲੁਧਿਆਣਾ | ਕੱਟੜਪੰਥੀਆਂ ਵੱਲੋਂ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤਰੇ ਤੇ ਲੁਧਿਆਣਾ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। MP ਵੱਲੋਂ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ। ਦੱਸ ਦਈਏ ਕਿ ਰਵਨੀਤ ਬਿੱਟੂ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਖਿਲਾਫ ਖੁੱਲ੍ਹ ਕੇ ਬੋਲਦੇ ਹਨ। ਇਸੇ ਕਰਕੇ ਉਨ੍ਹਾਂ ਨੂੰ ਪਹਿਲਾਂ ਵੀ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਦੀਆਂ ਰਹੀਆਂ ਹਨ। ਰਵਨੀਤ ਬਿੱਟੂ ਦਾ ਕਹਿਣਾ ਹੈ ਕਿ ਉਹ ਅਜਿਹੀਆਂ ਧਮਕੀਆਂ ਤੋਂ ਡਰਨ ਵਾਲੇ ਨਹੀਂ ਹਨ।
ਰਵਨੀਤ ਬਿੱਟੂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਲੈ ਕੇ ਥਾਣਾ ਅਜਨਾਲਾ ਦੇ ਥਾਣੇਦਾਰ ਵੱਲੋਂ ਵੀ ਤਿੱਖਾ ਪ੍ਰਤੀਕਰਮ ਦਿੱਤਾ ਗਿਆ, ਜਿਸ ਦਾ ਅੰਮ੍ਰਿਤਪਾਲ ਨੇ ਵੀ ਸਖ਼ਤ ਸ਼ਬਦਾਂ ਵਿੱਚ ਜਵਾਬ ਦਿੱਤਾ। ਜ਼ਿਕਰਯੋਗ ਹੈ ਕਿ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ ਜਦੋਂ ਸਮਾਜ ਵਿਰੋਧੀ ਅਨਸਰਾਂ ਵਲੋਂ ਬਿੱਟੂ ਨੂੰ ਧਮਕੀ ਦਿੱਤੀ ਗਈ ਹੋਵੇ, ਇਸ ਤੋਂ ਪਹਿਲਾਂ ਵੀ ਕਈ ਵਾਰ ਉਨ੍ਹਾਂ ਨੂੰ ਅਜਿਹੀਆਂ ਧਮਕੀਆਂ ਮਿਲਦੀਆਂ ਰਹੀਆਂ ਹਨ, ਜਿਸ ਦੀ ਸ਼ਿਕਾਇਤ ਉਨ੍ਹਾਂ ਵਲੋਂ ਪੁਲਿਸ ਨੂੰ ਕੀਤੀ ਜਾਂਦੀ ਰਹੀ ਹੈ।
ਬਿੱਟੂ ਨੂੰ ਕੇਂਦਰ ਸਰਕਾਰ ਵੱਲੋਂ ਜ਼ੈੱਡ ਪਲੱਸ ਸੁਰੱਖਿਆ ਮੁਹੱਈਆ ਕਰਵਾਈ ਗਈ ਹੈ। ਸ੍ਰੀ ਅੰਮ੍ਰਿਤਸਰ ਸਾਹਿਬ ‘ਚ ‘ਵਾਰਿਸ ਪੰਜਾਬ ਦੇ’ ਸੰਗਠਨ ਦੇ ਮੁਖੀ ਅੰਮ੍ਰਿਤਪਾਲ ਸਿੰਘ ਤੇ ਸਾਥੀਆਂ ਖਿਲਾਫ ਦਰਜ ਹੋਏ ਕੇਸ ਤੋਂ ਬਾਅਦ ਰਵਨੀਤ ਸਿੰਘ ਬਿੱਟੂ ਅੰਮ੍ਰਿਤਪਾਲ ਖਿਲਾਫ ਬਿਆਨਬਾਜ਼ੀ ਕਰਦੇ ਰਹੇ ਹਨ।
ਮੈਂਬਰ ਪਾਰਲੀਮੈਂਟ ਅਤੇ ਕਾਂਗਰਸ ਦੇ ਸੀਨੀਅਰ ਆਗੂ ਰਵਨੀਤ ਬਿੱਟੂ ਨੂੰ ਇਕ ਵਾਰ ਫਿਰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਜਾਣਕਾਰੀ ਅਨੁਸਾਰ ਰਵਨੀਤ ਬਿੱਟੂ ਨੂੰ ਵਟਸਐੱਪ ’ਤੇ ਵਿਦੇਸ਼ੀ ਨੰਬਰ ਤੋਂ ਕਾਲ ਰਾਹੀਂ ਧਮਕੀ ਦਿੱਤੀ ਗਈ। ਧਮਕੀ ਤੋਂ ਬਾਅਦ ਉਨ੍ਹਾਂ ਨੇ ਲੁਧਿਆਣਾ ਪੁਲਿਸ ਨੂੰ ਸ਼ਿਕਾਇਤ ਦੇ ਦਿੱਤੀ।