ਮਾਨਸਾ| ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਜਿੱਥੇ ਸਿਆਸੀ ਲੀਡਰ ਤੇ ਸਿੱਧੂ ਨੂੰ ਚਾਹੁਣ ਵਾਲੇ ਲਗਾਤਾਰ ਉਨ੍ਹਾਂ ਦੇ ਪਰਿਵਾਰ ਨਾਲ ਦੁਖ ਸਾਂਝਾ ਕਰ ਰਹੇ ਹਨ, ਉੱਥੇ ਹੀ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਬਿਕਰਮ ਮਜੀਠੀਆ ਪਿੰਡ ਮੂਸਾ ਪਹੁੰਚੇ। ਇੱਥੇ ਬਿਕਰਮ ਮਜੀਠੀਆ ਨੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮਜੀਠੀਆ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਆਏ ਹਾਂ। ਉਨ੍ਹਾਂ ਕਿਹਾ ਕਿ ਜੇਲ੍ਹ ਵਿੱਚ ਬਲਵੰਤ ਸਿੰਘ ਰਾਜੋਆਣਾ ‘ਤੇ ਉਹ ਸਿੱਧੂ ਦੀ ਮੌਤ ਤੇ ਕਾਫੀ ਦੁਖੀ ਰਹੇ ਹਨ। ਅੱਜ ਉਨ੍ਹਾਂ ਆਪਣੇ ਤੇ ਰਾਜੋਆਣਾ ਵੱਲੋਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ।
ਮਜੀਠੀਆ ਨੇ ਕਿਹਾ ਕਿ ਸਰਕਾਰ ਪਰਿਵਾਰ ਨੂੰ ਜਲਦ ਇਨਸਾਫ ਦੇਵੇ। ਉਨ੍ਹਾਂ ਕਿਹਾ ਕਿ ਹੁਣ ਹਾਈਕੋਰਟ ਵੱਲੋਂ ਵੀ ਸਰਕਾਰ ਨੂੰ ਝਾੜ ਲਾਈ ਗਈ ਹੈ ਤੇ ਸਾਰੀ ਸਕਿਓਰਿਟੀ ਵਾਪਸ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਦੀ ਸਕਿਓਰਿਟੀ ਕਿਸ ਨੇ ਵਾਪਸ ਲਈ ਸੀ, ਉਸ ਖਿਲਾਫ ਕਾਰਵਾਈ ਹੋਣੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਸਕਿਓਰਿਟੀ ਵਾਪਸ ਹੋ ਗਈ ਪਰ ਅੱਜ ਸਿੱਧੂ ਮੂਸੇਵਾਲਾ ਵਾਪਸ ਨਹੀਂ ਆਏਗਾ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਨੂੰ ਇਨਸਾਫ ਦੁਆਉਣ ਲਈ ਸ਼੍ਰੋਮਣੀ ਅਕਾਲੀ ਦਲ ਹਰ ਤਰ੍ਹਾਂ ਦਾ ਸਹਿਯੋਗ ਦੇਵੇਗਾ।