ਜੇਲ੍ਹ ਤੋਂ ਬਾਹਰ ਆਏ ਮਜੀਠੀਆ ਅੱਜ ਜਾਣਗੇ ਖਟਕੜਕਲਾਂ, ਸ਼ਹੀਦ ਭਗਤ ਸਿੰਘ ਦੇ ਪਿੰਡ ਜਾ ਕੇ ਹੋਣਗੇ ਨਤਮਸਤਕ

0
371

ਚੰਡੀਗੜ੍ਹ। ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਅੱਜ ਖਟਕੜਕਲਾਂ ਜਾਣਗੇ ਜਿੱਥੇ ਉਨ੍ਹਾਂ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ ।ਉੱਥੇ ਹੀ ਇਸ ਤੋਂ ਇਲਾਵਾ ਜਲੰਧਰ-ਅੰਮ੍ਰਿਤਸਰ ‘ਚ ਵੀ ਉਨ੍ਹਾਂ ਦੇ ਸਵਾਗਤ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।

ਜਾਣਕਾਰੀ ਮੁਤਾਬਕ ਚੰਡੀਗੜ੍ਹ ਤੋਂ ਸਵੇਰੇ ਉਹ 9.30 ਵਜੇ ਰਵਾਨਾ ਹੋਣਗੇ ਅਤੇ ਸਵੇਰੇ 11 ਵਜੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਵਿਖੇ ਮੱਥਾ ਟੇਕਣਗੇ। ਇਸ ਤੋਂ ਬਾਅਦ ਉਹ ਕਰੀਬ ਤਿੰਨ ਵਜੇ ਸ੍ਰੀ ਅੰਮ੍ਰਿਤਸਰ ਸਾਹਿਬ ਗੋਲਡਨ ਗੇਟ ਪੁੱਜਣਗੇ ਜਿੱਥੋਂ ਉਹ ਸ੍ਰੀ ਦਰਬਾਰ ਸਾਹਿਬ ਵੀ ਜਾ ਕੇ ਨਤਮਸਤਕ ਹੋਣਗੇ।

ਜ਼ਿਕਰਯੋਗ ਹੈ ਕਿ ਨਸ਼ਿਆਂ ਨਾਲ ਸਬੰਧਤ ਕੇਸ ਵਿੱਚ ਅੱਜ ਸਵੇਰੇ ਪੰਜਾਬ ਹਰਿਆਣਾ ਹਾਈਕੋਰਟ ਵੱਲੋਂ ਮਜੀਠੀਆ ਨੂੰ 10 ਅਗਸਤ ਨੂੰ ਸ਼ਰਤਾਂ ਸਹਿਤ ਜ਼ਮਾਨਤ ਦਿੱਤੀ ਗਈ ਹੈ। ਜਸਟਿਸ ਐਮਐਸ ਰਾਮਚੰਦਰ ਰਾਓ ਤੇ ਜਸਟਿਸ ਸੁਰੇਸ਼ਵਰ ਠਾਕੁਰ ਦੀ ਬੈਂਚ ਨੇ ਪੰਦਰਵਾੜੇ ਤੋਂ ਵੀ ਘੱਟ ਸਮਾਂ ਪਹਿਲਾਂ ਫੈਸਲਾ ਸੁਰੱਖਿਅਤ ਰੱਖ ਲਿਆ ਸੀ।

ਮਜੀਠੀਆ ਨੇ ਪਿਛਲੇ ਸਾਲ 20 ਦਸੰਬਰ ਨੂੰ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ ਐਕਟ ਦੀਆਂ ਧਾਰਾਵਾਂ ਤਹਿਤ ਦਰਜ ਕੀਤੇ ਗਏ ਕੇਸ ਵਿੱਚ ਰੈਗੂਲਰ ਜ਼ਮਾਨਤ ਲਈ ਹਾਈ ਕੋਰਟ ਦਾ ਰੁਖ਼ ਕੀਤਾ ਸੀ। ਮਜੀਠੀਆ ਨੇ ਆਪਣੀ ਪਟੀਸ਼ਨ ਵਿੱਚ ਦਲੀਲ ਦਿੱਤੀ ਸੀ ਕਿ ਸੂਬੇ ਦੀ ਤਤਕਾਲੀ ਕਾਂਗਰਸ ਸਰਕਾਰ ਨੇ ਆਪਣੇ ਸਿਆਸੀ ਵਿਰੋਧੀਆਂ ਵਿਰੁੱਧ ਬਦਲਾ ਲੈਣ ਲਈ ਆਪਣੀ ਤਾਕਤ ਅਤੇ ਅਹੁਦੇ ਦੀ ਦੁਰਵਰਤੋਂ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਤੇ ਪਟੀਸ਼ਨਰ ਉਸ ਦੇ ਨਿਸ਼ਾਨੇ ’ਤੇ ਸੀ।