ਲੁਧਿਆਣਾ। ਇਥੇ ਇਕ ਵੱਡਾ ਹਾਦਸਾ ਵਾਪਰਿਆ ਹੈ। ਗਿਆਸਪੁਰਾ ਇਲਾਕੇ ‘ਚ ਸੂਆ ਰੋਡ ‘ਤੇ ਰਿਹਾਇਸ਼ੀ ਇਲਾਕੇ ਵਿਚ ਬਣੇ ਮਿਲਕ ਬੂਥ ਵਿਚ ਗੈਸ ਲੀਕ ਹੋਣ ਕਾਰਨ ਕੁੱਲ 11 ਵਿਅਕਤੀਆਂ ਦੀ ਮੌਤ ਹੋ ਗਈ। ਜਿਨ੍ਹਾਂ ਵਿੱਚ 5 ਔਰਤਾਂ, 6 ਮਰਦ ਹਨ, ਇਨ੍ਹਾਂ ਵਿੱਚ 10 ਸਾਲ ਅਤੇ 13 ਸਾਲ ਦੇ 2 ਬੱਚੇ ਹਨ। ਗੈਸ ਕਿੱਥੋਂ ਲੀਕ ਹੋਈ, ਇਸ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ।
ਫਾਇਰ ਬ੍ਰਿਗੇਡ ਦੇ ਅਧਿਕਾਰੀ ਅਤੇ ਪੁਲਿਸ ਅਧਿਕਾਰੀ ਮੌਕੇ ‘ਤੇ ਮੌਜੂਦ ਹਨ ਅਤੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ। ਪੁਲਿਸ ਨੇ ਇੱਥੇ ਸਥਿਤ ਆਰਤੀ ਕਲੀਨਿਕ ਅਤੇ ਇੱਕ ਹੋਰ ਦੁਕਾਨ ਤੋਂ 10 ਵਿਅਕਤੀਆਂ ਨੂੰ ਸਿਵਲ ਹਸਪਤਾਲ ਪਹੁੰਚਾਇਆ ਹੈ। ਪ੍ਰਸ਼ਾਸਨ ਨੂੰ ਪਤਾ ਲਗਾਉਣ ਵਿਚ ਮੁਸ਼ਕਿਲ ਹੋ ਰਹੀ ਹੈ ਕਿ ਹਾਦਸਾ ਕਿੰਝ ਵਾਪਰਿਆ।

ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਸਾਰੇ ਮਾਮਲੇ ਦੀ ਪੜਤਾਲ ਲਈ ਐਨਡੀਆਰਐਫ ਦੀ ਟੀਮ ਨੂੰ ਸੱਦਿਆ ਗਿਆ ਹੈ। ਲੁਧਿਆਣਾ ਪਹੁੰਚਣ ਤੋਂ ਐਨਡੀਆਰਐਫ ਦੀ ਟੀਮ ਸਾਰੇ ਮਾਮਲੇ ਦੀ ਪੜਤਾਲ ਕਰਕੇ ਹਾਦਸੇ ਦੇ ਅਸਲ ਕਾਰਨਾਂ ਦਾ ਪਤਾ ਲਗਾਏਗੀ। ਦੱਸਿਆ ਜਾ ਰਿਹਾ ਹੈ ਕਿ ਆਸ-ਪਾਸ ਦੇ ਘਰਾਂ ਦੇ ਲੋਕ ਆਪਣੇ ਘਰਾਂ ਵਿਚ ਬੇਹੋਸ਼ ਹੋ ਗਏ ਹਨ ਅਤੇ ਕੋਈ ਵੀ ਉਥੇ ਜਾਣ ਦੇ ਯੋਗ ਨਹੀਂ ਹੈ। ਸੂਤਰਾਂ ਅਨੁਸਾਰ ਗੈਸ ਲੀਕ ਹੋਣ ਕਾਰਨ ਜੋ ਵੀ 300 ਮੀਟਰ ਦੇ ਘੇਰੇ ਵਿੱਚ ਜਾ ਰਿਹਾ ਹੈ, ਉਸ ਨੂੰ ਸਾਹ ਲੈਣ ਵਿੱਚ ਮੁਸ਼ਕਲ ਆ ਰਹੀ ਹੈ ਅਤੇ ਉਹ ਵਾਪਸ ਆ ਰਿਹਾ ਹੈ।
ਪੁਲਿਸ ਅਤੇ ਸਿਵਲ ਪ੍ਰਸ਼ਾਸਨਿਕ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ ਅਤੇ ਉੱਥੇ ਰਾਹਤ ਕਾਰਜ ਕੀਤੇ ਜਾ ਰਹੇ ਹਨ। ਮੌਕੇ ‘ਤੇ ਸਮਾਜਿਕ ਸੰਸਥਾਵਾਂ ਦੀਆਂ ਐਂਬੂਲੈਂਸਾਂ ਵੀ ਪਹੁੰਚ ਗਈਆਂ ਹਨ ਅਤੇ ਬੇਹੋਸ਼ ਹੋਏ ਲੋਕਾਂ ਨੂੰ ਉਥੋਂ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।