ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ, ਸਰਹੱਦ ਪਾਰੋਂ ਆਈ 39 ਕਿਲੋ ਹੈਰੋਇਨ ਤੇ 10 ਪਿਸਤੌਲ ਬਰਾਮਦ

0
14

ਅੰਮ੍ਰਿਤਸਰ । ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਅਤੇ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਸਰਹੱਦ ਪਾਰੋਂ ਨਸ਼ੇ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਇੱਕ ਵੱਡੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਵੱਖ-ਵੱਖ ਕਾਰਵਾਈਆਂ ਦੌਰਾਨ 38 ਕਿਲੋ 962 ਗ੍ਰਾਮ ਹੈਰੋਇਨ, 10 ਆਧੁਨਿਕ ਪਿਸਤੌਲ, 102 ਜ਼ਿੰਦਾ ਕਾਰਤੂਸ ਅਤੇ ਅੱਧਾ ਕਿਲੋ ਤੋਂ ਵੱਧ ਅਫ਼ੀਮ ਬਰਾਮਦ ਕੀਤੀ ਹੈ। ਇਸ ਮਾਮਲੇ ਵਿੱਚ ਇੱਕ ਨਾਬਾਲਗ ਸਮੇਤ ਕੁੱਲ 7 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਬਾਰਡਰ ਰੇਂਜ ਦੇ IG ਗੁਰਪ੍ਰੀਤ ਸਿੰਘ ਭੁੱਲਰ ਨੇ ਪ੍ਰੈੱਸ ਕਾਨਫਰੰਸ ਦੌਰਾਨ ਇਸ ਕਾਰਵਾਈ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਕਾਰਵਾਈ ਅੰਮ੍ਰਿਤਸਰ ਦਿਹਾਤੀ ਦੇ SSP ਕੰਵਲਪ੍ਰੀਤ ਸਿੰਘ ਚਾਹਲ ਦੀ ਅਗਵਾਈ ਅਤੇ ਨਿਗਰਾਨੀ ਹੇਠ ਕੀਤੀ ਗਈ। ਪੁਲਿਸ ਟੀਮਾਂ ਨੇ ਭਿੰਡੀ ਸੈਦਾਂ, ਲੋਪੋਕੇ, ਘਰਿੰਡਾ ਅਤੇ ਅਜਨਾਲਾ ਥਾਣਿਆਂ ਅਧੀਨ ਆਉਂਦੇ ਸਰਹੱਦੀ ਇਲਾਕਿਆਂ ਵਿੱਚ ਲਗਾਤਾਰ ਛਾਪੇਮਾਰੀ ਕਰਕੇ ਇਹ ਬਰਾਮਦਗੀ ਕੀਤੀ। ਲੋਪੋਕੇ ਇਲਾਕੇ ਵਿੱਚ ਦੋ ਵੱਖ-ਵੱਖ ਥਾਵਾਂ ਤੋਂ ਵੱਡੀ ਮਾਤਰਾ ਵਿੱਚ ਨਸ਼ਾ ਅਤੇ ਹਥਿਆਰ ਬਰਾਮਦ ਕੀਤੇ ਗਏ।

ਡਰੋਨ ਰਾਹੀਂ ਭਾਰਤੀ ਸਰਹੱਦ ਵਿੱਚ ਭੇਜੀ ਜਾ ਰਹੀ ਨਸ਼ੇ ਅਤੇ ਹਥਿਆਰਾਂ ਦੀ ਖੇਪ

IG ਭੁੱਲਰ ਨੇ ਦੱਸਿਆ ਕਿ ਪਾਕਿਸਤਾਨੀ ਹੈਂਡਲਰ ਅਤੇ ਤਸਕਰ ਡਰੋਨਾਂ ਰਾਹੀਂ ਭਾਰਤੀ ਸਰਹੱਦ ਵਿੱਚ ਨਸ਼ੇ ਅਤੇ ਹਥਿਆਰਾਂ ਦੀ ਖੇਪ ਭੇਜ ਰਹੇ ਹਨ। ਇਸ ਤੋਂ ਇਲਾਵਾ ਉਹ ਸੋਸ਼ਲ ਮੀਡੀਆ ਐਪਸ ਰਾਹੀਂ ਪੰਜਾਬ ਦੇ ਗਰੀਬ ਅਤੇ ਬੇਰੁਜ਼ਗਾਰ ਨੌਜਵਾਨਾਂ ਨਾਲ ਸੰਪਰਕ ਕਰਦੇ ਹਨ। ਉਨ੍ਹਾਂ ਨੂੰ ਵਿਦੇਸ਼ ਭੇਜਣ ਦੇ ਸੁਪਨੇ ਦਿਖਾ ਕੇ ਅਤੇ ਪੈਸਿਆਂ ਦਾ ਲਾਲਚ ਦੇ ਕੇ ਗੈਰ-ਕਾਨੂੰਨੀ ਧੰਦੇ ਵਿੱਚ ਸ਼ਾਮਲ ਕੀਤਾ ਜਾਂਦਾ ਹੈ।

ਕੁਖ਼ਿਆਤ ਤਸਕਰ ਕਰਨ ਛਾਟਾ ਦਾ ਕਰੀਬੀ ਵੀ ਗ੍ਰਿਫ਼ਤਾਰ

ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਵਿੱਚ ਲਕਸ਼ੈ ਖੱਤਰੀ ਵਾਸੀ ਘਨੂਪੁਰ ਕਾਲੇ, ਛੇਹਰਟਾ ਵੀ ਸ਼ਾਮਲ ਹੈ। IG ਮੁਤਾਬਕ ਲਕਸ਼ੈ ਖੱਤਰੀ ਕੁਖ਼ਿਆਤ ਤਸਕਰ ਕਰਨ ਛਾਟਾ ਦਾ ਮੁੱਖ ਗਰਾਊਂਡ ਆਪਰੇਟਿਵ ਹੈ ਅਤੇ ਪਹਿਲਾਂ ਵੀ ਕਈ ਅਪਰਾਧਿਕ ਮਾਮਲਿਆਂ ਵਿੱਚ ਸ਼ਾਮਲ ਰਿਹਾ ਹੈ। ਉਸ ਨੇ ਆਪਣੇ ਗੁਆਂਢ ਵਿੱਚ ਰਹਿਣ ਵਾਲੇ ਇੱਕ ਨਾਬਾਲਗ ਨੂੰ ਪੈਸਿਆਂ ਦਾ ਲਾਲਚ ਦੇ ਕੇ ਇਸ ਗੈਰ-ਕਾਨੂੰਨੀ ਧੰਦੇ ਵਿੱਚ ਸ਼ਾਮਲ ਕੀਤਾ ਸੀ।

IG ਭੁੱਲਰ ਨੇ ਨੌਜਵਾਨਾਂ ਅਤੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਗਲਤ ਸੰਗਤ ਅਤੇ ਜਲਦੀ ਪੈਸਾ ਕਮਾਉਣ ਦੇ ਲਾਲਚ ਤੋਂ ਬਚਣ ਅਤੇ ਮਿਹਨਤ ਦਾ ਰਾਹ ਅਪਣਾਉਣ।

CASO ਆਪ੍ਰੇਸ਼ਨ ਦੌਰਾਨ 109 ਸ਼ੱਕੀ ਵਿਅਕਤੀ ਹਿਰਾਸਤ ਵਿੱਚ

IG ਨੇ ਦੱਸਿਆ ਕਿ ਸਰਹੱਦੀ ਇਲਾਕਿਆਂ ਵਿੱਚ ਨਸ਼ਾ ਤਸਕਰਾਂ ਖ਼ਿਲਾਫ਼ ਵਿਸ਼ੇਸ਼ ਕੋਰਡਨ ਐਂਡ ਸਰਚ ਆਪ੍ਰੇਸ਼ਨ (CASO) ਵੀ ਚਲਾਇਆ ਜਾ ਰਿਹਾ ਹੈ। ਇਸ ਤਹਿਤ ਹੁਣ ਤੱਕ 109 ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ 10 ਪਿਸਤੌਲਾਂ ਦੇ ਨਾਲ 102 ਜ਼ਿੰਦਾ ਕਾਰਤੂਸਾਂ ਦੀ ਬਰਾਮਦਗੀ ਅਹਿਮ ਹੈ, ਕਿਉਂਕਿ ਇਸ ਨਾਲ ਕਈ ਸੰਭਾਵਿਤ ਵਾਰਦਾਤਾਂ ਨੂੰ ਰੋਕਣ ਵਿੱਚ ਮਦਦ ਮਿਲੀ ਹੈ।

BSF ਅਤੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਕੰਮ ਕਰ ਰਹੀ ਪੁਲਿਸ

ਸਰਹੱਦੀ ਸੁਰੱਖਿਆ ਬਾਰੇ IG ਭੁੱਲਰ ਨੇ ਕਿਹਾ ਕਿ ਪੰਜਾਬ ਪੁਲਿਸ, BSF ਅਤੇ ਕੇਂਦਰੀ ਖੁਫ਼ੀਆ ਏਜੰਸੀਆਂ ਆਪਸੀ ਤਾਲਮੇਲ ਨਾਲ ਕੰਮ ਕਰ ਰਹੀਆਂ ਹਨ। ਪਠਾਨਕੋਟ ਅਤੇ ਗੁਰਦਾਸਪੁਰ ਵਿੱਚ ਹਾਲ ਹੀ ਵਿੱਚ ਸ਼ੱਕੀ ਵਾਹਨਾਂ ਨਾਲ ਜੁੜੀਆਂ ਘਟਨਾਵਾਂ ਬਾਰੇ ਉਨ੍ਹਾਂ ਦੱਸਿਆ ਕਿ ਪੁਲਿਸ ਨੂੰ ਅਹਿਮ ਸੁਰਾਗ ਮਿਲੇ ਹਨ। ਹਾਲਾਂਕਿ, ਦੋਵਾਂ ਘਟਨਾਵਾਂ ਵਿਚਾਲੇ ਅਜੇ ਤੱਕ ਕੋਈ ਸਿੱਧਾ ਸਬੰਧ ਸਾਹਮਣੇ ਨਹੀਂ ਆਇਆ। ਸਬੰਧਤ ਜ਼ਿਲ੍ਹਿਆਂ ਦੇ SSP ਮਾਮਲਿਆਂ ਦੀ ਜਾਂਚ ਕਰ ਰਹੇ ਹਨ।

IG ਭੁੱਲਰ ਨੇ ਇਸ ਕਾਰਵਾਈ ਲਈ SSP ਕੰਵਲਪ੍ਰੀਤ ਸਿੰਘ ਚਾਹਲ ਸਮੇਤ ਪੁਲਿਸ ਅਧਿਕਾਰੀਆਂ ਅਤੇ ਵੱਖ-ਵੱਖ ਟੀਮਾਂ ਦੀ ਸ਼ਲਾਘਾ ਕੀਤੀ।