ਡੇਰਾ ਪ੍ਰੇਮੀਆਂ ਵੱਲੋਂ ਗੁਰਦੁਆਰਾ ਚੋਣਾਂ ਲਈ ਵੋਟਾਂ ਬਣਾਉਣੀਆਂ ਚਿੰਤਾ ਦਾ ਵਿਸ਼ਾ : ਜਥੇ. ਹਰਪ੍ਰੀਤ ਸਿੰਘ

0
628

ਅੰਮ੍ਰਿਤਸਰ, 17 ਅਕਤੂਬਰ| ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਜਨਰਲ ਚੋਣਾਂ ਵਿਚ ਡੇਰਾ ਸਿਰਸਾ ਪ੍ਰੇਮੀਆਂ ਵੱਲੋਂ ਵੱਡੇ ਪੱਧਰ ’ਤੇ ਵੋਟਾਂ ਬਣਾਈਆਂ ਜਾ ਰਹੀਆਂ ਹਨ, ਜਿਸ ਸਬੰਧੀ ਕਈ ਸਿੱਖ ਚਿੰਤਕਾਂ ਅਤੇ ਧਾਰਮਿਕ ਸ਼ਖ਼ਸੀਅਤਾਂ ਨੇ ਇਤਰਾਜ਼ ਵੀ ਪ੍ਰਗਟਾਇਆ ਹੈ।

ਇਸ ਸਬੰਧੀ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਤੋਂ ਬਾਅਦ ਕਿਹਾ ਕਿ ਮਾਮਲਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਿਆਨ ਵਿਚ ਹੈ।

ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਹ ਬਹੁਤ ਹੀ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਪ੍ਰਬੰਧ ਲਈ ਹੋਣ ਵਾਲੀਆਂ ਚੋਣਾਂ ਵਿਚ ਉਸ ਵਿਅਕਤੀ ਨੂੰ ਹੀ ਦਖ਼ਲ ਦੇਣ ਦਾ ਅਧਿਕਾਰ ਹੋਣਾ ਚਾਹੀਦਾ ਹੈ ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਮੰਨਦਾ ਹੋਵੇ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਅਨੁਸਾਰ ਹੀ ਜੀਵਨ ਬਤੀਤ ਕਰਦਾ ਹੋਵੇ।

ਉਨ੍ਹਾਂ ਕਿਹਾ ਕਿ ਧਿਆਨ ਵਿਚ ਆਇਆ ਹੈ ਕਿ ਹਰਿਆਣਾ ਵਿਚ ਵੱਡੇ ਪੱਧਰ ’ਤੇ ਡੇਰਾ ਸਿਰਸਾ ਦੇ ਪ੍ਰੇਮੀ ਵੋਟਾਂ ਬਣਾ ਰਹੇ ਹਨ, ਜੋ ਚਿੰਤਾ ਦਾ ਵਿਸ਼ਾ ਹੈ ਅਤੇ ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

ਜੋ ਵਿਅਕਤੀ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਗੁਰੂ ਨਹੀਂ ਮੰਨਦਾ ਜਾਂ ਸ੍ਰੀ ਅਕਾਲ ਤਖਤ ਸਾਹਿਬ ਦੀ ਰਹਿਤ ਮਰਿਆਦਾ ਅਨੁਸਾਰ ਜੀਵਨ ਬਤੀਤ ਨਹੀਂ ਕਰਦਾ, ਉਸ ਨੂੰ ਵੋਟਰ ਬਣਨ ਦਾ ਅਧਿਕਾਰ ਨਹੀਂ ਹੋ ਸਕਦਾ।