ਨਵਾਂ ਘਰ ਖਰੀਦਣ ਤੋਂ ਬਾਅਦ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਪੁਲਿਸ ਨੇ ਸਸਕਾਰ ਰੋਕ ਕੇ ਕਬਜ਼ੇ ‘ਚ ਲਈ ਲਾਸ਼

0
448

ਗੁਰਦਾਸਪੁਰ, 12 ਦਸੰਬਰ | ਬਟਾਲਾ ‘ਚ ਇਕ ਵਿਅਕਤੀ ਦੀ ਸ਼ੱਕੀ ਹਾਲਾਤਾਂ ‘ਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰਣਜੋਧ ਸਿੰਘ (40) ਵਜੋਂ ਹੋਈ ਹੈ। ਪਰਿਵਾਰ ਵਾਲਿਆਂ ਨੇ ਕਤਲ ਦਾ ਸ਼ੱਕ ਜਤਾਇਆ ਹੈ, ਜਿਸ ਕਾਰਨ ਪੁਲਿਸ ਨੇ ਅੰਤਿਮ ਸੰਸਕਾਰ ਰੁਕਵਾ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਸੂਚਨਾ ਮਿਲਣ ’ਤੇ ਡੀਐਸਪੀ ਸਿਟੀ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪੁੱਜੇ ਅਤੇ ਜਾਂਚ ਸ਼ੁਰੂ ਕੀਤੀ।

ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਰਿਸ਼ਤੇਦਾਰ ਹਰਵਿੰਦਰ ਸਿੰਘ ਨੇ ਦੱਸਿਆ ਕਿ ਉਸ ਦੇ ਮਾਮੇ ਦੀ ਮੌਤ ਹੋ ਗਈ ਸੀ ਅਤੇ ਉਸ ਦੇ ਮਾਮੇ ਦੇ ਲੜਕੇ ਰਣਜੋਧ ਸਿੰਘ ਨੇ 60 ਫੁੱਟੀ ਰੋਡ ’ਤੇ ਨਵਾਂ ਮਕਾਨ ਖਰੀਦਿਆ ਸੀ। ਉਸ ਨੇ ਦੱਸਿਆ ਕਿ ਕੱਲ ਉਨ੍ਹਾਂ ਨੂੰ ਫ਼ੋਨ ਆਇਆ ਕਿ ਰਣਜੋਧ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ ਅਤੇ ਉਸ ਦਾ ਅੰਤਿਮ ਸੰਸਕਾਰ ਔਲਖ ਕਲਾਂ ਵਿਚ ਕੀਤਾ ਜਾ ਰਿਹਾ ਹੈ।

ਜਦੋਂ ਉਹ ਪਿੰਡ ਔਲਖ ਪਹੁੰਚੇ ਤਾਂ ਦੇਖਿਆ ਕਿ ਰਣਜੋਧ ਸਿੰਘ ਦੀ ਗਰਦਨ ‘ਤੇ ਸ਼ੱਕੀ ਨਿਸ਼ਾਨ ਦਿਖਾਈ ਦਿੱਤੇ। ਹਰਵਿੰਦਰ ਸਿੰਘ ਨੇ ਦੋਸ਼ ਲਾਇਆ ਕਿ ਉਸ ਦੇ ਭਰਾ ਦੀ ਮੌਤ ਸ਼ੱਕੀ ਜਾਪਦੀ ਹੈ, ਇਸ ਲਈ ਉਹ ਪੁਲਿਸ ਅਧਿਕਾਰੀਆਂ ਤੋਂ ਉਸ ਦੇ ਭਰਾ ਦੀ ਮੌਤ ਦੇ ਕਾਰਨਾਂ ਦਾ ਪਤਾ ਲਾਉਣ ਦੀ ਮੰਗ ਕਰਦਾ ਹੈ।

ਡੀਐਸਪੀ ਸਿਟੀ ਸੰਜੀਵ ਕੁਮਾਰ ਨੇ ਦੱਸਿਆ ਕਿ ਸੂਚਨਾ ਮਿਲਣ ’ਤੇ ਪੁਲਿਸ ਮੌਕੇ ’ਤੇ ਪੁੱਜ ਗਈ ਸੀ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਜੋ ਵੀ ਤੱਥ ਸਾਹਮਣੇ ਆਉਣਗੇ ਉਸ ਅਨੁਸਾਰ ਕਾਰਵਾਈ ਕੀਤੀ ਜਾਵੇਗੀ।