ਫ਼ਿਰੋਜ਼ਪੁਰ, 4 ਦਸੰਬਰ| ਸਰਕਾਰੀ ਸਕੂਲਾਂ ਲਈ ਜਾਰੀ 1 ਕਰੋੜ 51 ਲੱਖ ਰੁਪਏ ਦੀ ਗ੍ਰਾਂਟ ਦੇ ਗਬਨ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਗੁਰੂਹਰਸਹਾਏ ਦੀ ਪੁਲਿਸ ਨੇ ਗੁਰੂਹਰਸਹਾਏ ਦੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸਮੇਤ 12 ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ। ਮਿਲੀ ਜਾਣਕਾਰੀ ਅਨੁਸਾਰ ਲੇਖਾ ਵਿਭਾਗ ਦਾ ਇਕ ਕਲਰਕ ਆਪਣੇ ਰਿਸ਼ਤੇਦਾਰਾਂ ਦੇ ਖਾਤਿਆਂ ਵਿਚ ਪੈਸੇ ਜਮ੍ਹਾ ਕਰਦਾ ਸੀ।

ਪੁਲਿਸ ਅਨੁਸਾਰ ਪੰਜਾਬ ਸਰਕਾਰ ਨੇ ਗੁਰੂਹਰਸਹਾਏ ਬਲਾਕ ਦੇ ਸਰਕਾਰੀ ਸਕੂਲਾਂ ਦੇ ਵਿਕਾਸ ਲਈ 1 ਕਰੋੜ 51 ਲੱਖ ਰੁਪਏ ਦੀ ਗਰਾਂਟ ਭੇਜੀ ਸੀ। ਸਿੱਖਿਆ ਵਿਭਾਗ ਦੇ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਲੇਖਾ ਵਿਭਾਗ ਦੇ ਮੁਲਾਜ਼ਮ ਸਕੂਲਾਂ ਨੂੰ ਗ੍ਰਾਂਟਾਂ ਭੇਜਣ ਦੀ ਬਜਾਏ ਆਪਣੇ ਰਿਸ਼ਤੇਦਾਰਾਂ ਦੇ ਖਾਤਿਆਂ ਵਿਚ ਪੈਸੇ ਜਮ੍ਹਾਂ ਕਰਵਾ ਦਿੰਦੇ ਸਨ।

ਸਕੂਲਾਂ ਵਿਚ ਗ੍ਰਾਂਟਾਂ ਨਹੀਂ ਵੰਡੀਆਂ ਗਈਆਂ ਅਤੇ ਅਜਿਹਾ ਕਰਕੇ 1 ਕਰੋੜ 51 ਲੱਖ ਰੁਪਏ ਦਾ ਗਬਨ ਕੀਤਾ ਗਿਆ। ਪਹਿਲਾਂ ਸਿੱਖਿਆ ਵਿਭਾਗ ਨੇ ਇਸ ਮਾਮਲੇ ਵਿਚ ਵਿਭਾਗੀ ਕਾਰਵਾਈ ਕੀਤੀ, ਜਿਸ ਤੋਂ ਬਾਅਦ ਮਾਮਲਾ ਪੁਲਿਸ ਨੂੰ ਸੌਂਪ ਦਿੱਤਾ ਗਿਆ। ਜ਼ਿਲ੍ਹਾ ਸਿੱਖਿਆ ਅਫ਼ਸਰ ਸਤੀਸ਼ ਕੁਮਾਰ ਦੀ ਸ਼ਿਕਾਇਤ ’ਤੇ ਥਾਣਾ ਗੁਰੂਹਰਸਹਾਏ ਦੀ ਪੁਲਿਸ ਨੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਗੁਰਮੀਤ ਸਿੰਘ, ਲੇਖਾ ਵਿਭਾਗ ਦੇ ਕਲਰਕ ਚਰਨਜੀਤ ਸਿੰਘ, ਮਹਿੰਦਰ ਸਿੰਘ, ਰਾਕੇਸ਼ ਕੁਮਾਰ ਵਾਸੀ ਕੋਟਲੀ ਰੋਡ ਮੁਕਤਸਰ ਸਮੇਤ 12 ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ।