ਅੰਮ੍ਰਿਤਸਰ, 12 ਜਨਵਰੀ | ਅੰਮ੍ਰਿਤਸਰ ਦੇ ਕੋਰਟ ਰੋਡ ਸਥਿਤ ਹੋਟਲ ਕਿੰਗਜ਼ ਰੂਟ ਵਿੱਚ ਇੱਕ ਵਿਆਹਸ਼ੁਦਾ ਮਹਿਲਾ ਦੀ ਲਾਸ਼ ਮਿਲਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ। ਮ੍ਰਿਤਕ ਮਹਿਲਾ ਦੀ ਪਹਿਚਾਣ ਪ੍ਰਭਜੋਤ ਕੌਰ ਵਜੋਂ ਹੋਈ ਹੈ, ਜੋ ਕਿ ਪਿੰਡ ਵੜੈਚ, ਜ਼ਿਲ੍ਹਾ ਗੁਰਦਾਸਪੁਰ ਦੀ ਰਹਿਣ ਵਾਲੀ ਸੀ। ਇਸ ਮਾਮਲੇ ਵਿੱਚ ਮਹਿਲਾ ਦੇ ਪਤੀ ਮਨਦੀਪ ਸਿੰਘ ਢਿੱਲੋਂ ’ਤੇ ਕਤਲ ਕਰਨ ਦਾ ਗੰਭੀਰ ਸ਼ੱਕ ਜਤਾਇਆ ਜਾ ਰਿਹਾ ਹੈ, ਜੋ ਘਟਨਾ ਤੋਂ ਬਾਅਦ ਫਰਾਰ ਦੱਸਿਆ ਜਾ ਰਿਹਾ ਹੈ।
ਮ੍ਰਿਤਕਾ ਦੇ ਭਰਾ ਲਵਪ੍ਰੀਤ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਉਸ ਦੀ ਭੈਣ ਦੀ ਸ਼ਾਦੀ ਕਰੀਬ ਸੱਤ ਸਾਲ ਪਹਿਲਾਂ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਜੇਠੂਵਾਲ ਵਿੱਚ ਹੋਈ ਸੀ। ਸ਼ੁਰੂਆਤੀ ਸਮੇਂ ਦੌਰਾਨ ਸਭ ਕੁਝ ਠੀਕ ਰਿਹਾ, ਪਰ ਬਾਅਦ ਵਿੱਚ ਪਤੀ ਵੱਲੋਂ ਚਰਿੱਤਰ ’ਤੇ ਸ਼ੱਕ ਕਰਨ ਕਾਰਨ ਘਰੇਲੂ ਝਗੜੇ ਵਧ ਗਏ। ਦੋਵੇਂ ਪਤੀ-ਪਤਨੀ ਆਸਟ੍ਰੇਲੀਆ ਵਿੱਚ ਰਹਿੰਦੇ ਸਨ ਅਤੇ ਹਾਲ ਹੀ ਵਿੱਚ ਪਰਿਵਾਰਕ ਸਮਾਗਮ ਲਈ ਭਾਰਤ ਆਏ ਹੋਏ ਸਨ।
ਲਵਪ੍ਰੀਤ ਸਿੰਘ ਨੇ ਦੱਸਿਆ ਕਿ ਦੋਸ਼ੀ ਪਤੀ ਜ਼ਬਰਦਸਤੀ ਉਸ ਦੀ ਭੈਣ ਨੂੰ ਨਾਲ ਲੈ ਗਿਆ ਅਤੇ ਬਾਅਦ ਵਿੱਚ ਅੰਮ੍ਰਿਤਸਰ ਦੇ ਹੋਟਲ ਵਿੱਚ ਉਸ ਦਾ ਕਤਲ ਕਰ ਦਿੱਤਾ। ਮ੍ਰਿਤਕਾ ਦੇ ਪਿਤਾ ਮੱਖਣ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਧੀ ਦਾ ਵਿਆਹ ਚੰਗੇ ਪਰਿਵਾਰ ਵਿੱਚ ਕੀਤਾ ਗਿਆ ਸੀ ਅਤੇ ਲੰਮੇ ਸਮੇਂ ਤੱਕ ਕੋਈ ਵੱਡਾ ਵਿਵਾਦ ਸਾਹਮਣੇ ਨਹੀਂ ਆਇਆ। ਉਨ੍ਹਾਂ ਦੱਸਿਆ ਕਿ ਆਸਟ੍ਰੇਲੀਆ ਤੋਂ ਆ ਕੇ ਪਰਿਵਾਰਕ ਧਾਰਮਿਕ ਸਮਾਗਮ ਕੀਤੇ ਗਏ ਸਨ, ਪਰ ਇਸ ਤੋਂ ਬਾਅਦ ਇਹ ਦਰਦਨਾਕ ਘਟਨਾ ਵਾਪਰੀ। ਛੇ-ਸੱਤ ਮਹੀਨੇ ਦਾ ਬੱਚਾ ਹੁਣ ਮਾਪਿਆਂ ਤੋਂ ਵੰਞਜਾ ਰਹਿ ਗਿਆ ਹੈ, ਜੋ ਪਰਿਵਾਰ ਲਈ ਸਭ ਤੋਂ ਵੱਡਾ ਦੁੱਖ ਬਣਿਆ ਹੋਇਆ ਹੈ।
ਇਸ ਸਬੰਧੀ ਏਸੀਪੀ ਲਖਵਿੰਦਰ ਸਿੰਘ ਕਲੇਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੁਪਹਿਰ ਕਰੀਬ ਡੇਢ ਵਜੇ 112 ’ਤੇ ਸੂਚਨਾ ਮਿਲੀ ਸੀ ਕਿ ਕੋਰਟ ਰੋਡ ਸਥਿਤ ਇੱਕ ਹੋਟਲ ਵਿੱਚ ਮਹਿਲਾ ਦੀ ਲਾਸ਼ ਪਈ ਹੈ। ਪੁਲਿਸ ਨੇ ਤੁਰੰਤ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ। ਦਸਤਾਵੇਜ਼ਾਂ ਦੇ ਆਧਾਰ ’ਤੇ ਮਹਿਲਾ ਦੀ ਪਹਿਚਾਣ ਕੀਤੀ ਗਈ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ।
ਪੁਲਿਸ ਵੱਲੋਂ ਫਰਾਰ ਦੋਸ਼ੀ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਕਾਨੂੰਨ ਅਨੁਸਾਰ ਦੋਸ਼ੀ ਖ਼ਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ।