ਲੁਧਿਆਣਾ, 3 ਨਵੰਬਰ | ਲੁਧਿਆਣਾ ਦੇ ਜੱਸੀਆਂ ਪਿੰਡ ਨੇੜੇ ਰੇਲਵੇ ਫਾਟਕ ਕੋਲ ਸਥਿਤ ਝੁੱਗੀਆਂ ਵਿੱਚ ਅਚਾਨਕ ਭਿਆਨਕ ਅੱਗ ਲੱਗ ਗਈ। ਦੇਖਦੇ ਹੀ ਦੇਖਦੇ ਅੱਗ ਨੇ ਤੇਜ਼ੀ ਨਾਲ ਫੈਲ ਕੇ ਪ੍ਰਚੰਡ ਰੂਪ ਧਾਰ ਲਿਆ, ਜਿਸ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।
ਜਾਣਕਾਰੀ ਮੁਤਾਬਕ, ਅੱਗ ਦੌਰਾਨ ਇੱਕ ਗੈਸ ਸਿਲੰਡਰ ਵੀ ਫਟ ਗਿਆ, ਜਿਸ ਕਾਰਨ ਅੱਗ ਹੋਰ ਭੜਕ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਮੌਕੇ ’ਤੇ ਪਹੁੰਚੀਆਂ ਅਤੇ ਅੱਗ ਬੁਝਾਉਣ ਦਾ ਕੰਮ ਸ਼ੁਰੂ ਕੀਤਾ।
ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਸਮੇਂ ਸਿਰ ਕਾਰਵਾਈ ਕਰਦਿਆਂ ਅੱਗ ’ਤੇ ਕਾਬੂ ਪਾ ਲਿਆ। ਰਾਹਤ ਦੀ ਗੱਲ ਇਹ ਰਹੀ ਕਿ ਇਸ ਘਟਨਾ ਵਿੱਚ ਕਿਸੇ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ।
ਅੱਗ ਲੱਗਣ ਦੇ ਕਾਰਨਾਂ ਅਤੇ ਹੋਏ ਮਾਲੀ ਨੁਕਸਾਨ ਸਬੰਧੀ ਹੋਰ ਵੇਰਵਿਆਂ ਦੀ ਜਾਣਕਾਰੀ ਸਾਹਮਣੇ ਆਉਣੀ ਬਾਕੀ ਹੈ।







































