ਮੰਤਰੀ ਮੀਤ ਹੇਅਰ ਨੇ ਸੂਬੇ ‘ਚ ਚਾਈਨਾ ਡੋਰ ਵੇਚਣ ਵਾਲਿਆਂ ‘ਤੇ ਸਖਤ ਐਕਸ਼ਨ ਲੈਣ ਦੇ ਦਿੱਤੇ ਹੁਕਮ

0
849

ਚੰਡੀਗੜ੍ਹ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਭਰ ਵਿਚ ਸਾਰੇ ਬੋਰਡਾਂ ਉਤੇ ਪੰਜਾਬੀ ਭਾਸ਼ਾ ਲਿਖਣ ਦੇ ਐਲਾਨ ਨੂੰ ਅਮਲੀਜਾਮਾ ਪਹਿਨਾਉਣ ਲਈ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਇਸ ਮੁਹਿੰਮ ਨੂੰ ਲੋਕ ਲਹਿਰ ਬਣਾਇਆ ਜਾਵੇ। ਇਸ ਤੋਂ ਇਲਾਵਾ ਚਾਈਨਾ ਡੋਰ ਦੀ ਵਰਤੋਂ, ਖਰੀਦ/ਵੇਚ ਉਤੇ ਪਾਬੰਦੀ ਦੇ ਹੁਕਮਾਂ ਦੀ ਸਖਤੀ ਨਾਲ ਪਾਲਣਾ ਲਈ ਚੈਕਿੰਗ ਕਰਨ ਦੇ ਨਿਰਦੇਸ਼ ਦਿੱਤੇ ਹਨ।

ਬੀਤੀ ਸ਼ਾਮ ਸਮੂਹ ਡਿਪਟੀ ਕਮਿਸ਼ਨਰਾਂ ਨਾਲ ਵੀਡਿਓ ਕਾਨਫਰੰਸ ਰਾਹੀਂ ਮੀਟਿੰਗ ਕਰਦਿਆਂ ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਮਾਂ ਬੋਲੀ ਪੰਜਾਬੀ ਨੂੰ ਬਣਦਾ ਸਤਿਕਾਰ ਦੇਣ ਲਈ ਕੌਮਾਂਤਰੀ ਮਾਂ ਬੋਲੀ ਦਿਵਸ ਵਾਲੇ ਦਿਨ 21 ਫਰਵਰੀ ਤੱਕ ਸੂਬੇ ਵਿਚ ਸਮੂਹ ਬੋਰਡਾਂ ਉਤੇ ਮਾਤ ਭਾਸ਼ਾ ਨੂੰ ਪਹਿਲੇ ਨੰਬਰ ਅਤੇ ਉਸ ਤੋਂ ਬਾਅਦ ਦੂਜੀਆਂ ਭਾਸ਼ਾਵਾਂ ਵਿਚ ਲਿਖਣ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਲੋਕ ਲਹਿਰ ਬਣਾਈ ਜਾਵੇ ਅਤੇ ਲੋਕਾਂ ਨੂੰ ਇਸ ਕੰਮ ਲਈ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ 21 ਫਰਵਰੀ ਤੱਕ ਸਾਰੇ ਬੋਰਡਾਂ ਉਤੇ ਪੰਜਾਬੀ ਭਾਸ਼ਾ ਨੂੰ ਪ੍ਰਮੁੱਖਤਾ ਦੇਣੀ ਯਕੀਨੀ ਬਣਾਏ ਜਾਵੇ ਤਾਂ ਜੋ ਇਸ ਤੋਂ ਬਾਅਦ ਸਰਕਾਰ ਨੂੰ ਜੁਰਮਾਨੇ ਲਗਾਉਣ ਦੀ ਲੋੜ ਹੀ ਨਾ ਪਵੇ।

ਉਨ੍ਹਾਂ ਕਿਹਾ ਕਿ ਇਸ ਕੰਮ ਦੀ ਸ਼ੁਰੂਆਤ ਆਪੋ-ਆਪਣੇ ਜ਼ਿਲ੍ਹਿਆਂ ਦੀ ਪ੍ਰਮੁੱਖ ਜਨਤਕ ਥਾਵਾਂ ਅਤੇ ਵੱਡੇ ਬਰਾਂਡੇ ਦੀਆਂ ਦੁਕਾਨਾਂ ਤੇ ਸ਼ਾਪਿੰਗ ਮਾਲ ਤੋਂ ਕੀਤੀ ਜਾਵੇ। ਉਨ੍ਹਾਂ ਪਟਿਆਲਾ ਦੀਆਂ ਜ਼ਿਲਾ ਪੁਲਿਸ ਵੱਲੋਂ ਨਾਮ ਦੀਆਂ ਪਲੇਟਾਂ ਪੰਜਾਬੀ ਵਿਚ ਲਿਖਵਾਉਣ ਦੇ ਉਪਰਾਲੇ ਦੀ ਸ਼ਲਾਘਾ ਕੀਤੀ।ਮੰਤਰੀ ਮੀਤ ਹੇਅਰ ਨੇ ਚਾਈਨਾ ਡੋਰ ਨਾਲ ਹੁੰਦੇ ਜਾਨੀ ਨੁਕਸਾਨ ਅਤੇ ਵਾਪਰਦੀਆਂ ਘਟਨਾਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਇਸ ਦੀ ਪਾਬੰਦੀ ਦੇ ਹੁਕਮਾਂ ਦੀ ਸਖਤੀ ਨਾਲ ਪਾਲਣਾ ਕਰਨ ਦੇ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਅੰਮ੍ਰਿਤਸਰ ਦੇ ਜ਼ਿਲਾ ਪ੍ਰਸ਼ਾਸਨ ਵੱਲੋਂ ਚਾਈਨਾ ਡੋਰ ਦੇ ਵੱਡੀ ਗਿਣਤੀ ਵਿਚ ਕੇਸ ਫੜਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜਿਥੇ ਵੀ ਚਾਈਨਾ ਡੋਰ ਬਰਾਮਦ ਕੀਤੀ ਜਾਂਦੀ ਹੈ, ਤੁਰੰਤ ਉਸ ਨੂੰ ਨਸ਼ਟ ਕੀਤਾ ਜਾਵੇ। ਉਨ੍ਹਾਂ ਨਵੇਂ ਸਾਲ, ਲੋਹੜੀ ਅਤੇ ਬਸੰਤ ਪੰਚਮੀ ਮੌਕੇ ਪਤੰਗ ਉਡਾਉਣ ਦੇ ਰੁਝਾਨ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰਾਂ ਨੂੰ ਚਾਈਨਾ ਡੋਰ ਸਬੰਧੀ ਚੈਕਿੰਗ ਮੁਹਿੰਮ ਤੇਜ਼ ਕਰਨ ਲਈ ਕਿਹਾ।