ਵਿਧਾਇਕ ਕੁੰਵਰ ਵਿਜੇ ਪ੍ਰਤਾਪ ਨੇ ਭਰੋਸਾ ਕਮੇਟੀ ਦੇ ਚੇਅਰਮੈਨ ਦੇ ਅਹੁਦੇ ਤੋਂ ਦਿੱਤਾ ਅਸਤੀਫਾ, ਬੇਅਦਬੀ ਮਾਮਲੇ ‘ਤੇ ਸੁਣਵਾਈ ਨਾ ਹੋਣ ਕਾਰਨ ਸੀ ਨਾਰਾਜ਼

0
282

ਚੰਡੀਗੜ੍ਹ | ਅੰਮ੍ਰਿਤਸਰ ਉੱਤਰੀ ਤੋਂ ‘ਆਪ’ ਵਿਧਾਇਕ ਅਤੇ ਸਾਬਕਾ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਵਿਧਾਨ ਸਭਾ ਦੀ ਭਰੋਸਾ ਕਮੇਟੀ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਆਪਣਾ ਅਸਤੀਫਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਈ-ਮੇਲ ਰਾਹੀਂ ਭੇਜ ਦਿੱਤਾ ਹੈ। ਹਾਲਾਂਕਿ ਅਜੇ ਤੱਕ ਅਸਤੀਫਾ ਸਵੀਕਾਰ ਨਹੀਂ ਕੀਤਾ ਗਿਆ ਹੈ।

ਗੌਰਤਲਬ ਹੈ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਸਰਕਾਰੀ ਭਰੋਸਾ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਸੀ ਪਰ ਵਿਧਾਨ ਸਭਾ ਸੈਸ਼ਨ ਦੌਰਾਨ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਬੇਅਦਬੀ ਮਾਮਲਿਆਂ ਦੀ ਜਾਂਚ ਨੂੰ ਲੈ ਕੇ ਲੰਬੀ ਚਰਚਾ ਦੀ ਮੰਗ ਕੀਤੀ। ਇਸ ਦੇ ਨਾਲ ਹੀ ਚਰਚਾ ਲਈ ਪੂਰਾ ਦਿਨ ਮੁਕੱਰਰ ਕਰਨ ਦੀ ਅਪੀਲ ਵੀ ਕੀਤੀ ਸੀ ਪਰ ਵਿਧਾਨ ਸਭਾ ਵੱਲੋਂ ਇਹ ਮੰਗ ਨਹੀਂ ਮੰਨੀ ਗਈ।

ਭਰੋਸਾ ਕਮੇਟੀ ਨੇ ਪੰਜਾਬ ਦੇ ਮੁੱਖ ਸਕੱਤਰ ਵੀਕੇ ਜੰਜੂਆ ਅਤੇ ਡੀਜੀਪੀ ਗੌਰਵ ਯਾਦਵ ਨੂੰ ਤਲਬ ਕੀਤਾ ਸੀ ਪਰ ਉਸੇ ਦਿਨ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਕਮੇਟੀ ਪ੍ਰਧਾਨਾਂ ਦੀ ਮੀਟਿੰਗ ਬੁਲਾਉਣ ਮਗਰੋਂ ਕੁੰਵਰ ਵਿਜੇ ਨੂੰ ਆਪਣੀ ਮੀਟਿੰਗ ਰੱਦ ਕਰਨੀ ਪਈ। ਮੰਨਿਆ ਜਾ ਰਿਹਾ ਹੈ ਕਿ ਇਸ ਨਾਰਾਜ਼ਗੀ ‘ਚ ਕੁੰਵਰ ਵਿਜੇ ਪ੍ਰਤਾਪ ਨੇ ਆਪਣਾ ਅਸਤੀਫਾ ਭੇਜ ਦਿੱਤਾ ਹੈ।

ਦੱਸ ਦੇਈਏ ਕਿ ਮਾਰਚ 2021 ਵਿੱਚ ਹਾਈਕੋਰਟ ਦੇ ਇੱਕ ਫੈਸਲੇ ਤੋਂ ਬਾਅਦ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਨੌਕਰੀ ਤੋਂ ਅਸਤੀਫਾ ਦੇ ਦਿੱਤਾ ਸੀ। ਫਿਰ ਉਹ ‘ਆਪ’ ‘ਚ ਸ਼ਾਮਲ ਹੋ ਗਏ। ਇਸ ਤੋਂ ਬਾਅਦ ਉਨ੍ਹਾਂ ਨੂੰ ਬੇਅਦਬੀ ਮਾਮਲਿਆਂ ਦੀ ਜਾਂਚ ਲਈ ਬਣਾਈ ਗਈ ਵਿਸ਼ੇਸ਼ ਕਮੇਟੀ ਦਾ ਮੈਂਬਰ ਵੀ ਬਣਾਇਆ ਗਿਆ।