ਸ੍ਰੀ ਮੁਕਤਸਰ ਸਾਹਿਬ ’ਚ ਸਿਵਲ ਡਿਫੈਂਸ ਵੱਲੋਂ ਮੌਕ ਡਰਿਲ, ਐਮਰਜੈਂਸੀ ਹਾਲਾਤਾਂ ਨਾਲ ਨਜਿੱਠਣ ਦੀ ਦਿੱਤੀ ਸਿਖਲਾਈ

0
3

ਡਰੋਨ ਹਮਲੇ ਜਾਂ ਜੰਗ ਵਰਗੇ ਹਾਲਾਤਾਂ ’ਚ ਸਾਇਰਨ ਰਾਹੀਂ ਲੋਕਾਂ ਨੂੰ ਕੀਤਾ ਜਾਵੇਗਾ ਸੁਚੇਤ, ਪ੍ਰਸ਼ਾਸਨ ਨੇ ਘਬਰਾਉਣ ਦੀ ਬਜਾਏ ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਕੀਤੀ ਅਪੀਲ

ਸ੍ਰੀ ਮੁਕਤਸਰ ਸਾਹਿਬ: ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਅਤੇ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤਹਿਤ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਦੀਆਂ ਹਦਾਇਤਾਂ ’ਤੇ ਡਿਪਟੀ ਕਮਿਸ਼ਨਰ ਦਫ਼ਤਰ ਸ੍ਰੀ ਮੁਕਤਸਰ ਸਾਹਿਬ ਵਿਖੇ ਮੌਕ ਡਰਿਲ ਕਰਵਾਈ ਗਈ। ਐਸ.ਡੀ.ਐਮ. ਗੁਰਕਿਰਨਦੀਪ ਸਿੰਘ ਦੀ ਅਗਵਾਈ ਵਿੱਚ ਕਰਵਾਈ ਗਈ ਇਸ ਮੌਕ ਡਰਿਲ ਦਾ ਮਕਸਦ ਲੋਕਾਂ ਨੂੰ ਐਮਰਜੈਂਸੀ ਹਾਲਾਤਾਂ ਨਾਲ ਨਜਿੱਠਣ ਬਾਰੇ ਜਾਣਕਾਰੀ ਦੇਣਾ ਅਤੇ ਸਿਵਲ ਡਿਫੈਂਸ ਦੀਆਂ ਤਿਆਰੀਆਂ ਨੂੰ ਪਰਖਣਾ ਸੀ।

ਇਸ ਮੌਕੇ ਪੰਜਾਬ ਹੋਮ ਗਾਰਡ ਦੇ ਡਿਪਟੀ ਕਮਾਂਡੈਂਟ ਸੁਖਦੇਵ ਸਿੰਘ ਨੇ ਦੱਸਿਆ ਕਿ ਜੇਕਰ ਵਿਦੇਸ਼ੀ ਡਰੋਨ ਰਾਹੀਂ ਹਵਾਈ ਹਮਲਾ ਹੁੰਦਾ ਹੈ ਜਾਂ ਜੰਗ ਵਰਗੀ ਸਥਿਤੀ ਬਣਦੀ ਹੈ ਤਾਂ ਸਭ ਤੋਂ ਪਹਿਲਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉੱਚੀ ਆਵਾਜ਼ ਵਾਲਾ ਸਾਇਰਨ ਵਜਾ ਕੇ ਲੋਕਾਂ ਨੂੰ ਸੁਚੇਤ ਕੀਤਾ ਜਾਂਦਾ ਹੈ। ਅਜਿਹੇ ਹਾਲਾਤਾਂ ਵਿੱਚ ਲੋਕਾਂ ਦੀ ਸੁਰੱਖਿਆ ਲਈ ਫਾਇਰ ਬ੍ਰਿਗੇਡ, ਸਿਹਤ ਵਿਭਾਗ, ਬਿਜਲੀ ਵਿਭਾਗ, ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਮਿਲ ਕੇ ਲੋੜੀਂਦੇ ਕਦਮ ਚੁੱਕੇ ਜਾਂਦੇ ਹਨ।

ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਅਜਿਹੀ ਮੌਕ ਡਰਿਲ ਨੂੰ ਲੈ ਕੇ ਘਬਰਾਉਣ ਦੀ ਲੋੜ ਨਹੀਂ ਹੈ। ਇਹ ਸਿਰਫ਼ ਸਿਵਲ ਡਿਫੈਂਸ ਦੀਆਂ ਤਿਆਰੀਆਂ ਦੀ ਜਾਂਚ ਕਰਨ ਲਈ ਇੱਕ ਰੁਟੀਨ ਅਭਿਆਸ ਹੈ, ਜੋ ਭਵਿੱਖ ਵਿੱਚ ਵੀ ਜਾਰੀ ਰਹੇਗਾ।

ਇਸ ਦੌਰਾਨ ਡਿਪਟੀ ਚੀਫ਼ ਵਾਰਡਨ ਸੁਖਦੇਵ ਸਿੰਘ ਨੇ ਐਮਰਜੈਂਸੀ ਹਾਲਾਤਾਂ ਵਿੱਚ ਜ਼ਖ਼ਮੀਆਂ ਦੀ ਦੇਖਭਾਲ ਅਤੇ ਮੁੱਢਲੀ ਸਹਾਇਤਾ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ। ਮੌਕ ਡਰਿਲ ਵਿੱਚ ਫਾਇਰ ਬ੍ਰਿਗੇਡ, ਸਿਹਤ ਵਿਭਾਗ, ਸਿਵਲ ਡਿਫੈਂਸ ਅਤੇ ਪੰਜਾਬ ਪੁਲਿਸ ਦੀਆਂ ਟੀਮਾਂ ਨੇ ਹਿੱਸਾ ਲਿਆ ਅਤੇ ਵੱਖ-ਵੱਖ ਗਤੀਵਿਧੀਆਂ ਰਾਹੀਂ ਆਪਣੀਆਂ ਤਿਆਰੀਆਂ ਦਾ ਪ੍ਰਦਰਸ਼ਨ ਕੀਤਾ।

ਇਸ ਮੌਕੇ ਜ਼ਿਲ੍ਹਾ ਮਾਲ ਅਫ਼ਸਰ ਲਵਪ੍ਰੀਤ ਕੌਰ, ਡੀਐੱਸਪੀ ਗੁਰਵਿੰਦਰ ਸਿੰਘ, ਮੁਕਤੀਸਰ ਵੈਲਫੇਅਰ ਕਲੱਬ ਦੇ ਜਸਪ੍ਰੀਤ ਸਿੰਘ ਛਾਬੜਾ ਅਤੇ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦੇ ਵੀ ਮੌਜੂਦ ਸਨ।