ਮੋਦੀ ਸਰਕਾਰ ਅੰਤਰਰਾਸ਼ਟੀ ਬਾਜਾਰ ਕੀਮਤਾਂ ਮੁਤਾਬਿਕ ਪੈਟ੍ਰੋਲ-ਡੀਜਲ ਸਸਤਾ ਨਾ ਕਰਕੇ ਜਨਤਾ ਨਾਲ ਧੋਖਾ ਕਰ ਰਹੀ : ਹਰਪਾਲ ਚੀਮਾ

0
1688

ਚੰਡੀਗੜ. ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕੇਂਦਰ ਦੀ ਮੋਦੀ ਸਰਕਾਰ ‘ਤੇ ਲੋਕਾਂ ਦੀ ਥਾਂ ਵੱਡੇ ਕਾਰਪੋਰੇਟ ਘਰਾਣਿਆਂ ਅਤੇ ਤੇਲ ਕੰਪਨੀਆਂ ਨਾਲ ਖੜਨ ਦਾ ਦੋਸ਼ ਲਗਾਇਆ। ਉਹਨਾਂ ਮੰਗ ਕੀਤੀ ਹੈ ਕਿ ਕੇਂਦਰ ਸਰਕਾਰ ਅੰਤਰਰਾਸ਼ਟਰੀ ਬਾਜ਼ਾਰ ‘ਚ ਕੱਚੇ ਤੇਲ ਦੀਆਂ 35 ਤੋਂ 40 ਪ੍ਰਤੀਸ਼ਤ ਤੱਕ ਘਟੀਆਂ ਕੀਮਤਾਂ ਅਨੁਸਾਰ ਦੇਸ਼ ‘ਚ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ਘਟਾਵੇ ਅਤੇ ਲੋਕਾਂ ਨੂੰ ਰਾਹਤ ਦੇਵੇ।
‘ਆਪ’ ਹੈੱਡਕੁਆਟਰ ਤੋਂ ਜਾਰੀ ਸਾਂਝੇ ਬਿਆਨ ਰਾਹੀਂ ਪਾਰਟੀ ਦੇ ਸੀਨੀਅਰ ਆਗੂ ਹਰਪਾਲ ਸਿੰਘ ਚੀਮਾ, ਵਿਧਾਇਕ ਪ੍ਰੋ. ਬਲਜਿੰਦਰ ਕੌਰ, ਕੁਲਵੰਤ ਸਿੰਘ ਪੰਡੋਰੀ, ਮੀਤ ਹੇਅਰ, ਰੁਪਿੰਦਰ ਕੌਰ ਰੂਬੀ ਅਤੇ ਸਾਬਕਾ ਸੰਸਦ ਮੈਂਬਰ ਪ੍ਰੋ. ਸਾਧੂ ਸਿੰਘ ਨੇ ਕਿਹਾ ਕਿ ਮੋਦੀ ਸਰਕਾਰ ਦੀ ਦੇਸ਼ ਦੀ ਜਨਤਾ ਨੂੰ ਮਹਿੰਗਾਈ ਤੋਂ ਨਿਜਾਤ ਦਿਵਾਉਣ ਦੀ ਨਾ ਨੀਅਤ ਹੈ ਅਤੇ ਨਾ ਹੀ ਲੋਕ ਪੱਖੀ ਨੀਤੀ ਹੈ।

‘ਆਪ’ ਆਗੂਆਂ ਨੇ ਮਹਿੰਗਾਈ ਦੇ ਮੁੱਦੇ ‘ਤੇ ਮੋਦੀ ਦੇ ਨਾਲ-ਨਾਲ ਬਾਦਲਾਂ ਵੀ ਕੋਸਿਆ

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜਦੋਂ ਕੱਚੇ ਤੇਲ ਦੀਆਂ ਅੰਤਰਰਾਸ਼ਟਰੀ ਬਾਜ਼ਾਰ ‘ਚ ਕੀਮਤਾਂ ਵਧਣ ਦੇ ਬਹਾਨੇ ਨਾਲ ਦੇਸ਼ ‘ਚ ਰਾਤੋ-ਰਾਤ ਡੀਜ਼ਲ-ਪੈਟਰੋਲ ਅਤੇ ਗੈਸ ਦੀਆਂ ਕੀਮਤਾਂ ਵਧਾ ਦਿੱਤੀਆਂ ਜਾਂਦੀਆਂ ਹਨ ਤਾਂ ਕੱਚੇ ਤੇਲ ਦੀਆਂ ਕੀਮਤਾਂ ਘਟਣ ‘ਤੇ ਦੇਸ਼ ਦੇ ਖਪਤਕਾਰਾਂ ਲਈ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ਘਟਾਈਆਂ ਕਿਉਂ ਨਹੀਂ ਜਾ ਰਹੀਆਂ? ਹਰਪਾਲ ਸਿੰਘ ਚੀਮਾ ਨੇ ਇਸ ਨੂੰ ਸਰਕਾਰ ਵੱਲੋਂ ਹੀ ਦੇਸ਼ ਦੇ ਲੋਕਾਂ ਨਾਲ ਧੋਖਾ ਕਰਾਰ ਦਿੱਤਾ ਅਤੇ ਕਿਹਾ ਕਿ ਮੋਦੀ ਸਰਕਾਰ ਚੰਦ ਕਾਰਪੋਰੇਟ ਘਰਾਣਿਆਂ ਦੀ ਗੋਦੀ ‘ਚ ਬੈਠੀ ਹੈ, ਜੋ ਡੀਜ਼ਲ, ਪੈਟਰੋਲ ਅਤੇ ਗੈਸ ਆਦਿ ਰਾਹੀਂ ਪ੍ਰਤੀ ਦਿਨ ਕਰੋੜਾਂ ਰੁਪਏ ਲੋਕਾਂ ਦੀਆਂ ਜੇਬਾਂ ‘ਚੋਂ ਲੁੱਟ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਕੱਲ੍ਹ ਕੱਚੇ ਤੇਲ ਦੀਆਂ ਕੀਮਤਾਂ 16 ਸਾਲਾਂ ‘ਚ ਸਭ ਤੋਂ ਥੱਲੇ ਡਿੱਗੀਆਂ ਹੋਈਆਂ ਹਨ।

ਪ੍ਰੋ. ਬਲਜਿੰਦਰ ਕੌਰ ਅਤੇ ਮੀਤ ਹੇਅਰ ਨੇ ਕਿਹਾ ਕਿ 2004 ‘ਚ ਪੈਟਰੋਲ 37.84 ਰੁਪਏ, ਡੀਜ਼ਲ 26.28 ਰੁਪਏ ਪ੍ਰਤੀ ਲੀਟਰ ਅਤੇ ਰਸੋਈ ਗੈਸ ਪ੍ਰਤੀ ਸਿਲੰਡਰ 281.60 ਪੈਸੇ ਸੀ। ਮੋਦੀ ਸਰਕਾਰ ਇਸ ਹਿਸਾਬ ਨਾਲ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ‘ਚ 30 ਤੋਂ 40 ਪ੍ਰਤੀਸ਼ਤ ਕਮੀ ਕਰਨ ਦਾ ਫ਼ੈਸਲਾ ਤੁਰੰਤ ਲੈਣਾ ਚਾਹੀਦਾ ਹੈ।

‘ਆਪ’ ਆਗੂਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਲ ਨਾਲ ਕੇਂਦਰੀ ਮੰਤਰੀ ਅਤੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਦੇ ਹਵਾਲੇ ਨਾਲ ਬਾਦਲ ਪਰਿਵਾਰ ਨੂੰ ਵੀ ਰੱਜ ਕੇ ਕੋਸਿਆ।

Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਇਲ ‘ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ  ‘ਤੇ ਕਲਿੱਕ ਕਰੋ।