Moosewala case : ਆਖਰੀ ਸ਼ਾਰਪ ਸ਼ੂਟਰ ਦੀਪਕ ਮੁੰਡੀ ਵੀ ਚੜ੍ਹਿਆ ਪੁਲਿਸ ਦੇ ਹੱਥੇ!

0
6636

ਚੰਡੀਗੜ੍ਹ। ਮੂਸੇਵਾਲਾ ਕਤਲ ਕਾਂਡ ਨੂੰ ਲੈ ਕੇ ਸੂਤਰਾਂ ਦੇ ਹਵਾਲੇ ਨਾਲ ਵੱਡੀ ਖਬਰ ਸਾਹਮਣੇ ਆ ਰਹੀ ਹੈ। ਇਸ ਕਤਲਕਾਂਡ ਦੇ ਆਖਰੀ ਦੋਸ਼ੀ ਸ਼ਾਰਪ ਸ਼ੂਟਰ ਦੀਪਕ ਮੁੰਡੀ ਨੂੰ ਪੰਜਾਬ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਅੱਜ ਸਵੇਰ ਤੋਂ ਹੀ ਅੰਮ੍ਰਿਤਸਰ ਦੇ ਸਰਹੱਦੀ ਖੇਤਰ ਅਟਾਰੀ ਵਿੱਚ ਐਂਟੀ ਗੁੰਡਾ ਟਾਸਕ ਫੋਰਸ (ਏਜੀਟੀਐਫ) ਅਤੇ ਐਸਟੀਐਫ ਦੀ ਕਾਫੀ ਹਲਚਲ ਸੀ। ਦੱਸਿਆ ਜਾ ਰਿਹਾ ਹੈ ਕਿ ਦੋਵਾਂ ਨੇ ਸਾਂਝੇ ਆਪ੍ਰੇਸ਼ਨ ‘ਚ ਮੁੰਡੀ ਨੂੰ ਫੜਨ ‘ਚ ਸਫਲਤਾ ਹਾਸਲ ਕੀਤੀ ਹੈ ਪਰ ਸੀਨੀਅਰ ਅਧਿਕਾਰੀ ਅਜੇ ਇਸ ਬਾਰੇ ਕੁਝ ਵੀ ਕਹਿਣ ਨੂੰ ਤਿਆਰ ਨਹੀਂ ਹਨ।

ਮਹੱਤਵਪੂਰਨ ਗੱਲ ਇਹ ਹੈ ਕਿ ਗੈਂਗਸਟਰ ਮਨਪ੍ਰੀਤ ਸਿੰਘ ਮੰਨੂ ਅਤੇ ਜਗਰੂਪ ਸਿੰਘ ਰੂਪਾ ਦੇ ਐਨਕਾਊਂਟਰ ਤੋਂ ਬਾਅਦ ਮੁੰਡੀ ਹੀ ਇਕੱਲਾ ਸ਼ੂਟਰ ਬਚਿਆ ਸੀ। ਦਿੱਲੀ ਪੁਲਿਸ ਨੇ ਮੂਸੇਵਾਲਾ ਕਤਲ ਕਾਂਡ ਵਿੱਚ ਸ਼ਾਮਲ 3 ਸ਼ਾਰਪਸ਼ੂਟਰਾਂ ਪ੍ਰਿਆਵਰਤ ਫੌਜੀ, ਅੰਕਿਤ ਸਿਰਸਾ ਅਤੇ ਕਸ਼ਿਸ਼ ਉਰਫ਼ ਕੁਲਦੀਪ ਨੂੰ ਗ੍ਰਿਫ਼ਤਾਰ ਕੀਤਾ ਹੈ। ਮੰਨੂੰ ਅਤੇ ਰੂਪਾ ਦੇ ਐਨਕਾਊਂਟਰ ਤੋਂ ਬਾਅਦ ਡਰਿਆ ਹੋਇਆ ਮੁੰਡੀ ਲਗਾਤਾਰ ਆਪਣਾ ਟਿਕਾਣਾ ਬਦਲ ਰਿਹਾ ਸੀ। ਮੰਗਲਵਾਰ ਸਵੇਰੇ ਪੁਲਿਸ ਨੂੰ ਮੁੰਡੀ ਦੇ ਮੌਜੂਦ ਹੋਣ ਦੀ ਸੂਚਨਾ ਮਿਲੀ।

ਫਿਲਹਾਲ ਅਧਿਕਾਰੀ ਗ੍ਰਿਫਤਾਰੀ ਬਾਰੇ ਕੋਈ ਜਾਣਕਾਰੀ ਸਾਂਝੀ ਨਹੀਂ ਕਰ ਰਹੇ ਹਨ ਪਰ ਕੋਈ ਵੀ ਅਧਿਕਾਰੀ ਮੁੰਡੀ ਦੀ ਗ੍ਰਿਫਤਾਰੀ ਤੋਂ ਸਾਫ ਇਨਕਾਰ ਵੀ ਨਹੀਂ ਕਰ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਜਲਦ ਹੀ ਡੀਜੀਪੀ ਦਫ਼ਤਰ ਤੋਂ ਮੁੰਡੀ ਦੀ ਗ੍ਰਿਫ਼ਤਾਰੀ ਦਾ ਐਲਾਨ ਕੀਤਾ ਜਾ ਸਕਦਾ ਹੈ।